ਜੰਮੂ-ਕਸ਼ਮੀਰ, ਲੱਦਾਖ ਅਤੇ ਹਿਮਾਚਲ ਨੂੰ SIR ਦੇ ਤੀਸਰੇ ਪੜਾਅ ਤੋਂ ਬਾਹਰ ਰੱਖਿਆ
ਭਾਰਤੀ ਚੋਣ ਕਮਿਸ਼ਨ (ECI) ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਦੇ ਤੀਸਰੇ ਪੜਾਅ ਦਾ ਐਲਾਨ ਕਰ ਦਿੱਤਾ ਹੈ। ਇਹ ਪ੍ਰਕਿਰਿਆ ਪੰਜਾਬ, ਦਿੱਲੀ ਅਤੇ ਚੰਡੀਗੜ੍ਹ ਸਮੇਤ 16 ਸੂਬਿਆਂ ਅਤੇ ਤਿੰਨ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਕਰਵਾਈ ਜਾਵੇਗੀ। ਚੋਣ ਕਮਿਸ਼ਨ ਵੱਲੋਂ ਜਾਰੀ ਬਿਆਨ ਅਨੁਸਾਰ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਨੂੰ ਐੱਸ ਆਈ ਆਰ ਦੇ ਤੀਸਰੇ ਪੜਾਅ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਕਮਿਸ਼ਨ ਨੇ ਦੱਸਿਆ ਕਿ ਪਹਾੜੀ ਅਤੇ ਬਰਫ਼ਬਾਰੀ ਵਾਲੇ ਇਲਾਕਿਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਇਨ੍ਹਾਂ ਖੇਤਰਾਂ ਲਈ ਵੱਖਰਾ ਸ਼ਡਿਊਲ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ। ਕਮਿਸ਼ਨ ਦੇ ਸ਼ਡਿਊਲ ਮੁਤਾਬਕ ਪੰਜਾਬ ਵਿੱਚ ਅੰਤਿਮ ਵੋਟਰ ਸੂਚੀਆਂ 1 ਅਕਤੂਬਰ ਨੂੰ ਜਾਰੀ ਕੀਤੀਆਂ ਜਾਣਗੀਆਂ, ਜਦਕਿ ਚੰਡੀਗੜ੍ਹ ਵਿੱਚ ਇਹ ਸੂਚੀਆਂ 22 ਸਤੰਬਰ ਨੂੰ ਪ੍ਰਕਾਸ਼ਿਤ ਹੋਣਗੀਆਂ। ਦਿੱਲੀ ਵਿੱਚ ਅੰਤਿਮ ਵੋਟਰ ਲਿਸਟਾਂ 7 ਅਕਤੂਬਰ ਨੂੰ ਜਾਰੀ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਓੜੀਸ਼ਾ, ਮਿਜ਼ੋਰਮ, ਸਿੱਕਮ ਅਤੇ ਮਣੀਪੁਰ ਦੀਆਂ ਅੰਤਿਮ ਵੋਟਰ ਸੂਚੀਆਂ 6 ਸਤੰਬਰ ਨੂੰ ਜਾਰੀ ਹੋਣਗੀਆਂ। ਦਮਨ ਦੀਊ ਅਤੇ ਦਾਦਰਾ ਨਗਰ ਹਵੇਲੀ ਦੀਆਂ ਸੂਚੀਆਂ 11 ਸਤੰਬਰ ਨੂੰ ਜਾਰੀ ਕੀਤੀਆਂ ਜਾਣਗੀਆਂ, ਜਦਕਿ ਉੱਤਰਾਖੰਡ ਦੀਆਂ ਅੰਤਿਮ ਵੋਟਰ ਸੂਚੀਆਂ 15 ਸਤੰਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਆਂਧਰਾ ਪ੍ਰਦੇਸ਼, ਅਰੁਣਾਚਲ ਪ੍ਰਦੇਸ਼, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੰਤਿਮ ਵੋਟਰ ਸੂਚੀਆਂ 22 ਸਤੰਬਰ ਨੂੰ ਜਾਰੀ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ ਪੰਜਾਬ ਅਤੇ ਤੇਲੰਗਾਨਾ ਵਿੱਚ 1 ਅਕਤੂਬਰ ਨੂੰ ਅੰਤਿਮ ਸੂਚੀਆਂ ਜਾਰੀ ਹੋਣਗੀਆਂ। ਕਰਨਾਟਕ, ਮੇਘਾਲਿਆ, ਮਹਾਰਾਸ਼ਟਰ, ਝਾਰਖੰਡ ਅਤੇ ਦਿੱਲੀ ਵਿੱਚ 7 ਅਕਤੂਬਰ ਨੂੰ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ। ਉੱਥੇ ਹੀ ਨਾਗਾਲੈਂਡ ਅਤੇ ਤ੍ਰਿਪੁਰਾ ਦੀਆਂ ਅੰਤਿਮ ਵੋਟਰ ਸੂਚੀਆਂ ਕ੍ਰਮਵਾਰ 22 ਅਤੇ 23 ਨਵੰਬਰ ਨੂੰ ਜਾਰੀ ਕੀਤੀਆਂ ਜਾਣਗੀਆਂ। ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਕਿ ਐੱਸ ਆਈ ਆਰ ਦੇ ਤੀਸਰੇ ਪੜਾਅ ਦੌਰਾਨ ਕਰੀਬ 36.73 ਕਰੋੜ ਵੋਟਰਾਂ ਦੀ ਗਿਣਤੀ ਅਤੇ ਜਾਂਚ ਲਈ 3.94 ਲੱਖ ਤੋਂ ਵੱਧ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਕੰਮ ਕਰਨਗੇ। ਇਸ ਪ੍ਰਕਿਰਿਆ ਵਿੱਚ ਸਿਆਸੀ ਪਾਰਟੀਆਂ ਵੱਲੋਂ ਨਿਯੁਕਤ 3.42 ਲੱਖ ਬੂਥ ਲੈਵਲ ਏਜੰਟ (BLA) ਵੀ ਸਹਿਯੋਗ ਦੇਣਗੇ।
Posted By: Daily Suraj Bureau