ਪਰਵਿੰਦਰ ਸਿੰਘ ਝੋਟਾ: ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲੱਗੇਗੀ ਸ਼ਹੀਦ ਪਰਵਿੰਦਰ ਝੋਟਾ ਦੀ ਤਸਵੀਰ, ਐਸਜੀਪੀਸੀ ਦਾ ਐਲਾਨ
ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਮਾਰੂ ਜਾਲ ਤੋਂ ਬਚਾਉਣ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੀ ਕੁਰਬਾਨੀ ਨੂੰ ਸਿੱਖ ਕੌਮ ਵੱਲੋਂ ਸਦਾ ਯਾਦ ਰੱਖਿਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਸ਼ਿਆਂ ਵਿਰੁੱਧ ਜੂਝਦਿਆਂ ਜਾਨ ਗੁਆਉਣ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਪਿਤਾ ਬਾਪੂ ਭੀਮ ਸਿੰਘ ਨਾਲ ਮੁਲਾਕਾਤ ਦੌਰਾਨ ਇਹ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸੁਸ਼ੋਭਿਤ ਕੀਤੀ ਜਾਵੇਗੀ। ਮੁਲਾਕਾਤ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਅੰਤਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਐਡਵੋਕੇਟ ਧਾਮੀ ਨੇ ਪੀੜਤ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਬਖ਼ਸ਼ੇ। ਇਸ ਦੇ ਨਾਲ ਹੀ ਉਨ੍ਹਾਂ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਕਮੇਟੀ ਇਸ ਮੁਸ਼ਕਿਲ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹੀ ਹੈ। ਇਸ ਦੌਰਾਨ ਐਡਵੋਕੇਟ ਧਾਮੀ ਨੇ ਇਸ ਸੰਘਰਸ਼ ਦੌਰਾਨ ਹਿੰਸਕ ਹਮਲੇ ਵਿੱਚ ਜ਼ਖ਼ਮੀ ਹੋਏ ਚਾਰ ਵਿਅਕਤੀਆਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ, ਜਿਸ ਵਿੱਚੋਂ 2.5 ਲੱਖ ਰੁਪਏ ਇਲਾਜ ਅਤੇ 2.5 ਲੱਖ ਰੁਪਏ ਆਰਥਿਕ ਮਦਦ ਵਜੋਂ ਦਿੱਤੇ ਜਾਣਗੇ। ਨਾਲ ਹੀ, ਭਾਈ ਝੋਟਾ ਦੇ ਦੋ ਬੱਚਿਆਂ ਦੀ ਪੜ੍ਹਾਈ ਅਤੇ ਪਰਵਰਿਸ਼ ਲਈ 10-10 ਲੱਖ ਰੁਪਏ ਦੀ ਐੱਫ.ਡੀ.ਆਰ. ਕਰਵਾਉਣ ਦੀ ਪੇਸ਼ਕਸ਼ ਵੀ ਕੀਤੀ ਗਈ। ਹਾਲਾਂਕਿ, ਭਾਈ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੇ ਪਰਿਵਾਰ ਲਈ ਕਿਸੇ ਵੀ ਤਰ੍ਹਾਂ ਦੀ ਆਰਥਿਕ ਮਦਦ ਲੈਣ ਤੋਂ ਨਿਮਰਤਾ ਸਹਿਤ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਆਤਮ-ਨਿਰਭਰ ਹੈ ਅਤੇ ਉਨ੍ਹਾਂ ਨੇ ਕੇਵਲ ਜ਼ਖ਼ਮੀਆਂ ਲਈ ਹੀ ਮਦਦ ਦੀ ਮੰਗ ਕੀਤੀ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਸੰਗਤਾਂ ਦੀ ਸਹੂਲਤ ਲਈ ਮੌਕੇ 'ਤੇ ਲਗਾਤਾਰ ਲੰਗਰ ਸੇਵਾ ਜਾਰੀ ਰੱਖਣ ਅਤੇ ਹੋਰ ਜ਼ਰੂਰੀ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਦਿਆਂ ਜਾਨਾਂ ਕੁਰਬਾਨ ਕਰਨ ਵਾਲੇ ਨੌਜਵਾਨਾਂ ਦਾ ਯੋਗਦਾਨ ਸਮਾਜ ਕਦੇ ਨਹੀਂ ਭੁਲਾ ਸਕਦਾ।