Daily Suraj

ਪੰਜਾਬੀ

ਪੇਪਰ ਲੀਕ ਮਾਮਲੇ 'ਤੇ ਪ੍ਰਧਾਨ ਮੰਤਰੀ ਮੋਦੀ ਦਾ ਵਿਦਿਆਰਥੀਆਂ ਲਈ ਵੀਡੀਓ ਸੰਦੇਸ਼, ਫਾਸਟ-ਟਰੈਕ ਅਦਾਲਤਾਂ ਦੇ ਨਿਰਦੇਸ਼

24 Jul, 2026 10:32 AM

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ NEET ਅਤੇ ਹੋਰ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਪੇਪਰ ਲੀਕ ਦੇ ਮਾਮਲਿਆਂ ਨੂੰ ਲੈ ਕੇ ਵਿਦਿਆਰਥੀਆਂ ਲਈ ਇੱਕ ਵੀਡੀਓ ਸੰਦੇਸ਼ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਰੁਖ ਅਪਣਾ ਰਹੀ ਹੈ ਅਤੇ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਸ ਸਬੰਧੀ ਹੋਰ ਕੜੇ ਕਦਮਾਂ 'ਤੇ ਫੈਸਲਾ ਕੀਤਾ ਜਾਵੇਗਾ। ਫੇਸਬੁੱਕ 'ਤੇ ਸਾਂਝੀ ਕੀਤੀ ਗਈ ਵੀਡੀਓ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਪੇਪਰ ਲੀਕ ਮਾਫੀਆ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕਰਨ ਜਾ ਰਹੀ ਹੈ। ਉਨ੍ਹਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਅਜਿਹੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਪੇਪਰ ਲੀਕ ਦੀ ਘਟਨਾ ਤੋਂ ਬਾਅਦ ਪਿਛਲੇ ਢਾਈ ਮਹੀਨਿਆਂ ਦੌਰਾਨ ਕਈ ਪ੍ਰਭਾਵਸ਼ਾਲੀ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਮਲੇ ਨਾਲ ਜੁੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਇਹ ਯਕੀਨੀ ਬਣਾਉਣਾ ਹੈ ਕਿ ਵਿਦਿਆਰਥੀਆਂ ਦਾ ਅਕਾਦਮਿਕ ਸਾਲ ਪ੍ਰਭਾਵਿਤ ਨਾ ਹੋਵੇ। ਇਸ ਮੰਤਵ ਨਾਲ ਸਰਕਾਰ ਨੇ ਹਰ ਸੰਭਵ ਕੋਸ਼ਿਸ਼ ਕੀਤੀ, ਤਾਂ ਜੋ 22 ਲੱਖ ਵਿਦਿਆਰਥੀ ਘੱਟ ਤੋਂ ਘੱਟ ਸਮੇਂ ਵਿੱਚ ਆਪਣੀਆਂ ਪ੍ਰੀਖਿਆਵਾਂ ਦੇ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰੀਖਿਆਵਾਂ ਦੇ ਨਤੀਜੇ 19 ਜੁਲਾਈ ਨੂੰ ਘੋਸ਼ਿਤ ਕਰ ਦਿੱਤੇ ਗਏ ਸਨ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਪੇਪਰ ਲੀਕ ਨਾਲ ਜੁੜੇ ਮਾਮਲਿਆਂ ਦੀ ਤੁਰੰਤ ਸੁਣਵਾਈ ਲਈ ਫਾਸਟ-ਟਰੈਕ ਅਦਾਲਤਾਂ ਸਥਾਪਤ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

Posted By: Daily Suraj Bureau

Latest News