Daily Suraj

ਪੰਜਾਬੀ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

16 Oct, 2026 08:26 PM

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਬਰਨਾਲਾ ਦੇ ਮਾਲ ਦਫ਼ਤਰ ਤਪਾ ਵਿਖੇ ਤਾਇਨਾਤ ਪਟਵਾਰੀ ਮਨੀਸ਼ ਕੁਮਾਰ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਜ਼ਿਲ੍ਹਾ ਬਰਨਾਲਾ ਦੀ ਤਹਿਸੀਲ ਤਪਾ ਦੇ ਪਿੰਡ ਭੋਤਨਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਉਕਤ ਮੁਲਜ਼ਮ ਉਸ ਦੀ ਜ਼ਮੀਨ ਦਾ ਇੰਤਕਾਲ ਦਰਜ ਕਰਨ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਪਟਵਾਰੀ ਮਨੀਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Latest News