Daily Suraj

ਪੰਜਾਬੀ

ਪ੍ਰਦਰਸ਼ਨ ਦੌਰਾਨ ਤਣਾਅ, ਬਾਜਵਾ ਦੀ ਰਿਹਾਇਸ਼ ਨੇੜੇ ਸੁਰੱਖਿਆ ਕੜੀ

09 Feb, 2026 12:18 PM

ਪੁਲੀਸ ਨੇ ਬੈਰੀਕੇਡ ਲਾ ਕੇ ਰੋਕਿਆ; ਬੈਰੀਕੇਡ ਪੁੱਟ ਕੇ ਲੰੰਘਣ ਦੀ ਕੋਸ਼ਿਸ਼ ਕਰਦੇ ਵਰਕਰਾਂ ਖ਼ਿਲਾਫ਼ ਕਾਰਵਾਈ ਕੀਤੀ ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਜਾਂਦੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਨੇ ਐਮਐਲਏ ਹੋਸਟਲ ਦੇ ਗੇਟ ਉੱਤੇ ਹੀ ਵੱਡੀਆਂ ਰੋਕਾਂ ਲਗਾ ਕੇ ਰੋਕ ਦਿੱਤਾ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੁਲੀਸ ਦੀਆਂ ਰੋਕਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਤੋਂ ਬਾਅਦ ਚੰਡੀਗੜ੍ਹ ਪੁਲੀਸ ਨੇ ਉਨ੍ਹਾਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਆਗੂ ਚੰਡੀਗੜ੍ਹ ਦੇ ਸੈਕਟਰ ਚਾਰ ਸਥਿਤ ਪੰਜਾਬ ਐਮਐਲਏ ਹੋਸਟਲ ਵਿਚ ਇਕੱਠੇ ਹੋ ਕੇ ਪ੍ਰਤਾਪ ਸਿੰਘ ਬਾਜਵਾ ਦੇ ਘਰ ਦਾ ਘਿਰਾਓ ਕਰਨ ਲਈ ਜਾ ਰਹੇ ਸਨ। ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਵਿਰੁੱਧ ਵਰਤੀ ਇਤਰਾਜ਼ਯੋਗ ਸ਼ਬਦਾਵਲੀ ਖਿਲਾਫ ‘ਆਪ’ ਵਲੋਂ ਚੰਡੀਗੜ੍ਹ ਦੇ ਐਮਐਲਏ ਹੋਸਟਲ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਬੈਂਡ ਬਾਜੇ ਵਾਲਿਆਂ ਨਾਲ ਪ੍ਰਦਰਸ਼ਨ ਕੀਤਾ। ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਦਲਿਤਾਂ ਦਾ ਹਮੇਸ਼ਾ ਹੀ ਨਿਰਾਦਰ ਕਰਦੀ ਰਹੀ ਹੈ ਅਤੇ ਉਨ੍ਹਾਂ ਨੂੰ ਵੋਟ ਬੈਂਕ ਦੀ ਤਰ੍ਹਾਂ ਵਰਤਦੀ ਰਹੀ ਹੈ। ਇਸ ਦੇ ਨਾਲ ਹੀ ਆਪ ਆਗੂਆਂ ਨੇ ਪ੍ਰਤਾਪ ਬਾਜਵਾ ਨੂੰ ਮੁਆਫ਼ੀ ਮੰਗਣ ਲਈ ਕਿਹਾ। ਜ਼ਿਕਰਯੋਗ ਹੈ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਪਿਛਲੇ ਦਿਨੀਂ ਰੈਲੀ ਦੌਰਾਨ ਹਰਭਜਨ ਸਿੰਘ ਈਟੀਓ ਨੂੰ ਲੈ ਕੇ ਟਿੱਪਣੀ ਕੀਤੀ ਗਈ ਸੀ।

Posted By: Daily Suraj Bureau

Latest News