Daily Suraj

ਪੰਜਾਬੀ

‘ਸਾਡਾ ਗਠਜੋੜ ਪੰਜਾਬ ਦੇ ਲੋਕਾਂ ਨਾਲ ਹੈ’: ਅਕਾਲੀ ਦਲ ਨਾਲ ਭਾਜਪਾ ਦੇ ਸਾਂਝੇ ਐਲਾਨ ’ਤੇ ਅਰਵਿੰਦ ਕੇਜਰੀਵਾਲ ਦਾ ਤਿੱਖਾ ਹਮਲਾ

24 Nov, 2026 04:47 PM

ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰਨ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਰੁੱਧ ਤਿੱਖਾ ਹਮਲਾ ਬੋਲਿਆ। ਉਨ੍ਹਾਂ ਨੇ ਕਿਹਾ ਕਿ ਸੱਤਾ ਦੇ ਲਾਲਚ ਵਿੱਚ ਭਾਜਪਾ ਕਿਸੇ ਵੀ ਧਿਰ ਨਾਲ ਹੱਥ ਮਿਲਾ ਸਕਦੀ ਹੈ, ਜਦਕਿ ‘ਆਪ’ ਦਾ ਅਸਲ ਗਠਜੋੜ ਪੰਜਾਬ ਦੀਆਂ ਔਰਤਾਂ, ਅਨੁਸੂਚਿਤ ਜਾਤੀ ਭਾਈਚਾਰੇ, ਕਿਸਾਨਾਂ ਅਤੇ ਵਪਾਰੀਆਂ ਨਾਲ ਹੈ।ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਇਨ੍ਹਾਂ ਦੋਵਾਂ ਸਿਆਸੀ ਪਾਰਟੀਆਂ ਨੇ ਆਪਣੇ ਸਿਆਸੀ ਹਿੱਤਾਂ ਲਈ ਵਾਰ-ਵਾਰ ਸਮਝੌਤੇ ਕੀਤੇ ਅਤੇ ਤੋੜੇ ਹਨ। ਭਗਵੰਤ ਮਾਨ ਸਰਕਾਰ ਦੇ ਪਿਛਲੇ ਪੰਜ ਸਾਲਾਂ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਦੀਆਂ ਦਹਾਕਿਆਂ ਪੁਰਾਣੀਆਂ ਸਮੱਸਿਆਵਾਂ ਦਾ ਹੱਲ ਕਰ ਰਹੀ ਹੈ। ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ 700 ਤੋਂ ਵੱਧ ਕਿਸਾਨਾਂ ਦੀਆਂ ਮੌਤਾਂ ਅਤੇ ਅਕਾਲੀ ਦਲ ਦੇ ਸ਼ਾਸਨਕਾਲ ਵੇਲੇ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਤੇ ਨਸ਼ਿਆਂ ਦੇ ਦੌਰ ਦਾ ਹਵਾਲਾ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਗੱਲਾਂ ਨੂੰ ਭੁੱਲੇ ਨਹੀਂ ਹਨ। ਜ਼ਿਕਰਯੋਗ ਹੈ ਕਿ ਸਾਲ 2020 ਵਿੱਚ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਹੀ ਦੋਵੇਂ ਪਾਰਟੀਆਂ ਵੱਖ ਹੋਈਆਂ ਸਨ, ਜਿਨ੍ਹਾਂ ਕਾਨੂੰਨਾਂ ਨੂੰ 2021 ਦੇ ਅਖੀਰ ਵਿੱਚ ਰੱਦ ਕਰ ਦਿੱਤਾ ਗਿਆ ਸੀ। ਇਸ ਦੌਰਾਨ ‘ਆਪ’ ਦੀ ਦਿੱਲੀ ਇਕਾਈ ਦੇ ਪ੍ਰਧਾਨ ਸੌਰਭ ਭਾਰਦਵਾਜ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ‘ਵੱਡਾ ਭਰਾ’ ਦੱਸੇ ਜਾਣ ’ਤੇ ਵਿਅੰਗ ਕੱਸਿਆ। ਉਨ੍ਹਾਂ ਕਿਹਾ ਕਿ ਭਾਜਪਾ ਪਹਿਲਾਂ ਆਪਣੇ ਸਹਿਯੋਗੀ ਦਲ ਨੂੰ ਵੱਡਾ ਭਰਾ ਬਣਾਉਂਦੀ ਹੈ ਅਤੇ ਫਿਰ ਉਸ ਨੂੰ ਖ਼ਤਮ ਕਰ ਦਿੰਦੀ ਹੈ, ਜਿਵੇਂ ਉਸ ਨੇ ਬੀਜੂ ਜਨਤਾ ਦਲ ਅਤੇ ਬਿਹਾਰ ਵਿੱਚ ਨਿਤੀਸ਼ ਕੁਮਾਰ ਦੀ ਪਾਰਟੀ ਦੇ ਮਾਮਲੇ ਵਿੱਚ ਕੀਤਾ।‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਇਲਜ਼ਾਮ ਲਾਇਆ ਕਿ ਇਸ ਗਠਜੋੜ ਦੇ ਬਣਨ ਨਾਲ ਪੰਜਾਬ ਵਿੱਚ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਪੁਰਾਣੇ ਲੋਕ ਮੁੜ ਇਕੱਠੇ ਹੋ ਗਏ ਹਨ। ਦੂਜੇ ਪਾਸੇ, ਵਿਧਾਇਕ ਜਰਨੈਲ ਸਿੰਘ ਨੇ ਦੋਵਾਂ ਪਾਰਟੀਆਂ ਨੂੰ ਸਿਫ਼ਰ ਦੱਸਦਿਆਂ ਕਿਹਾ ਕਿ ਦੋ ਸਿਫ਼ਰਾਂ ਮਿਲ ਕੇ ਸਿਫ਼ਰ ਹੀ ਬਣਦੀਆਂ ਹਨ ਅਤੇ ‘ਆਪ’ ਸਿਰਫ਼ ਆਪਣੇ ਕੰਮ ਦੇ ਆਧਾਰ ’ਤੇ ਲੋਕਾਂ ਤੋਂ ਵੋਟਾਂ ਮੰਗਦੀ ਹੈ। ਆਪਣੇ ਸੰਬੋਧਨ ਦੇ ਅੰਤ ਵਿੱਚ ਅਰਵਿੰਦ ਕੇਜਰੀਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਸੰਗਤ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।

Latest News