Daily Suraj

ਪੰਜਾਬੀ

ਦਿੱਲੀ ‘ਚ ਕਾਂਗਰਸ ਦੇ ਪ੍ਰਦਰਸ਼ਨ ਦੌਰਾਨ ਚਰਨਜੀਤ ਸਿੰਘ ਚੰਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਹਿਰਾਸਤ ‘ਚ

21 Jul, 2026 05:23 PM

ਪੇਪਰ ਲੀਕ ਮਾਮਲੇ ਨੂੰ ਲੈ ਕੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰਦੇ ਹੋਏ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਨੇ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਦੀ ਰਿਹਾਇਸ਼ ਨੇੜੇ ਧਰਨਾ ਦਿੱਤਾ। ਇਸ ਪ੍ਰਦਰਸ਼ਨ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਸਮੇਤ ਕਈ ਹੋਰ ਆਗੂ ਸ਼ਾਮਲ ਸਨ। ਇਸ ਦੌਰਾਨ ਪੰਜਾਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਲੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ। ਦੋਵੇਂ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਚੱਲ ਰਹੇ ਧਰਨੇ ਵਿੱਚ ਸ਼ਾਮਲ ਸਨ। ਜਾਣਕਾਰੀ ਅਨੁਸਾਰ, ਇਹ ਪ੍ਰਦਰਸ਼ਨ ਵਿਦਿਆਰਥੀਆਂ ਨਾਲ ਜੁੜੇ ਮੁੱਦਿਆਂ ਅਤੇ ਪੇਪਰ ਲੀਕ ਦੇ ਮਾਮਲੇ ਨੂੰ ਲੈ ਕੇ ਕੀਤਾ ਜਾ ਰਿਹਾ ਸੀ। ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸਰਕਾਰ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ। ਉੱਥੇ ਹੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ NEET ਪੇਪਰ ਲੀਕ ਕਾਰਨ ਵਿਦਿਆਰਥੀਆਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ ਅਤੇ ਉਨ੍ਹਾਂ ਦੇ ਅਨੁਸਾਰ ਸਿੱਖਿਆ ਮੰਤਰੀ ਨੂੰ ਇਸ ਮਾਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

Posted By: Daily Suraj Bureau

Latest News