ਪੰਜਾਬ ਦੇ ਮੁਲਾਜ਼ਮਾਂ ਦੀ ਸਮੂਹਿਕ ਛੁੱਟੀ: ਮੁੱਖ ਸਕੱਤਰ ਨੇ ਮੀਟਿੰਗ ਲਈ ਦਿੱਤਾ ਸੱਦਾ
- ਪੰਜਾਬ
- (Asia/Kolkata)
ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਪਹਿਲੇ ਦਿਨ ਦੀ ਸਮੂਹਿਕ ਛੁੱਟੀ ਦੌਰਾਨ ਪੰਜਾਬ ਸਰਕਾਰ ਹਰਕਤ ਵਿੱਚ ਆ ਗਈ ਹੈ। ਪੰਜਾਬ ਦੇ ਮੁੱਖ ਸਕੱਤਰ ਵੱਲੋਂ ਐਕਸ਼ਨ ਕਮੇਟੀ ਨੂੰ ਮੀਟਿੰਗ ਲਈ ਰਸਮੀ ਸੱਦਾ ਦੇ ਦਿੱਤਾ ਗਿਆ ਹੈ। ਜਾਰੀ ਪੱਤਰ ਅਨੁਸਾਰ ਮੁੱਖ ਸਕੱਤਰ ਵੱਲੋਂ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ, ਸਾਂਝਾ ਮੁਲਾਜ਼ਮ ਮੰਚ ਅਤੇ ਕੋਆਰਡੀਨੇਸ਼ਨ ਕਮੇਟੀ ਦੇ ਆਗੂਆਂ ਨਾਲ ਅੱਜ ਸ਼ਾਮ ਚਾਰ ਵਜੇ ਅਹਿਮ ਮੀਟਿੰਗ ਕੀਤੀ ਜਾਵੇਗੀ, ਜਿਸ ਦਾ ਸੱਦਾ ਮੁਲਾਜ਼ਮ ਆਗੂਆਂ ਨੂੰ ਡਿਪਟੀ ਸਕੱਤਰ (ਤਾਲਮੇਲ) ਵੱਲੋਂ ਭੇਜ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਅੱਜ ਲੱਖਾਂ ਮੁਲਾਜ਼ਮ ਸਮੂਹਿਕ ਛੁੱਟੀ ’ਤੇ ਚਲੇ ਗਏ ਹਨ। ਇਸ ਦੋ ਦਿਨਾ ਰੋਸ ਪ੍ਰੋਗਰਾਮ ਕਾਰਨ ਬੁੱਧਵਾਰ ਅਤੇ ਵੀਰਵਾਰ ਨੂੰ ਸੂਬੇ ਭਰ ਦੇ ਸਰਕਾਰੀ ਦਫ਼ਤਰਾਂ ਵਿੱਚ ਕੰਮਕਾਜ ਪੂਰੀ ਤਰ੍ਹਾਂ ਠੱਪ ਰਹਿਣ ਦੇ ਆਸਾਰ ਬਣ ਗਏ ਹਨ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦਿਆਂ ਇਹ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸੂਬੇ ਭਰ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਵਿੱਚ 18 ਫ਼ੀਸਦੀ ਬਕਾਇਆ ਡੀਏ (ਮਹਿੰਗਾਈ ਭੱਤਾ) ਜਾਰੀ ਕਰਨਾ, ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਨੂੰ ਬਹਾਲ ਕਰਨਾ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕਾ ਕਰਨਾ ਆਦਿ ਸ਼ਾਮਲ ਹਨ। ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਵਾਰ-ਵਾਰ ਭਰੋਸੇ ਦੇਣ ਦੇ ਬਾਵਜੂਦ ਜ਼ਮੀਨੀ ਪੱਧਰ ’ਤੇ ਕੋਈ ਹੱਲ ਨਹੀਂ ਕੱਢਿਆ ਗਿਆ। ਇਸ ਦੇ ਵਿਰੋਧ ਵਿੱਚ ਅੱਜ ਮੁਲਾਜ਼ਮਾਂ ਵੱਲੋਂ ਪੰਜਾਬ ਸਿਵਲ ਸਕੱਤਰੇਤ ਅਤੇ ਸੂਬੇ ਭਰ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਜ਼ੋਰਦਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
Leave a Reply