ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਮਾਗਮ
- ਪੰਜਾਬ
- (Asia/Kolkata)
ਸੰਨ 1964 ਵਿੱਚ ਹਿਮਾਚਲ ਪ੍ਰਦੇਸ਼ ਸਥਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਦੌਰਾਨ ਵਾਪਰੇ ਸਾਕੇ ਵਿੱਚ ਸ਼ਹੀਦ ਹੋਏ ਮਿਸਲ ਸ਼ਹੀਦਾਂ ਤਰਨਾ ਦਲ ਦੇ 11 ਸਿੰਘਾਂ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ ਅਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ, ਜਦਕਿ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸੰਗਤ ਨੂੰ ਪਾਵਨ ਹੁਕਮਨਾਮਾ ਸਰਵਣ ਕਰਵਾਇਆ। ਸੰਗਤ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਹਮੇਸ਼ਾ ਪੰਥਕ ਕਾਰਜਾਂ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਅਖੌਤੀ ਮਹੰਤਾਂ ਤੋਂ ਮੁਕਤ ਕਰਵਾਉਣ ਲਈ ਤਰਨਾ ਦਲ ਦੇ ਸਿੰਘਾਂ ਵੱਲੋਂ ਦਿੱਤੀਆਂ ਗਈਆਂ ਸ਼ਹਾਦਤਾਂ ਨੂੰ ਸਿੱਖ ਕੌਮ ਕਦੇ ਭੁਲਾ ਨਹੀਂ ਸਕਦੀ। ਉਨ੍ਹਾਂ ਇਹ ਵੀ ਕਿਹਾ ਕਿ ਸਰਬੱਤ ਦੇ ਭਲੇ ਦੀ ਸੋਚ ਰੱਖਣ ਵਾਲੀ ਸਿੱਖ ਕੌਮ ਨੂੰ ਵੱਖ-ਵੱਖ ਸਮਿਆਂ ਦੌਰਾਨ ਸਰਕਾਰਾਂ ਵੱਲੋਂ ਕਈ ਗੰਭੀਰ ਝਟਕੇ ਸਹਿਣੇ ਪਏ ਹਨ, ਜਿਨ੍ਹਾਂ ਦੀ ਪੀੜ ਕੌਮ ਦੇ ਮਨਾਂ ਵਿੱਚ ਅੱਜ ਵੀ ਮੌਜੂਦ ਹੈ। ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਜ਼ਿਕਰ ਕਰਦਿਆਂ ਧਾਮੀ ਨੇ ਕਿਹਾ ਕਿ ਉਹ ਕੌਮ ਵੱਲੋਂ “ਜਿੰਦਾ ਸ਼ਹੀਦ” ਦੇ ਸਨਮਾਨ ਨਾਲ ਨਿਵਾਜੇ ਗਏ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਪੰਥਕ ਏਕਤਾ ਲਈ ਯਤਨ ਕੀਤੇ ਹਨ। ਇਸ ਦੌਰਾਨ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਦੇ ਵਿਰੁੱਧ ਲੜਨ ਦੀ ਤਾਕਤ ਸਿੱਖ ਨੂੰ ਗੁਰੂ-ਸ਼ਬਦ ਤੋਂ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਗੁਰਮਤਿ ਸਿਧਾਂਤਾਂ ਦੀ ਰੱਖਿਆ ਅਤੇ ਗੁਰੂ ਘਰਾਂ ਵਿੱਚ ਪੰਥਕ ਮਰਯਾਦਾ ਨੂੰ ਕਾਇਮ ਰੱਖਣ ਲਈ ਸਿੱਖ ਕੌਮ ਨੇ ਹਮੇਸ਼ਾ ਕੁਰਬਾਨੀਆਂ ਦਿੱਤੀਆਂ ਹਨ। ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਸੰਭਾਲਣ ਦੀ ਸੇਵਾ ਗੁਰੂ ਸਾਹਿਬ ਵੱਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਬਖ਼ਸ਼ੀ ਗਈ ਸੀ। ਉਨ੍ਹਾਂ ਨੇ ਸੰਗਤ ਨਾਲ ਸਾਕੇ ਦੌਰਾਨ ਦੇਖੇ ਹਾਲਾਤ ਵੀ ਸਾਂਝੇ ਕੀਤੇ ਅਤੇ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਸ ਸਾਕੇ ਦੀ ਯਾਦ ਮਨਾਉਣ ਦੇ ਫੈਸਲੇ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਹਸਤੀਆਂ ਵੱਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
Leave a Reply