ਪੰਜਾਬ ਵਿੱਚ ਜਨਗਣਨਾ-2027 ਦਾ ਦੂਜਾ ਪੜਾਅ ਸ਼ੁਰੂ: 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕੋਗੇ ਔਨਲਾਈਨ ਸਵੈ-ਗਣਨਾ

ਪੰਜਾਬ ਵਿੱਚ ਜਨਗਣਨਾ-2027 ਦਾ ਦੂਜਾ ਪੜਾਅ ਸ਼ੁਰੂ: 16 ਤੋਂ 30 ਨਵੰਬਰ ਤੱਕ ਘਰ ਬੈਠੇ ਕਰ ਸਕੋਗੇ ਔਨਲਾਈਨ ਸਵੈ-ਗਣਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੀ ਅਤੇ ਆਪਣੇ ਪਰਿਵਾਰ ਦੀ ਸਵੈ-ਗਣਨਾ (Self-Enumeration) ਪ੍ਰਕਿਰਿਆ ਨੂੰ ਪੂਰਾ ਕਰਦਿਆਂ 'ਜਨਗਣਨਾ 2027' ਦੇ ਦੂਜੇ ਪੜਾਅ ਦੀ ਰਸਮੀ ਸ਼ੁਰੂਆਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਹਰ ਨਾਗਰਿਕ ਨੂੰ ਇਸ ਮਹੱਤਵਪੂਰਨ ਕੌਮੀ ਕਾਰਜ ਵਿੱਚ ਸਰਗਰਮੀ ਨਾਲ ਆਪਣੀ ਸ਼ਮੂਲੀਅਤ ਯਕੀਨੀ ਬਣਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ 16 ਤੋਂ 30 ਨਵੰਬਰ ਤੱਕ ਆਪਣੀ ਔਨਲਾਈਨ ਸਵੈ-ਗਣਨਾ ਪੂਰੀ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਪਰਿਵਾਰਾਂ, ਪਰਿਵਾਰਕ ਮੈਂਬਰਾਂ, ਆਮਦਨ, ਸਿੱਖਿਆ ਅਤੇ ਰਹਿਣ-ਸਹਿਣ ਦੀਆਂ ਸਥਿਤੀਆਂ ਬਾਰੇ ਇਕੱਤਰ ਕੀਤੇ ਗਏ ਸਹੀ ਅੰਕੜੇ ਪੰਜਾਬ ਦੀ ਭਵਿੱਖੀ ਯੋਜਨਾਬੰਦੀ ਅਤੇ ਵਿਕਾਸ ਨੀਤੀਆਂ ਦੀ ਮਜ਼ਬੂਤ ਨੀਂਹ ਬਣਨਗੇ। ਲੋਕਾਂ ਦੇ ਸ਼ੰਕੇ ਦੂਰ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਇਸ ਔਨਲਾਈਨ ਪ੍ਰਕਿਰਿਆ ਲਈ ਕਿਸੇ ਵੀ ਤਰ੍ਹਾਂ ਦੇ ਦਸਤਾਵੇਜ਼ ਦੀ ਲੋੜ ਨਹੀਂ ਪਵੇਗੀ ਅਤੇ ਦਿੱਤੀ ਗਈ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਸਹੀ ਵੇਰਵੇ ਦਰਜ ਕਰਵਾਉਣ ਅਤੇ ਸੂਬੇ ਦੇ ਵਿਕਾਸ ਦਾ ਖਾਕਾ ਤਿਆਰ ਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਕੀਤੀ। ਇਸ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਅੱਜ ਅਸੀਂ ਪੰਜਾਬ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ ਹੈ। ਇਹ ਪ੍ਰਕਿਰਿਆ 16 ਤੋਂ 30 ਨਵੰਬਰ ਤੱਕ ਚੱਲੇਗੀ, ਜਿਸ ਰਾਹੀਂ ਨਾਗਰਿਕ ਘਰ ਬੈਠੇ ਹੀ ਔਨਲਾਈਨ ਆਪਣੇ ਵੇਰਵੇ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਬਾਅਦ 1 ਦਸੰਬਰ ਤੋਂ 4 ਜਨਵਰੀ ਤੱਕ ਗਣਨਾਕਾਰਾਂ ਵੱਲੋਂ ਘਰ-ਘਰ ਜਾ ਕੇ ਜਨਗਣਨਾ ਕੀਤੀ ਜਾਵੇਗੀ। ਇਕੱਤਰ ਕੀਤੇ ਗਏ ਇਹ ਅੰਕੜੇ ਸੂਬੇ ਦੀਆਂ ਭਵਿੱਖੀ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਨੂੰ ਨਵਾਂ ਰੂਪ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਮੈਂ ਸਾਰੇ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਉਹ ਪੂਰੇ ਉਤਸ਼ਾਹ ਨਾਲ ਇਸ ਕੌਮੀ ਕਾਰਜ ਵਿੱਚ ਹਿੱਸਾ ਲੈਣ, ਸਹੀ ਜਾਣਕਾਰੀ ਦੇਣ ਅਤੇ ਸਰਕਾਰ ਨੂੰ ਆਪਣਾ ਸਹਿਯੋਗ ਦੇਣ।” ਮੁੱਖ ਮੰਤਰੀ ਨੇ ਇਹ ਵੀ ਜ਼ਿਕਰ ਕੀਤਾ ਕਿ 16 ਸਾਲਾਂ ਦੇ ਵਕਫ਼ੇ ਤੋਂ ਬਾਅਦ ਭਾਰਤ ਦੀ ਜਨਗਣਨਾ ਕਰਵਾਈ ਜਾ ਰਹੀ ਹੈ ਅਤੇ ਉਨ੍ਹਾਂ ਨੇ ਇਸ ਵਿਸ਼ਾਲ ਦੇਸ਼-ਵਿਆਪੀ ਮੁਹਿੰਮ ਦਾ ਹਿੱਸਾ ਬਣਨ 'ਤੇ ਤਸੱਲੀ ਪ੍ਰਗਟਾਈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸਮੂਹ ਜਨਗਣਨਾ ਅਧਿਕਾਰੀਆਂ, ਗਣਨਾਕਾਰਾਂ, ਸੁਪਰਵਾਈਜ਼ਰਾਂ, ਮਾਸਟਰ ਟ੍ਰੇਨਰਾਂ, ਫੀਲਡ ਟ੍ਰੇਨਰਾਂ ਅਤੇ ਸੂਬਾ ਪ੍ਰਸ਼ਾਸਨ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਲਗਨ ਅਤੇ ਸਖ਼ਤ ਮਿਹਨਤ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਸਮਰਪਿਤ ਯਤਨਾਂ ਸਦਕਾ ਹੀ ਪਹਿਲੇ ਪੜਾਅ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ ਅਤੇ ਇਹ ਯਤਨ ਇਸ ਪੂਰੇ ਕਾਰਜ ਨੂੰ ਸਹੀ ਤੇ ਵਿਆਪਕ ਬਣਾਉਣ ਵਿੱਚ ਸਹਾਈ ਸਿੱਧ ਹੋਣਗੇ।