Daily Suraj

ਪੰਜਾਬੀ

ਪਿੰਡ ਮੱਲੂ ਨੰਗਲ ਵਿੱਚ ਸਾਇੰਸ ਲਾਇਬ੍ਰੇਰੀ ਦਾ ਉਦਘਾਟਨ, ਸਿੱਖਿਆ ਕ੍ਰਾਂਤੀ ਨੂੰ ਮਿਲੀ ਹੋਰ ਰਫ਼ਤਾਰ

25 Apr, 2026 02:27 PM

(ਆਰ.ਕੇ. ਸੋਨੀ): ਪੰਜਾਬ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਦੇ ਤਹਿਤ ਹਲਕਾ ਰਾਜਾਸਾਂਸੀ ਦੇ ਪਿੰਡ ਮੱਲੂ ਨੰਗਲ ਵਿਖੇ ਸਰਕਾਰੀ ਹਾਈ ਸਕੂਲ ਵਿੱਚ ਨਵੀਂ ਤਿਆਰ ਕੀਤੀ ਗਈ ਸਾਇੰਸ ਲਾਇਬ੍ਰੇਰੀ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ। ਇਹ ਉਦਘਾਟਨ ਹਲਕਾ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ ਮਾਝਾ ਜੋਨ ਦੀ ਕੋਆਰਡੀਨੇਟਰ ਮੈਡਮ ਸੋਨੀਆ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਮੈਡਮ ਸੋਨੀਆ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਲਿਆ ਰਹੀ ਹੈ। ਸਕੂਲਾਂ ਦੀ ਬੁਨਿਆਦੀ ਢਾਂਚਾਗਤ ਸਹੂਲਤਾਂ ਨੂੰ ਆਧੁਨਿਕ ਬਣਾਇਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਣ ਦਾ ਮਾਹੌਲ ਮਿਲ ਸਕੇ। ਉਨ੍ਹਾਂ ਕਿਹਾ ਕਿ ਇਸ ਸਾਇੰਸ ਲਾਇਬ੍ਰੇਰੀ ਨਾਲ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਦਾ ਵਿਕਾਸ ਹੋਵੇਗਾ ਅਤੇ ਉਨ੍ਹਾਂ ਨੂੰ ਪ੍ਰਯੋਗਾਤਮਕ ਸਿੱਖਿਆ ਪ੍ਰਾਪਤ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਹੈ ਅਤੇ ਇਸ ਤਰ੍ਹਾਂ ਦੇ ਪ੍ਰੋਜੈਕਟ ਵਿਦਿਆਰਥੀਆਂ ਦੇ ਭਵਿੱਖ ਨੂੰ ਮਜ਼ਬੂਤ ਬਣਾਉਣ ਵਿੱਚ ਅਹਿਮ ਸਾਬਤ ਹੋਣਗੇ। ਇਸ ਮੌਕੇ ਸਕੂਲ ਦੇ ਸਟਾਫ ਅਤੇ ਪਿੰਡ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਸਮਾਰੋਹ ਦੌਰਾਨ ਜ਼ਿਲ੍ਹਾ ਪਰਿਸ਼ਦ ਮੈਂਬਰ ਰੇਸ਼ਮ ਸਿੰਘ ਵੜੈਚ, ਹਲਕਾ ਰਾਜਾਸਾਂਸੀ ਸੰਗਠਨ ਇੰਚਾਰਜ ਰਾਜਬੀਰ ਸਿੰਘ ਟੋਲਾ ਨੰਗਲ, ਸਰਪੰਚ ਸੁਖਚੈਨ ਸਿੰਘ ਅਦਲੀਵਾਲਾ ਅਤੇ ਨਸ਼ਾ ਮੁਕਤੀ ਮੋਰਚਾ ਹਲਕਾ ਕੋਆਰਡੀਨੇਟਰ ਸੁਖਦੀਪ ਸਿੰਘ ਛੀਨਾ ਸਮੇਤ ਹੋਰ ਗਣਮਾਨਯ ਵਿਅਕਤੀ ਵੀ ਹਾਜ਼ਰ ਸਨ।

Posted By: Daily Suraj Bureau

Latest News