ਪਾਰਟੀ ਲੋਗੋ ਦੀ ਦੁਰਵਰਤੋਂ ਤੇ ਝੂਠੀ ਦਾਅਵੇਦਾਰੀ ਬਰਦਾਸ਼ਤ ਨਹੀਂ-ਗੁਰਦੀਪ ਸਿੰਘ ਭੰਡਾਲ
- ਪੰਜਾਬ
- (Asia/Kolkata)
ਕਪੂਰਥਲਾ (ਇੰਦਰਜੀਤ ਚਾਹਲ) ਅਕਾਲੀ ਦਲ ਵਾਰਿਸ ਪੰਜਾਬ ਦੇ ਦੇ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਗੁਰਦੀਪ ਸਿੰਘ ਭੰਡਾਲ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਵਿਅਕਤੀਆਂ ਵੱਲੋਂ ਪਾਰਟੀ ਦਾ ਲੋਗੋ ਵਰਤ ਕੇ ਹਲਕੇ ਤੋਂ ਚੋਣ ਲੜਨ ਦੀਆਂ ਝੂਠੀਆਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ। ਇਸ ਰਾਹੀਂ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਅਤੇ ਪਾਰਟੀ ਵਰਕਰਾਂ ਵਿੱਚ ਭਰਮ ਤੇ ਨਿਰਾਸ਼ਾ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭੰਡਾਲ ਨੇ ਸਪੱਸ਼ਟ ਕੀਤਾ ਕਿ ਜਿਨ੍ਹਾਂ ਵਿਅਕਤੀਆਂ ਵੱਲੋਂ ਆਪਣੇ ਆਪ ਨੂੰ ਦਾਅਵੇਦਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਉਹ ਅਜੇ ਤੱਕ ਅਧਿਕਾਰਤ ਤੌਰ ਤੇ ਪਾਰਟੀ ਵਿੱਚ ਸ਼ਾਮਲ ਵੀ ਨਹੀਂ ਹੋਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਆਪਣੇ ਸਿਧਾਂਤਾਂ, ਅਸੂਲਾਂ ਅਤੇ ਸੰਗਠਨਾਤਮਕ ਅਨੁਸ਼ਾਸਨ ਤੇ ਚੱਲਣ ਵਾਲੀ ਪਾਰਟੀ ਹੈ, ਇਸ ਲਈ ਕੋਈ ਵੀ ਵਿਅਕਤੀ ਪਾਰਟੀ ਦੀ ਮਨਜ਼ੂਰੀ ਤੋਂ ਬਿਨਾਂ ਨਾ ਆਪਣੀ ਦਾਅਵੇਦਾਰੀ ਦਾ ਪ੍ਰਚਾਰ ਕਰੇ ਅਤੇ ਨਾ ਹੀ ਪਾਰਟੀ ਦਾ ਲੋਗੋ ਵਰਤੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜਦ ਤੱਕ ਪਾਰਟੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਂ ਦਸਤਾਵੇਜ਼ ਜਾਰੀ ਨਹੀਂ ਕੀਤਾ ਜਾਂਦਾ, ਤਦ ਤੱਕ ਕਿਸੇ ਵੀ ਤਰ੍ਹਾਂ ਦੀ ਦਾਅਵੇਦਾਰੀ ਜਾਂ ਪਾਰਟੀ ਦੇ ਨਾਮ ਦੀ ਵਰਤੋਂ ਗੈਰ-ਅਧਿਕਾਰਤ ਮੰਨੀ ਜਾਵੇਗੀ। ਅਜਿਹਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪਾਰਟੀ ਵੱਲੋਂ ਸਖ਼ਤ ਅਨੁਸ਼ਾਸਨਾਤਮਕ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਧਾਨ ਨੇ ਪੱਤਰਕਾਰ ਭਾਈਚਾਰੇ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਆਪਣੇ ਆਪ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਅਧਿਕਾਰਤ ਦਾਅਵੇਦਾਰ ਦੱਸਦਾ ਹੈ ਤਾਂ ਉਸ ਸਬੰਧੀ ਖ਼ਬਰ ਜਾਂ ਸੋਸ਼ਲ ਮੀਡੀਆ ਪੋਸਟ ਪ੍ਰਕਾਸ਼ਿਤ ਕਰਨ ਤੋਂ ਪਹਿਲਾਂ ਜ਼ਿਲ੍ਹਾ ਕਮੇਟੀ ਨਾਲ ਰਾਬਤਾ ਕਰਕੇ ਤੱਥਾਂ ਦੀ ਪੁਸ਼ਟੀ ਜ਼ਰੂਰ ਕੀਤੀ ਜਾਵੇ, ਤਾਂ ਜੋ ਲੋਕਾਂ ਤੱਕ ਸਹੀ ਅਤੇ ਪ੍ਰਮਾਣਿਤ ਜਾਣਕਾਰੀ ਪਹੁੰਚ ਸਕੇ।
Leave a Reply