ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ’ਚ

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਦਸੰਬਰ ’ਚ

ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ ਦਸੰਬਰ ਦੇ ਦੂਸਰੇ ਹਫ਼ਤੇ ਦੇ ਅਖੀਰ ’ਚ ਹੋਣੀਆਂ ਤੈਅ ਹਨ। ਪੰਜਾਬ ਰਾਜ ਚੋਣ ਕਮਿਸ਼ਨ 25 ਨਵੰਬਰ ਤੋਂ ਬਾਅਦ ਕਿਸੇ ਵੇਲੇ ਚੋਣਾਂ ਦਾ ਐਲਾਨ ਕਰ ਸਕਦਾ ਹੈ। ਅਹਿਮ ਸੂਤਰ ਦੱਸਦੇ ਹਨ ਕਿ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋ ਸਕਦੀਆਂ ਹਨ। ਉਸ ਦਿਨ ਐਤਵਾਰੀ ਛੁੱਟੀ ਵੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਹ ਚੋਣਾਂ ਪੰਜ ਦਸੰਬਰ ਤੱਕ ਕਰਵਾਉਣ ਬਾਰੇ ਪੰਜਾਬ ਤੇ ਹਰਿਆਣਾ ਹਾਈ ਕੋਰਟ ’ਚ ਹਲਫ਼ੀਆ ਬਿਆਨ ਦਾਇਰ ਕੀਤਾ ਹੋਇਆ ਹੈ।

ਗੁਰੂ ਤੇਗ਼ ਬਹਾਦਰ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਖ਼ਤਮ ਹੋਣ ਮਗਰੋਂ ਹੀ ਇਨ੍ਹਾਂ ਚੋਣਾਂ ਦਾ ਐਲਾਨ ਹੋ ਸਕਦਾ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੇ ਜ਼ੋਨਾਂ ਦਾ ਗਠਨ ਕਰ ਦਿੱਤਾ ਹੈ ਅਤੇ ਇਨ੍ਹਾਂ ਜ਼ੋਨਾਂ ਦਾ ਰਾਖਵਾਂਕਰਨ ਵੀ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰਾਂ ਵੱਲੋਂ ਤਿਆਰ ਤਜਵੀਜ਼ਾਂ ਸਬੰਧੀ ਜ਼ੋਨਾਂ ਅਤੇ ਉਨ੍ਹਾਂ ਦੇ ਰਾਖਵੇਂਕਰਨ ਬਾਰੇ ਜ਼ਿਲ੍ਹਾਵਾਰ ਸਰਕਾਰੀ ਨੋਟੀਫ਼ਿਕੇਸ਼ਨ ਲਗਾਤਾਰ ਜਾਰੀ ਹੋ ਰਹੇ ਹਨ।

ਪੰਜਾਬ ਸਰਕਾਰ ਨੇ ਇਸ ਵਾਰ ਬਲਾਕ ਨੂੰ ਇਕਾਈ ਮੰਨ ਕੇ ਰਾਖਵਾਂਕਰਨ ਕੀਤਾ ਹੈ। ਸੂਬਾ ਸਰਕਾਰ ਨੇ ਬਲਾਕਾਂ ਦਾ ਪੁਨਰਗਠਨ ਵੀ ਕੀਤਾ ਹੈ, ਜਿਸ ਨਾਲ ਪਿੰਡਾਂ ਦੀ ਇੱਕ-ਦੂਸਰੇ ਬਲਾਕ ’ਚ ਅਦਲਾ-ਬਦਲੀ ਵੀ ਹੋ ਗਈ ਹੈ। ਸੂਤਰਾਂ ਅਨੁਸਾਰ ਵਿਧਾਇਕਾਂ ਤੇ ਵਜ਼ੀਰਾਂ ਦੇ ਮਸ਼ਵਰੇ ਨਾਲ ਹੀ ਜ਼ੋਨਾਂ ਦੇ ਰਾਖਵੇਂਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ ਹੈ। ਸੂਬੇ ’ਚ 23 ਜ਼ਿਲ੍ਹਾ ਪਰਿਸ਼ਦਾਂ ਅਤੇ 154 ਪੰਚਾਇਤ ਸਮਿਤੀਆਂ ਦੀਆਂ ਚੋਣਾਂ ਹੋਣੀਆਂ ਹਨ। ਇੱਕ ਸੀਨੀਅਰ ਅਧਿਕਾਰੀ ਅਨੁਸਾਰ ਇਹ ਚੋਣਾਂ ਦਸੰਬਰ ਦੇ ਦੂਜੇ ਹਫ਼ਤੇ ਦੇ ਅਖੀਰ ਵਿੱਚ ਹੋਣੀਆਂ ਤੈਅ ਹਨ।