Daily Suraj

ਪੰਜਾਬੀ

ਅਕਾਲੀ-ਭਾਜਪਾ ਗੱਠਜੋੜ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਨਿਸ਼ਾਨਾ, ਕਿਹਾ— ‘ਇਹ ਗੱਠਜੋੜ ਨਹੀਂ, ਸਗੋਂ ਠੱਗਜੋੜ ਹੈ’

24 Nov, 2026 04:10 PM

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਹੋਏ ਗੱਠਜੋੜ ਤੋਂ ਬਾਅਦ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਇਸ ਸਿਆਸੀ ਘਟਨਾਕ੍ਰਮ ’ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੋਵਾਂ ਪਾਰਟੀਆਂ ’ਤੇ ਤਿੱਖਾ ਹਮਲਾ ਬੋਲਿਆ ਹੈ ਅਤੇ ਇਸ ਸਮਝੌਤੇ ਨੂੰ ‘ਗੱਠਜੋੜ ਦੀ ਥਾਂ ਠੱਗਜੋੜ’ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ ਰਾਹੀਂ ਸੂਬੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੋਸ਼ ਲਾਇਆ ਕਿ ਪਹਿਲਾਂ ਵੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਆਪਸੀ ਸਹਿਮਤੀ ਨਾਲ ‘ਪੰਜ ਸਾਲ ਤੂੰ ਅਤੇ ਪੰਜ ਸਾਲ ਮੈਂ’ ਦੀ ਸਿਆਸਤ ਕੀਤੀ ਜਾਂਦੀ ਰਹੀ ਹੈ। ਉਨ੍ਹਾਂ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਆਗੂਆਂ ਦੇ ਝਾਂਸੇ ਵਿੱਚ ਨਾ ਆਉਣ, ਕਿਉਂਕਿ ਆਮ ਆਦਮੀ ਪਾਰਟੀ (‘ਆਪ’) ਹੀ ਅਸਲ ਅਰਥਾਂ ਵਿੱਚ ਆਮ ਲੋਕਾਂ ਦੀ ਪਾਰਟੀ ਹੈ ਜੋ ਲੋਕ ਭਲਾਈ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਪਿਛਲੇ ਸਿਆਸੀ ਰੁਖ਼ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਜਨਤਾ ਨੂੰ ਗੁੰਮਰਾਹ ਕਰਨ ਦਾ ਠੇਕਾ ਲਿਆ ਹੋਇਆ ਹੈ। ਉਨ੍ਹਾਂ ਯਾਦ ਦਿਵਾਇਆ ਕਿ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਲਿਆਂਦੇ ਗਏ ਸਨ, ਤਾਂ ਸ਼ੁਰੂ ਵਿੱਚ ਅਕਾਲੀ ਦਲ ਨੇ ਇਨ੍ਹਾਂ ਕਾਨੂੰਨਾਂ ਦੀ ਸ਼ਲਾਘਾ ਕੀਤੀ ਸੀ। ਪਰ ਜਦੋਂ ਕਿਸਾਨਾਂ ਸਮੇਤ ਦੇਸ਼-ਵਿਦੇਸ਼ ਦੇ ਲੋਕਾਂ ਵੱਲੋਂ ਇਸ ਦਾ ਵਿਰੋਧ ਹੋਇਆ, ਤਾਂ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਦਿਵਾ ਕੇ ਅਕਾਲੀ ਦਲ ਨੇ ਭਾਜਪਾ ਤੋਂ ਵੱਖ ਹੋਣ ਅਤੇ ਉਸ ਖ਼ਿਲਾਫ਼ ਬੋਲਣ ਦਾ ਦਿਖਾਵਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਕਬਜ਼ਾ ਕਰਨ ਦੇ ਯਤਨ ਕੀਤੇ ਗਏ ਅਤੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦਾ ਦਾਅਵਾ ਵੀ ਕੀਤਾ ਗਿਆ। ਮਾਨ ਨੇ ਸਵਾਲ ਕੀਤਾ ਕਿ ਸੁਖਬੀਰ ਸਿੰਘ ਬਾਦਲ ਖ਼ੁਦ ਇਹ ਕਹਿੰਦੇ ਰਹੇ ਹਨ ਕਿ ਭਾਜਪਾ ਸਿੱਖ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਹੁਣ ਅਕਾਲੀ ਦਲ ਕਿਸ ਨੈਤਿਕ ਆਧਾਰ ’ਤੇ ਪੰਜਾਬ ਨਾਲ ਧੱਕਾ ਕਰਨ ਵਾਲੀ ਪਾਰਟੀ ਨਾਲ ਹੱਥ ਮਿਲਾ ਰਿਹਾ ਹੈ।ਸਾਲ 2007 ਤੋਂ 2017 ਤੱਕ ਰਹੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਸ ਦੌਰ ਦੌਰਾਨ ਪੰਜਾਬ ਵਿੱਚ ਨਸ਼ਿਆਂ ਦਾ ਪਸਾਰ ਹੋਇਆ ਅਤੇ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਵਾਪਰੀਆਂ। ਦੋਵਾਂ ਪਾਰਟੀਆਂ ਵੱਲੋਂ ‘ਨਹੁੰ-ਮਾਸ ਦੇ ਰਿਸ਼ਤੇ’ ਦੇ ਕੀਤੇ ਜਾਂਦੇ ਦਾਅਵਿਆਂ ’ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਆਪਣੇ ਨਹੁੰ ਨੂੰ ਮਾਸ ਤੋਂ ਵੱਖ ਨਹੀਂ ਕਰਦਾ। ਉਨ੍ਹਾਂ ਦੋਸ਼ ਲਾਇਆ ਕਿ ਇਹ ਗੱਠਜੋੜ ਪੰਜਾਬ ਦੇ ਭਲੇ ਲਈ ਨਹੀਂ, ਬਲਕਿ ਸਿਰਫ਼ ਆਪਣੇ ਸਿਆਸੀ ਪਰਿਵਾਰ ਨੂੰ ਬਚਾਉਣ ਲਈ ਕੀਤਾ ਜਾ ਰਿਹਾ ਹੈ। ਭਾਜਪਾ ਵੱਲੋਂ 31 ਦਸੰਬਰ 2029 ਤੱਕ ਨਸ਼ਿਆਂ ਦੇ ਖ਼ਾਤਮੇ ਦੇ ਕੀਤੇ ਜਾ ਰਹੇ ਦਾਅਵੇ ’ਤੇ ਪ੍ਰਤੀਕਿਰਿਆ ਦਿੰਦਿਆਂ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਸਰਹੱਦ ਪਾਰ ਤੋਂ ਆਉਣ ਵਾਲੇ ਨਸ਼ਿਆਂ ਨੂੰ ਰੋਕਣ ਲਈ ਮੌਜੂਦਾ ਸਮੇਂ ਵਿੱਚ ਕੋਈ ਠੋਸ ਕਦਮ ਨਹੀਂ ਚੁੱਕ ਰਹੀ।ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਨੇ ਪੰਜਾਬ ਦੇ ਆਮ ਲੋਕਾਂ ਅਤੇ ਮਾਵਾਂ-ਧੀਆਂ ਨਾਲ ਸਿੱਧਾ ਸਮਝੌਤਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦ ਪਰਿਵਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ, ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ, ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਅਤੇ ਵਿਦਿਆਰਥੀਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਰਾਹੀਂ ਮਿਆਰੀ ਸਿੱਖਿਆ ਦਿੱਤੀ ਜਾ ਰਹੀ ਹੈ। ਅੰਤ ਵਿੱਚ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਆਪਣੀ ਖੁੱਸ ਚੁੱਕੀ ਸਿਆਸੀ ਜ਼ਮੀਨ ਮੁੜ ਹਾਸਲ ਕਰਨ ਲਈ ਇਕੱਠੇ ਹੋ ਰਹੇ ਹਨ, ਪਰ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਇਨ੍ਹਾਂ ਨੂੰ ਪਹਿਲਾਂ ਜਿੰਨੀਆਂ ਵੋਟਾਂ ਵੀ ਨਹੀਂ ਪਾਉਣਗੇ, ਕਿਉਂਕਿ ਜਨਤਾ ਜਾਣਦੀ ਹੈ ਕਿ ਜੇਕਰ ਇਨ੍ਹਾਂ ਪਾਰਟੀਆਂ ਨੇ ਪੰਜਾਬ ਲਈ ਕੁਝ ਕਰਨਾ ਹੁੰਦਾ ਤਾਂ ਆਪਣੇ ਪਿਛਲੇ ਕਾਰਜਕਾਲਾਂ ਦੌਰਾਨ ਹੀ ਕਰ ਦਿੰਦੀਆਂ।

Latest News