ਧੂਰੀ ਹਲਕੇ ਦੇ ਕਿਸਾਨਾਂ ਲਈ ਵੱਡੀ ਸੌਗਾਤ, 25 ਕਿਲੋਮੀਟਰ ਜ਼ਮੀਨਦੋਜ਼ ਪਾਈਪ ਲਾਈਨ ਵਿਛੇਗੀ
ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਵਿਧਾਨ ਸਭਾ ਹਲਕਾ ਧੂਰੀ ਦੇ ਪਿੰਡ ਲੱਡਾ ਵਿੱਚ ਨਹਿਰੀ ਪਾਣੀ ਦੀਆਂ ਜ਼ਮੀਨਦੋਜ਼ ਪਾਈਪਾਂ ਵਿਛਾਉਣ ਦੇ ਮਹੱਤਵਪੂਰਨ ਪ੍ਰੋਜੈਕਟ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਕਿਸਾਨ ਮੌਜੂਦ ਰਹੇ। ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ‘ਤੇ ਕਰੀਬ 3.5 ਕਰੋੜ ਰੁਪਏ ਦੀ ਲਾਗਤ ਆਵੇਗੀ। ਪ੍ਰੋਜੈਕਟ ਦੇ ਤਹਿਤ ਲਗਭਗ 25 ਕਿਲੋਮੀਟਰ ਲੰਬੀ ਜ਼ਮੀਨਦੋਜ਼ ਪਾਈਪ ਲਾਈਨ ਵਿਛਾਈ ਜਾਵੇਗੀ। ਇਸ ਤੋਂ ਇਲਾਵਾ ਕਿਸਾਨਾਂ ਦੀ ਸਹੂਲਤ ਲਈ 5 ਮੋਘੇ ਵੀ ਲਗਾਏ ਜਾਣਗੇ, ਜਿਸ ਨਾਲ ਨਹਿਰੀ ਪਾਣੀ ਦੀ ਸਪਲਾਈ ਨੂੰ ਹੋਰ ਸੁਚੱਜੇ ਅਤੇ ਸਮੇਂ-ਸਿਰ ਢੰਗ ਨਾਲ ਯਕੀਨੀ ਬਣਾਇਆ ਜਾ ਸਕੇਗਾ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ “ਹਰ ਖੇਤ ਤੱਕ ਪਾਣੀ” ਪਹੁੰਚਾਉਣਾ ਸਰਕਾਰ ਦਾ ਮੁੱਖ ਟੀਚਾ ਹੈ ਅਤੇ ਇਸੇ ਉਦੇਸ਼ ਨਾਲ ਵੱਖ-ਵੱਖ ਸਿੰਚਾਈ ਪ੍ਰੋਜੈਕਟਾਂ ਨੂੰ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ। ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਜ਼ਮੀਨਦੋਜ਼ ਪਾਈਪ ਲਾਈਨ ਪ੍ਰਣਾਲੀ ਨਾਲ ਪਾਣੀ ਦੀ ਬਚਤ ਹੋਵੇਗੀ ਅਤੇ ਖੇਤਾਂ ਤੱਕ ਪਾਣੀ ਦੀ ਬਰਾਬਰ ਵੰਡ ਸੰਭਵ ਬਣੇਗੀ। ਉਨ੍ਹਾਂ ਦੇ ਅਨੁਸਾਰ ਇਸ ਪ੍ਰਣਾਲੀ ਨਾਲ ਪਾਣੀ ਦੀ ਬਰਬਾਦੀ ਘਟੇਗੀ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਵਧੀਆ ਅਤੇ ਆਸਾਨ ਸਹੂਲਤ ਪ੍ਰਾਪਤ ਹੋਵੇਗੀ। ਉਨ੍ਹਾਂ ਹੋਰ ਦੱਸਿਆ ਕਿ ਪ੍ਰੋਜੈਕਟ ਦੇ ਪੂਰਾ ਹੋਣ ਉਪਰੰਤ ਇਲਾਕੇ ਦੇ ਸੈਂਕੜਿਆਂ ਏਕੜ ਖੇਤਰ ਨੂੰ ਸਿੱਧਾ ਲਾਭ ਮਿਲੇਗਾ। ਇਸ ਨਾਲ ਖੇਤੀਬਾੜੀ ਉਤਪਾਦਨ ਵਿੱਚ ਵਾਧਾ ਹੋਣ ਦੇ ਨਾਲ ਕਿਸਾਨਾਂ ਦੀ ਆਮਦਨ ਵਿੱਚ ਵੀ ਸੁਧਾਰ ਆਉਣ ਦੀ ਉਮੀਦ ਹੈ। ਇਸ ਮੌਕੇ ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਲੰਬੇ ਸਮੇਂ ਲਈ ਕਿਸਾਨਾਂ ਅਤੇ ਪਿੰਡ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।
Posted By: Daily Suraj Bureau