ਜੀ.ਐੱਚ.ਜੀ. ਅਕੈਡਮੀ ਖੰਡੂਰ ਨੇ ਸਾਹੋਦਿਆ ਸਕੂਲ ਵਾਲੀਬਾਲ ਟੂਰਨਾਮੈਂਟ ਵਿੱਚ ਦੂਜਾ ਸਥਾਨ ਹਾਸਲ ਕੀਤਾ
ਖੰਡੂਰ, ਜੋਧਾਂ (ਮਨਦੀਪ ਸਿੰਘ) ਜੀ.ਐੱਚ.ਜੀ. ਅਕੈਡਮੀ ਖੰਡੂਰ ਦੇ ਵਿਦਿਆਰਥੀਆਂ ਨੇ ਸਾਹੋਦਿਆ ਸਕੂਲ ਵਾਲੀਬਾਲ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਟੂਰਨਾਮੈਂਟ ਤਲਵੰਡੀ ਕਲਾਂ, ਲੁਧਿਆਣਾ ਵਿਖੇ ਕਰਵਾਇਆ ਗਿਆ, ਜਿਸ ਵਿੱਚ ਅਕੈਡਮੀ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਚਾਂਦੀ ਦਾ ਤਮਗਾ ਜਿੱਤਿਆ। ਟੀਮ ਦੇ ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ, ਆਪਸੀ ਤਾਲਮੇਲ, ਅਨੁਸ਼ਾਸਨ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕੀਤਾ। ਟੀਮ ਦੇ ਮੈਂਬਰਾਂ ਵਿੱਚ ਅਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਇਸ਼ਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਸਿਮਰਜੀਤ ਸਿੰਘ, ਯੁਵਰਾਜ ਸਿੰਘ, ਜਸ਼ਨਦੀਪ ਸਿੰਘ, ਅਰਮਾਨਦੀਪ ਸਿੰਘ, ਗਗਨਦੀਪ ਸਿੰਘ, ਵਿਕਰਮਜੀਤ ਸਿੰਘ ਅਤੇ ਗੁਰਜੋਤ ਸਿੰਘ ਸ਼ਾਮਲ ਸਨ। ਟੀਮ ਨੇ ਕੋਚ ਇੰਦਰਜੀਤ ਸਿੰਘ ਦੀ ਯੋਗ ਅਗਵਾਈ ਅਤੇ ਸਿਖਲਾਈ ਹੇਠ ਇਹ ਉਪਲਬਧੀ ਹਾਸਲ ਕੀਤੀ। ਉਨ੍ਹਾਂ ਦੀ ਮਿਹਨਤ, ਨਿਰੰਤਰ ਅਭਿਆਸ ਅਤੇ ਪ੍ਰੇਰਨਾ ਨੇ ਖਿਡਾਰੀਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕੀਤਾ।ਅਕੈਡਮੀ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਨਾ ਵਰਮਾ ਨੇ ਖਿਡਾਰੀਆਂ ਅਤੇ ਕੋਚ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਟੀਮ ਭਾਵਨਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਖੇਡਾਂ ਦੇ ਖੇਤਰ ਵਿੱਚ ਹੋਰ ਪ੍ਰਾਪਤੀਆਂ ਕਰਨ ਲਈ ਪ੍ਰੇਰਿਤ ਕੀਤਾ। ਸਕੂਲ ਪ੍ਰਬੰਧਕਾਂ ਗੁਰਮੇਲ ਸਿੰਘ ਮੱਲ੍ਹੀ ਅਤੇ ਬਲਜੀਤ ਸਿੰਘ ਮੱਲ੍ਹੀ (ਯੂ.ਕੇ.) ਨੇ ਵੀ ਖਿਡਾਰੀਆਂ ਅਤੇ ਕੋਚ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੀ ਪ੍ਰਾਪਤੀ 'ਤੇ ਮਾਣ ਪ੍ਰਗਟ ਕੀਤਾ।