Daily Suraj

ਪੰਜਾਬੀ

ਹਿਮਾਚਲ ਦੇ ਬੋਰਡਿੰਗ ਸਕੂਲ 'ਚ ਸਿੱਖ ਬੱਚੇ ਨਾਲ ਰੈਗਿੰਗ: 11ਵੀਂ-12ਵੀਂ ਦੇ 5 ਵਿਦਿਆਰਥੀ ਮੁਅੱਤਲ

08 Sep, 2026 08:53 AM

ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਵਿੱਚ ਸਥਿਤ ਇੱਕ ਬੋਰਡਿੰਗ ਸਕੂਲ ਵਿੱਚ ਨੌਵੀਂ ਜਮਾਤ ਦੇ ਇੱਕ ਸਿੱਖ ਵਿਦਿਆਰਥੀ ਨਾਲ ਹੋਈ ਰੈਗਿੰਗ ਦੇ ਮਾਮਲੇ ਵਿੱਚ ਸਕੂਲ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ 5 ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਇਹ ਸਾਰੇ ਵਿਦਿਆਰਥੀ 11ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੇ ਹਨ ਅਤੇ ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਜਿਸ ਪੀੜਤ ਬੱਚੇ ਨਾਲ ਇਹ ਰੈਗਿੰਗ ਹੋਈ ਹੈ, ਉਹ ਵੀ ਪੰਜਾਬ ਨਾਲ ਹੀ ਸਬੰਧਤ ਹੈ। ਦੂਜੇ ਪਾਸੇ, ਪੀੜਤ ਵਿਦਿਆਰਥੀ ਤਲਵਿੰਦਰ ਮਨੇਸ਼ ਅਤੇ ਹੋਰਾਂ ਵੱਲੋਂ ਦਿੱਤੀ ਗਈ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਡਗਸ਼ਾਈ ਥਾਣਾ ਪੁਲਿਸ ਨੇ ਸੋਮਵਾਰ ਸ਼ਾਮ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਪ੍ਰਕਿਰਿਆ ਤੇਜ਼ ਕਰ ਦਿੱਤੀ ਹੈ। ਪੁਲਿਸ ਵੱਲੋਂ ਸਕੂਲ ਪਹੁੰਚ ਕੇ ਪੰਜਾਂ ਨਾਮਜ਼ਦ ਵਿਦਿਆਰਥੀਆਂ ਅਤੇ ਹੋਸਟਲ ਵਾਰਡਨ ਤੋਂ ਪੁੱਛਗਿੱਛ ਕੀਤੀ ਜਾਵੇਗੀ। ਇਸੇ ਮਾਮਲੇ ਦੇ ਸਬੰਧ ਵਿੱਚ ਪੁਲਿਸ ਵੱਲੋਂ ਸੋਮਵਾਰ ਸ਼ਾਮ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਵੋਹਰਾ ਦੇ ਬਿਆਨ ਵੀ ਦਰਜ ਕੀਤੇ ਜਾ ਚੁੱਕੇ ਹਨ। ਇਸ ਦਰਦਨਾਕ ਘਟਨਾ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਸਕੂਲ ਦੇ ਹੀ ਬੱਚਿਆਂ ਵੱਲੋਂ ਇੱਕ ਸਿੱਖ ਵਿਦਿਆਰਥੀ ਨਾਲ ਅਜਿਹੀ ਹਰਕਤ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ ਅਤੇ ਅਜਿਹੀਆਂ ਘਟਨਾਵਾਂ ਨੂੰ ਰੋਕਣਾ ਪੂਰੀ ਤਰ੍ਹਾਂ ਸਕੂਲ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਨਾਲ ਅਜਿਹਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾਣਾ ਚਾਹੀਦਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਸਿੱਖ ਬੱਚੇ ਅਤੇ ਉਸ ਦੇ ਪਰਿਵਾਰ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ।

Posted By: Daily Suraj Bureau

Latest News