ਅੱਡਾ ਬਾਸਰਕੇ ਵਿਖੇ ਬੀਐੱਸਐੱਫ ਅਤੇ ਪੁਲੀਸ ਦੀ ਸਾਂਝੀ ਕਾਰਵਾਈ, ਬੋਲੈਰੋ ਗੱਡੀ ’ਚੋਂ ਨਸ਼ਾ ਬਰਾਮਦ
ਭਿੱਖੀਵਿੰਡ ਨੇੜੇ ਬੀਐੱਸਐੱਫ (BSF) ਅਤੇ ਥਾਣਾ ਖਾਲੜਾ ਦੀ ਪੁਲੀਸ ਵੱਲੋਂ ਲਗਾਏ ਗਏ ਸਾਂਝੇ ਨਾਕੇ ਦੌਰਾਨ ਪੰਜਾਬ ਪੁਲੀਸ ਦੇ ਇੱਕ ਕਾਂਸਟੇਬਲ ਸਮੇਤ ਤਿੰਨ ਵਿਅਕਤੀਆਂ ਨੂੰ 525 ਗ੍ਰਾਮ ਅਫ਼ੀਮ ਅਤੇ ਇੱਕ ਬੋਲੈਰੋ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਥਾਣਾ ਖਾਲੜਾ ਵਿਖੇ ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀਐੱਸਪੀ ਭਿੱਖੀਵਿੰਡ ਅਤੁਲ ਸੋਨੀ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਡਾ ਬਾਸਰਕੇ ਵਿਖੇ ਕੀਤੀ ਗਈ ਸਾਂਝੀ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਬੋਲੈਰੋ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਗੱਡੀ ਵਿੱਚੋਂ 525 ਗ੍ਰਾਮ ਅਫ਼ੀਮ ਬਰਾਮਦ ਹੋਈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਪੁੱਤਰ ਭਾਗ ਸਿੰਘ ਵਾਸੀ ਸਨੇਰ, ਜਗਬੀਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਵਈਆਂ ਅਤੇ ਅਮਰਜੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਸਲਾਨੀ (ਜ਼ਿਲ੍ਹਾ ਫ਼ਿਰੋਜ਼ਪੁਰ) ਵਜੋਂ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਅਮਰਜੀਤ ਸਿੰਘ ਪੰਜਾਬ ਪੁਲੀਸ ਵਿੱਚ ਕਾਂਸਟੇਬਲ ਵਜੋਂ ਤਾਇਨਾਤ ਹੈ। ਇਸ ਘਟਨਾ ਤੋਂ ਬਾਅਦ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸੋਸ਼ਲ ਮੀਡੀਆ ਰਾਹੀਂ ਸਪੱਸ਼ਟੀਕਰਨ ਦਿੰਦਿਆਂ ਸਾਫ਼ ਕੀਤਾ ਕਿ ਗ੍ਰਿਫ਼ਤਾਰ ਕੀਤਾ ਗਿਆ ਕਾਂਸਟੇਬਲ ਅਮਰਜੀਤ ਸਿੰਘ ਲਗਭਗ ਤਿੰਨ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੁਰੱਖਿਆ ਵਿੱਚ ਤਾਇਨਾਤ ਇੱਕ ਹੋਰ ਮੁਲਾਜ਼ਮ ਦੇ ਬਿਮਾਰ ਹੋਣ ਕਾਰਨ ਉਸ ਦੀ ਜਗ੍ਹਾ ਅਮਰਜੀਤ ਸਿੰਘ ਨੂੰ ਡਿਊਟੀ ’ਤੇ ਭੇਜਿਆ ਗਿਆ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸੁਰੱਖਿਆ ਮੁਲਾਜ਼ਮ ਐੱਸਐੱਸਪੀ ਫ਼ਿਰੋਜ਼ਪੁਰ ਵੱਲੋਂ ਭੇਜੇ ਜਾਂਦੇ ਹਨ ਅਤੇ ਇਸ ਕਾਂਸਟੇਬਲ ਨਾਲ ਉਨ੍ਹਾਂ ਦਾ ਕੋਈ ਨਿੱਜੀ ਸਬੰਧ ਨਹੀਂ ਹੈ।