Daily Suraj

ਪੰਜਾਬੀ

ਸ੍ਰੀ ਅਨੰਦਪੁਰ ਸਾਹਿਬ ਸਰਾਂ ਵਿਵਾਦ: ਗਿਆਨੀ ਮਲਕੀਤ ਸਿੰਘ ਸੇਵਾਵਾਂ ਤੋਂ ਫ਼ਾਰਗ, ਅਮਰਜੀਤ ਸਿੰਘ ਚਾਵਲਾ ਦਾ ਅਸਤੀਫ਼ਾ ਮੰਜ਼ੂਰ

22 Sep, 2026 05:15 PM

ਸ੍ਰੀ ਅਨੰਦਪੁਰ ਸਾਹਿਬ ਦੀ ਸਰਾਂ ਵਿੱਚ ਵਾਪਰੀ ਘਟਨਾ ਦੇ ਮਾਮਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਇੱਕ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ 15 ਦਿਨਾਂ ਦੇ ਅੰਦਰ ਆਪਣੀ ਰਿਪੋਰਟ ਸੌਂਪੇਗੀ। ਇਸ ਦੌਰਾਨ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਜਿਨ੍ਹਾਂ ਨੂੰ ਪਹਿਲਾਂ ਮੁਅੱਤਲ ਕੀਤਾ ਗਿਆ ਸੀ, ਨੂੰ ਹੁਣ ਸੇਵਾਵਾਂ ਤੋਂ ਪੂਰੀ ਤਰ੍ਹਾਂ ਫ਼ਾਰਗ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਤੀ। ਉਨ੍ਹਾਂ ਮਾਮਲੇ ਵਿੱਚ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਬਹਿਰੀਨ ਤੋਂ ਆਈ ਬੀਬੀ ਦੀ ਆਮਦ ਬਾਰੇ ਉਨ੍ਹਾਂ ਕੋਲ ਕੋਈ ਜਾਣਕਾਰੀ ਨਹੀਂ ਸੀ ਅਤੇ ਨਾ ਹੀ ਉਸ ਨੇ ਕਦੇ ਮਿਲ ਕੇ ਇਸ ਘਟਨਾ ਸਬੰਧੀ ਕੋਈ ਗੱਲ ਕੀਤੀ ਹੈ। ਉਨ੍ਹਾਂ ਵੱਲੋਂ ਲਗਾਏ ਗਏ ਸਾਰੇ ਦੋਸ਼ਾਂ ਨੂੰ ਐਡਵੋਕੇਟ ਧਾਮੀ ਨੇ ਬੇਬੁਨਿਆਦ ਕਰਾਰ ਦਿੱਤਾ। ਮਾਮਲੇ ਦੀ ਪੜਤਾਲ ਲਈ ਬਣਾਈ ਗਈ ਕਮੇਟੀ ਵਿੱਚ ਬਲਦੇਵ ਸਿੰਘ ਕਾਇਮਪੁਰ, ਗੁਰਮੀਤ ਸਿੰਘ ਬੂਹ, ਬੀਬੀ ਗੁਰਿੰਦਰ ਕੌਰ ਭੋਲੂਵਾਲ ਅਤੇ ਗੁਰਬਖ਼ਸ਼ ਸਿੰਘ ਖਾਲਸਾ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਕਮੇਟੀ ਦੇ ਕੋਆਰਡੀਨੇਟਰ ਹੋਣਗੇ। ਐਡਵੋਕੇਟ ਧਾਮੀ ਨੇ ਦੱਸਿਆ ਕਿ ਜਿਸ ਦਿਨ ਇਹ ਮਾਮਲਾ ਸਾਹਮਣੇ ਆਇਆ ਸੀ, ਉਸੇ ਦਿਨ ਹੀ ਸਕੱਤਰ ਕਾਹਲਵਾਂ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਸੀ। ਜਾਂਚ ਕਮੇਟੀ ਦੀ ਅੰਤਿਮ ਰਿਪੋਰਟ ਆਉਣ ਤੋਂ ਬਾਅਦ ਸੰਗਤ ਵੱਲੋਂ ਉਠਾਏ ਜਾ ਰਹੇ ਹੋਰ ਸਵਾਲਾਂ ਦੇ ਜਵਾਬ ਵੀ ਦਿੱਤੇ ਜਾਣਗੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕੇ ਜਾਣ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਸੇਵਾਵਾਂ ਤੋਂ ਫ਼ਾਰਗ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਸ੍ਰੀ ਅਨੰਦਪੁਰ ਸਾਹਿਬ ਤੋਂ ਇੱਕ ਡਰਾਈਵਰ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਨਾਲ ਹੀ, ਮਾਮਲੇ ਨਾਲ ਜੁੜੇ ਅਮਰਜੀਤ ਸਿੰਘ ਚਾਵਲਾ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਸ਼ਿਪ ਤੋਂ ਦਿੱਤਾ ਗਿਆ ਅਸਤੀਫ਼ਾ ਵੀ ਤੁਰੰਤ ਮੰਜ਼ੂਰ ਕਰ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜ ਸਿੰਘ ਸਾਹਿਬਾਨ ਵੱਲੋਂ ਅਮਰਜੀਤ ਸਿੰਘ ਚਾਵਲਾ ਅਤੇ ਗਿਆਨੀ ਮਲਕੀਤ ਸਿੰਘ ਨੂੰ ਪੰਥ ਵਿੱਚੋਂ ਛੇਕ ਕੇ ਸਿੱਖ ਸੰਗਤ ਨੂੰ ਉਨ੍ਹਾਂ ਨਾਲ ਕੋਈ ਸਾਂਝ ਨਾ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ। ਦੂਜੇ ਪਾਸੇ, ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ ਵਿੱਚ ਅਮਰਜੀਤ ਸਿੰਘ ਚਾਵਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਫੈਸਲੇ 'ਤੇ ਸਵਾਲ ਚੁੱਕਦਿਆਂ ਆਖਿਆ ਕਿ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਉਨ੍ਹਾਂ ਦਾ ਪੱਖ ਸੁਣਨਾ ਜ਼ਰੂਰੀ ਸੀ।

Posted By: Daily Suraj Bureau

Latest News