ਦਿੱਲੀ ਦੇ ‘ਆਪ’ ਵਿਧਾਇਕ ਨੂੰ ਫਿਰੌਤੀ ਲਈ ਧਮਕੀ, ਮੁਹਾਲੀ ਪੁਲੀਸ ਨੇ ਦਰਜ ਕੀਤਾ ਕੇਸ
ਪੰਜਾਬ ਪੁਲੀਸ ਨੇ ਦਿੱਲੀ ਦੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜਰਨੈਲ ਸਿੰਘ ਦੀ ਸ਼ਿਕਾਇਤ ’ਤੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਅਤੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ। ਸ਼ਿਕਾਇਤ ਮੁਤਾਬਕ ਧਮਕੀ ਦੇਣ ਵਾਲੇ ਅਣਪਛਾਤੇ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ ਸੀ।
ਦਿੱਲੀ ਦੇ ਤਿਲਕ ਨਗਰ ਹਲਕੇ ਤੋਂ ‘ਆਪ’ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕਾਲ ਅਤੇ ਵਟਸਐਪ ਸੁਨੇਹੇ ਰਾਹੀਂ ਇਹ ਧਮਕੀ ਦਿੱਤੀ ਗਈ। ਮੁਲਜ਼ਮ ਨੇ ਕਥਿਤ ਤੌਰ ’ਤੇ 7 ਕਰੋੜ ਰੁਪਏ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ।
ਪੁਲੀਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਇਹ ਘਟਨਾ 6 ਨਵੰਬਰ ਨੂੰ ਵਾਪਰੀ। ਉਸ ਦਿਨ ਵਿਧਾਇਕ ਜਰਨੈਲ ਸਿੰਘ ਦੇ ਮੋਬਾਈਲ ਫੋਨ ’ਤੇ ਇੱਕ ਅਣਜਾਣ ਨੰਬਰ ਤੋਂ ਕਾਲ ਆਈ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਟਸਐਪ ’ਤੇ ਵੀ ਸੁਨੇਹਾ ਭੇਜਿਆ ਗਿਆ। ਸੁਨੇਹਾ ਭੇਜਣ ਵਾਲੇ ਨੇ ਦਾਅਵਾ ਕੀਤਾ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਵੱਲੋਂ ਗੱਲ ਕਰ ਰਿਹਾ ਹੈ ਅਤੇ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਿਹਾ।
ਜਰਨੈਲ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਵਿਧਾਇਕ ਹੋਣ ਦੇ ਅਹੁਦੇ ਦੀ ਵਰਤੋਂ ਕਰਦਿਆਂ ਉਨ੍ਹਾਂ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਜਾਨੋਂ ਮਾਰਨ ਦੀ ਧਮਕੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।
ਵਿਧਾਇਕ ਨੇ ਪੁਲੀਸ ਤੋਂ ਮੰਗ ਕੀਤੀ ਸੀ ਕਿ ਧਮਕੀ ਦੇਣ ਵਾਲੇ ਵਿਅਕਤੀ ਅਤੇ ਉਸ ਦੇ ਸਾਥੀਆਂ ਦੀ ਪਛਾਣ ਕੀਤੀ ਜਾਵੇ। ਇਸ ਦੇ ਨਾਲ ਹੀ ਸਬੰਧਤ ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈਪੀ ਲੌਗ ਅਤੇ ਲੋਕੇਸ਼ਨ ਦੀ ਜਾਂਚ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ।
ਜਰਨੈਲ ਸਿੰਘ ਦੀ ਸ਼ਿਕਾਇਤ ਦੇ ਆਧਾਰ ’ਤੇ ਮੁਹਾਲੀ ਪੁਲੀਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਇਸ ਸਬੰਧੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।