DA ਬਕਾਏ ਦਾ ਮਾਮਲਾ: ਹਾਈ ਕੋਰਟ ਨੇ ਪੁੱਛਿਆ- ਅਦਾਲਤ ਨੂੰ ਜਾਣਬੁੱਝ ਕੇ ਗੁੰਮਰਾਹ ਕਰਨ ’ਤੇ ਕਾਰਵਾਈ ਕਿਉਂ ਨਾ ਹੋਵੇ
- ਪੰਜਾਬ
- (Asia/Kolkata)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (DA) ਨਾਲ ਸਬੰਧਤ ਮਾਮਲੇ ਵਿੱਚ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕੀਤਾ ਹੈ। ਇਹ ਕਾਰਵਾਈ ਸੁਪਰੀਮ ਕੋਰਟ ਵਿੱਚ ਦਾਇਰ ਵਿਸ਼ੇਸ਼ ਇਜਾਜ਼ਤ ਪਟੀਸ਼ਨ (SLP) ਦੀਆਂ ਖਾਮੀਆਂ ਦੂਰ ਕਰਨ ਸਬੰਧੀ ਕੀਤੇ ਗਏ ਕਥਿਤ ਗਲਤ ਦਾਅਵਿਆਂ ਅਤੇ ਮਾਮਲੇ ਵਿੱਚ ਹੋ ਰਹੀ ਦੇਰੀ ਨੂੰ ਲੈ ਕੇ ਕੀਤੀ ਗਈ ਹੈ।
ਹਾਈ ਕੋਰਟ ਨੇ ਮੁੱਖ ਸਕੱਤਰ ਵੱਲੋਂ ਦਾਇਰ ਕੀਤੇ ਹਲਫ਼ਨਾਮੇ ਵਿੱਚ ਦਰਜ ਤੱਥਾਂ ਨੂੰ ਗਲਤ ਕਰਾਰ ਦਿੱਤਾ ਹੈ। ਬੈਂਚ ਨੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਅਦਾਲਤ ਨੂੰ “ਜਾਣਬੁੱਝ ਕੇ ਗੁੰਮਰਾਹ” ਕਰਨ ਦੇ ਦੋਸ਼ ਵਿੱਚ ਉਨ੍ਹਾਂ ਖ਼ਿਲਾਫ਼ ਅਪਰਾਧਿਕ ਅਦਾਲਤੀ ਤੌਹੀਨ ਦੀ ਕਾਰਵਾਈ ਕਿਉਂ ਨਾ ਸ਼ੁਰੂ ਕੀਤੀ ਜਾਵੇ। ਮੁੱਖ ਸਕੱਤਰ ਨੂੰ ਅਗਲੀ ਸੁਣਵਾਈ ਦੌਰਾਨ ਸ਼ੁੱਕਰਵਾਰ ਨੂੰ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਹੋਣ ਲਈ ਵੀ ਕਿਹਾ ਗਿਆ ਹੈ।
ਇਹ ਮਾਮਲਾ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਹਾਈ ਕੋਰਟ ਨੂੰ ਮਿਲੀ ਰਿਪੋਰਟ ਤੋਂ ਬਾਅਦ ਹੋਰ ਗੰਭੀਰ ਹੋ ਗਿਆ। ਮੁੱਖ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਡਿਵੀਜ਼ਨ ਬੈਂਚ ਨੇ ਟਿੱਪਣੀ ਕੀਤੀ ਕਿ ਸੁਪਰੀਮ ਕੋਰਟ ਦੀ ਰਜਿਸਟਰੀ ਦੀ ਰਿਪੋਰਟ ਤੋਂ ਸਪੱਸ਼ਟ ਹੈ ਕਿ ਪਿਛਲੀ ਸੁਣਵਾਈ ਦੌਰਾਨ ਅਦਾਲਤ ਸਾਹਮਣੇ ਗਲਤ ਬਿਆਨ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਹਾਈ ਕੋਰਟ ਨੇ ਆਪਣੀ ਰਜਿਸਟਰੀ ਨੂੰ ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੀ ਅਪੀਲ ਦੀ ਮੌਜੂਦਾ ਸਥਿਤੀ ਬਾਰੇ ਰਿਪੋਰਟ ਹਾਸਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਅਦਾਲਤ ਨੇ ਮੁੱਖ ਸਕੱਤਰ ਨੂੰ ਮੁੜ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਵੀ ਦਿੱਤੇ ਸਨ।
ਪਿਛਲੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਰਵੱਈਏ ’ਤੇ ਸਖ਼ਤ ਨਾਰਾਜ਼ਗੀ ਜਤਾਈ ਸੀ। ਅਦਾਲਤ ਨੇ ਸਵਾਲ ਕੀਤਾ ਸੀ ਕਿ ਪੰਜਾਬ ਸਰਕਾਰ ਅਦਾਲਤ ਨਾਲ ਲੁਕਣ-ਮੀਚੀ ਕਿਉਂ ਖੇਡ ਰਹੀ ਹੈ। ਜੇਕਰ ਸਰਕਾਰ ਨੇ ਪਹਿਲੀ ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰ ਦਿੱਤੀ ਸੀ ਤਾਂ ਹੁਣ ਤੱਕ ਇਸ ਮਾਮਲੇ ’ਤੇ ਸੁਣਵਾਈ ਹੋ ਜਾਣੀ ਚਾਹੀਦੀ ਸੀ।
ਹਾਈ ਕੋਰਟ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਵਿੱਚ ਕਾਨੂੰਨੀ ਚਾਰਾਜੋਈ ਕਰਨ ਲਈ ਪਹਿਲਾਂ ਹੀ ਤਿੰਨ ਮੌਕੇ ਦਿੱਤੇ ਜਾ ਚੁੱਕੇ ਹਨ। ਇਸ ਕਾਰਨ ਮਾਮਲੇ ਦੀ ਸੁਣਵਾਈ ਵਾਰ-ਵਾਰ ਮੁਲਤਵੀ ਕਰਨੀ ਪਈ। ਅਦਾਲਤ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਕਾਨੂੰਨੀ ਚਾਰਾਜੋਈ ਦਾ ਹਵਾਲਾ ਦੇ ਕੇ ਮਾਮਲੇ ਨੂੰ ਲਟਕਾਉਣ ਅਤੇ ਸਮਾਂ ਲੰਘਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਦਰਅਸਲ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਹਲਫ਼ਨਾਮਾ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਸੁਪਰੀਮ ਕੋਰਟ ਵਿੱਚ ਦਾਇਰ ਕੀਤੀ ਗਈ ਅਪੀਲ ਦੀਆਂ ਖਾਮੀਆਂ ਦੂਰ ਕਰ ਦਿੱਤੀਆਂ ਗਈਆਂ ਹਨ ਅਤੇ ਅਪੀਲ ਮੁੜ ਦਾਇਰ ਕਰ ਦਿੱਤੀ ਗਈ ਹੈ। ਹਾਲਾਂਕਿ, ਸੁਪਰੀਮ ਕੋਰਟ ਦੀ ਰਜਿਸਟਰੀ ਤੋਂ ਮਿਲੀ ਰਿਪੋਰਟ ਨੇ ਇਸ ਦਾਅਵੇ ’ਤੇ ਸਵਾਲ ਖੜ੍ਹੇ ਕਰ ਦਿੱਤੇ।
ਹਾਈ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਹੀ ਚਿਤਾਵਨੀ ਦਿੱਤੀ ਸੀ ਕਿ ਜੇਕਰ ਸਰਕਾਰ ਵੱਲੋਂ ਕੀਤੇ ਗਏ ਦਾਅਵੇ ਗਲਤ ਸਾਬਤ ਹੋਏ ਤਾਂ ਇਸ ਦੇ ਨਤੀਜੇ ਭੁਗਤਣੇ ਪੈਣਗੇ। ਹੁਣ ਅਦਾਲਤ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ ਨੂੰ ਅਦਾਲਤੀ ਤੌਹੀਨ ਦਾ ਨੋਟਿਸ ਜਾਰੀ ਕਰਦਿਆਂ ਸ਼ੁੱਕਰਵਾਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਜ਼ਿਕਰਯੋਗ ਹੈ ਕਿ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਦੀ ਬਕਾਇਆ ਰਕਮ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਪਹਿਲੀ ਸਤੰਬਰ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ।
Leave a Reply