ਜਲੰਧਰ ਦੇ ਜੰਡੇ ਸਰਾਏ ਨੇੜੇ ਨਸ਼ੇ ਦੀ ਕਥਿਤ ਓਵਰਡੋਜ਼ ਨਾਲ ਦੋ ਨੌਜਵਾਨਾਂ ਦੀ ਮੌਤ
- ਪੰਜਾਬ
- (Asia/Kolkata)
ਜਲੰਧਰ ਦਿਹਾਤੀ ਦੇ ਥਾਣਾ ਕਰਤਾਰਪੁਰ ਅਧੀਨ ਪੈਂਦੇ ਪਿੰਡ ਜੰਡੇ ਸਰਾਏ ਨੇੜੇ ਦੋ ਨੌਜਵਾਨਾਂ ਦੀ ਸ਼ੱਕੀ ਹਾਲਾਤ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮੁੱਢਲੀ ਜਾਣਕਾਰੀ ਅਨੁਸਾਰ ਦੋਵਾਂ ਦੀ ਮੌਤ ਕਥਿਤ ਤੌਰ 'ਤੇ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। ਮ੍ਰਿਤਕਾਂ ਦੀ ਪਛਾਣ ਜਸਪ੍ਰੀਤ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਖੋਸਾ ਲਾਲ ਸਿੰਘ, ਜ਼ਿਲ੍ਹਾ ਫ਼ਿਰੋਜ਼ਪੁਰ ਅਤੇ ਗਗਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਲੁਭਾਇਆ ਵਾਲੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਮਾਲਵਾ ਖੇਤਰ ਤੋਂ ਦੁਆਬੇ ਵਿੱਚ ਮੱਕੀ ਦੀ ਮੌਸਮੀ ਕਟਾਈ ਲਈ ਇੱਕ ਕੰਬਾਈਨ ਨਾਲ ਆਏ ਹੋਏ ਸਨ। ਉਹ ਪਿੰਡ ਬੁੱਲੋਵਾਲ ਦੇ ਕਿਸਾਨ ਹਰਦਿਆਲ ਸਿੰਘ ਦੇ ਖੇਤਾਂ ਵਿੱਚ ਕੰਮ ਕਰ ਰਹੇ ਸਨ। ਕੰਬਾਈਨ ਮਾਲਕ ਦੇ ਮੁਤਾਬਕ ਦੋਵੇਂ ਪਿਛਲੇ ਦੋ ਦਿਨਾਂ ਤੋਂ ਲਾਪਤਾ ਸਨ ਅਤੇ ਉਨ੍ਹਾਂ ਨਾਲ ਮੋਬਾਈਲ ਰਾਹੀਂ ਵੀ ਸੰਪਰਕ ਨਹੀਂ ਹੋ ਰਿਹਾ ਸੀ। ਐਤਵਾਰ ਅਤੇ ਸੋਮਵਾਰ ਦੀ ਦਰਮਿਆਨੀ ਰਾਤ ਦੋਵਾਂ ਦੀਆਂ ਮ੍ਰਿਤਕ ਦੇਹਾਂ ਪਿੰਡ ਜੰਡੇ ਸਰਾਏ ਨੇੜੇ ਇੱਕ ਸੂਏ (ਨਹਿਰੀ ਖਾਲ) ਵਿੱਚੋਂ ਬਰਾਮਦ ਹੋਈਆਂ। ਘਟਨਾ ਦੀ ਸੂਚਨਾ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਮੌਕੇ 'ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦੇਹਾਂ ਦੀ ਹਾਲਤ ਬਹੁਤ ਖਰਾਬ ਸੀ। ਜਾਣਕਾਰੀ ਮੁਤਾਬਕ, ਨਸ਼ੇ ਦੀ ਹਾਲਤ ਵਿੱਚ ਸੂਏ ਕੋਲ ਡਿੱਗਣ ਜਾਂ ਮੌਤ ਹੋਣ ਤੋਂ ਬਾਅਦ ਅਵਾਰਾ ਕੁੱਤਿਆਂ ਨੇ ਲਾਸ਼ਾਂ ਨੂੰ ਬੁਰੀ ਤਰ੍ਹਾਂ ਨੋਚਿਆ ਹੋਇਆ ਸੀ, ਜਿਸ ਕਾਰਨ ਮੌਕੇ ਦਾ ਦ੍ਰਿਸ਼ ਬੇਹੱਦ ਦਰਦਨਾਕ ਸੀ। ਮਾਮਲੇ ਸਬੰਧੀ ਡੀਐੱਸਪੀ ਸਬ-ਡਿਵੀਜ਼ਨ ਕਰਤਾਰਪੁਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਸੂਚਨਾ ਮਿਲਣ ਉਪਰੰਤ ਪੁਲੀਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਦੋਵਾਂ ਮ੍ਰਿਤਕ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਵਿੱਚ ਮਾਮਲਾ ਨਸ਼ੇ ਦੀ ਓਵਰਡੋਜ਼ ਨਾਲ ਜੁੜਿਆ ਹੋਇਆ ਜਾਪਦਾ ਹੈ, ਪਰ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਦੀ ਵਿਸਥਾਰਤ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਪੁਲੀਸ ਨੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Leave a Reply