ਭ੍ਰਿਸ਼ਟਾਚਾਰ ਮਾਮਲੇ ’ਚ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਘੁੰਮਣ ਤੋਂ ਸੀਬੀਆਈ ਦੀ ਦੂਜੀ ਵਾਰ ਪੁੱਛਗਿੱਛ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਸੋਮਵਾਰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਦਫ਼ਤਰ ਪਹੁੰਚੇ। ਮੁੱਖ ਮੰਤਰੀ ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਤੋਂ ਦੂਜੀ ਵਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਉਹ 16 ਅਕਤੂਬਰ ਨੂੰ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ ਸਨ, ਜਿੱਥੇ ਉਨ੍ਹਾਂ ਤੋਂ ਲਗਪਗ ਛੇ ਘੰਟੇ ਪੁੱਛਗਿੱਛ ਕੀਤੀ ਗਈ ਸੀ।
ਪਹਿਲੀ ਪੁੱਛਗਿੱਛ ਤੋਂ ਬਾਅਦ ਘੁੰਮਣ ਨੇ ਕਿਹਾ ਸੀ ਕਿ ਸੀਬੀਆਈ ਨੇ ਉਨ੍ਹਾਂ ਤੋਂ ਕਰੀਬ 40 ਸਵਾਲ ਕੀਤੇ ਅਤੇ ਉਨ੍ਹਾਂ ਸਾਰਿਆਂ ਦੇ ਵਿਸਥਾਰ ਨਾਲ ਜਵਾਬ ਦਿੱਤੇ। ਉਨ੍ਹਾਂ ਮੁਤਾਬਕ ਪੁੱਛਗਿੱਛ ਦੀ ਪ੍ਰਕਿਰਿਆ ਠੀਕ ਰਹੀ ਅਤੇ ਮਾਹੌਲ ਸੁਖਾਵਾਂ ਸੀ। ਉਨ੍ਹਾਂ ਇਹ ਵੀ ਦੱਸਿਆ ਸੀ ਕਿ ਜਾਂਚ ਦੇ ਨਿਯਮਾਂ ਕਾਰਨ ਉਨ੍ਹਾਂ ਦੇ ਵਕੀਲਾਂ ਨੂੰ ਪੁੱਛਗਿੱਛ ਦੌਰਾਨ ਅੰਦਰ ਬੈਠਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।
ਸੁਪਰੀਮ ਕੋਰਟ ਨੇ ਸਖ਼ਤ ਕਾਰਵਾਈ ’ਤੇ ਰੋਕ ਲਾਈ
ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਖ਼ਿਲਾਫ਼ ਦਰਜ ਭ੍ਰਿਸ਼ਟਾਚਾਰ ਕੇਸ ਵਿੱਚ ਸੀਬੀਆਈ ਨੂੰ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਹੋਇਆ ਹੈ। ਹਾਲਾਂਕਿ, ਅਦਾਲਤ ਨੇ ਜਾਂਚ ਜਾਂ ਐੱਫਆਈਆਰ ’ਤੇ ਰੋਕ ਨਹੀਂ ਲਗਾਈ ਅਤੇ ਘੁੰਮਣ ਨੂੰ ਜਾਂਚ ਵਿੱਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ ਸਨ।
ਹਾਈ ਕੋਰਟ ਨੇ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਸਨ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 5 ਅਕਤੂਬਰ ਨੂੰ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਦੇ ਹੁਕਮ ਦਿੱਤੇ ਸਨ। ਅਦਾਲਤ ਨੇ ਜਾਂਚ ਏਜੰਸੀ ਨੂੰ ਦੋ ਮਹੀਨਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਇਸ ਫ਼ੈਸਲੇ ਨੂੰ ਚੁਣੌਤੀ ਦਿੰਦਿਆਂ ਪੰਜਾਬ ਸਰਕਾਰ ਨੇ 6 ਅਕਤੂਬਰ ਨੂੰ ਸੁਪਰੀਮ ਕੋਰਟ ਵਿੱਚ ਵਿਸ਼ੇਸ਼ ਇਜਾਜ਼ਤ ਪਟੀਸ਼ਨ (ਐੱਸਐੱਲਪੀ) ਦਾਇਰ ਕੀਤੀ ਸੀ।
ਹਾਈ ਕੋਰਟ ਦੇ ਚੀਫ਼ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੇ ਬੈਂਚ ਨੇ ਜਾਂਚ ਸੀਬੀਆਈ ਨੂੰ ਸੌਂਪਣ ਦੇ ਨਾਲ ਪੰਜਾਬ ਪੁਲੀਸ ਨੂੰ ਜਾਂਚ ਏਜੰਸੀ ਨਾਲ ਸਹਿਯੋਗ ਕਰਨ ਲਈ ਵੀ ਕਿਹਾ ਸੀ।
ਛੇ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਐੱਫਆਈਆਰ
ਸੀਬੀਆਈ ਨੇ 5 ਅਕਤੂਬਰ ਦੀ ਰਾਤ ਰਾਜਬੀਰ ਘੁੰਮਣ ਸਮੇਤ ਲਗਪਗ ਛੇ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਸੀ। ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੇ ਤਬਾਦਲਿਆਂ, ਤਾਇਨਾਤੀਆਂ ਅਤੇ ਟੈਂਡਰਾਂ ਵਿੱਚ ਕਥਿਤ ਬੇਨਿਯਮੀਆਂ ਦੇ ਦੋਸ਼ ਲੱਗੇ ਹਨ। ਇਨ੍ਹਾਂ ਦੋਸ਼ਾਂ ਦੀ ਜਾਂਚ ਸੀਬੀਆਈ ਕਰ ਰਹੀ ਹੈ।
Leave a Reply