ਹਰ FTA ਵਿੱਚ ਕਿਸਾਨਾਂ ਦੇ ਹਿੱਤ ਰਹਿਣਗੇ ਸਭ ਤੋਂ ਉੱਪਰ: ਪ੍ਰਧਾਨ ਮੰਤਰੀ ਮੋਦੀ
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ (Indo-US Trade Deal) ਦੇ ਵਿਰੋਧ ਵਿੱਚ ਦਿੱਲੀ ਵੱਲ ਮਾਰਚ ਅਤੇ ਸ਼ੰਭੂ ਬਾਰਡਰ 'ਤੇ ਬਣੀ ਤਣਾਅਪੂਰਨ ਸਥਿਤੀ ਦੇ ਵਿਚਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨ ਭਾਈਚਾਰੇ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਉਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਵੱਲੋਂ ਕੀਤੇ ਜਾਣ ਵਾਲੇ ਹਰ ਮੁਕਤ ਵਪਾਰ ਸਮਝੌਤੇ (FTA) ਵਿੱਚ ਕਿਸਾਨਾਂ ਦੇ ਹਿੱਤਾਂ ਨੂੰ ਸਰਵੋਚ ਤਰਜੀਹ ਦਿੱਤੀ ਜਾਵੇਗੀ। ਮੰਗਲਵਾਰ ਸਵੇਰੇ ਹੋਈ ਐੱਨ.ਡੀ.ਏ. (NDA) ਸੰਸਦੀ ਪਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਹਾਲ ਹੀ ਵਿੱਚ ਹੋਏ ਅਤੇ ਆਉਣ ਵਾਲੇ ਮੁਕਤ ਵਪਾਰ ਸਮਝੌਤਿਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਦੇ ਸਾਰੇ ਵਪਾਰਕ ਸਮਝੌਤੇ ਦੇਸ਼ ਦੇ ਸਮੁੱਚੇ ਹਿੱਤਾਂ ਦੇ ਨਾਲ-ਨਾਲ ਕਿਸਾਨਾਂ ਦੇ ਹਿੱਤਾਂ ਨੂੰ ਵੀ ਧਿਆਨ ਵਿੱਚ ਰੱਖ ਕੇ ਕੀਤੇ ਜਾਣਗੇ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਸਮਝੌਤਿਆਂ ਨਾਲ ਖੇਤੀਬਾੜੀ ਖੇਤਰ ਨੂੰ ਨੁਕਸਾਨ ਨਹੀਂ, ਸਗੋਂ ਲਾਭ ਹੋਵੇਗਾ। ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਨੇ ਮੀਟਿੰਗ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਹਵਾਲੇ ਨਾਲ ਦੱਸਿਆ ਕਿ ਕਿਸਾਨਾਂ ਦੀ ਭਲਾਈ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹੋਣ ਵਾਲੇ ਕਿਸੇ ਵੀ ਐੱਫ.ਟੀ.ਏ. ਵਿੱਚ ਕਿਸਾਨਾਂ ਦੇ ਹਿੱਤਾਂ ਦੀ ਪੂਰੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ ਅਤੇ ਉਨ੍ਹਾਂ ਦੀ ਤਰੱਕੀ ਨੂੰ ਵੀ ਪਹਿਲ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੇ ਨੀਟ-ਯੂ.ਜੀ. (NEET-UG) ਪੇਪਰ ਲੀਕ ਮਾਮਲੇ 'ਤੇ ਚੱਲ ਰਹੇ ਵਿਦਿਆਰਥੀ ਪ੍ਰਦਰਸ਼ਨਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਸਰਕਾਰ ਇਸ ਮੁੱਦੇ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਹੈ।
Posted By: Daily Suraj Bureau