ਚੰਡੀਗੜ੍ਹ ਦੇ ਸੈਕਟਰ 37 ਵਿੱਚ ਭਾਜਪਾ ਦਫਤਰ ਬਾਹਰ ਧਮਾਕਾ, ਪੁਲੀਸ ਜਾਂਚ ਜਾਰੀ

ਚੰਡੀਗੜ੍ਹ ਦੇ ਸੈਕਟਰ 37 ਵਿੱਚ ਭਾਜਪਾ ਦਫਤਰ ਬਾਹਰ ਧਮਾਕਾ, ਪੁਲੀਸ ਜਾਂਚ ਜਾਰੀ

ਸ਼ਹਿਰ ਦੇ ਸੈਕਟਰ 37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫਤਰ ਦੇ ਬਾਹਰ ਅੱਜ ਸ਼ਾਮ ਇੱਕ ਜ਼ੋਰਦਾਰ ਧਮਾਕਾ ਹੋਣ ਦੀ ਘਟਨਾ ਸਾਹਮਣੇ ਆਈ ਹੈ। ਧਮਾਕੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਘਟਨਾ ਦੀ ਜਾਣਕਾਰੀ ਮਿਲਦੇ ਹੀ ਚੰਡੀਗੜ੍ਹ ਪੁਲੀਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਧਮਾਕਾ ਬੁੱਧਵਾਰ ਸ਼ਾਮ ਕਰੀਬ 5:30 ਵਜੇ ਹੋਇਆ। ਹਾਲਾਂਕਿ ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ, ਪਰ ਭਾਜਪਾ ਦਫਤਰ ਦੇ ਬਾਹਰ ਖੜੀਆਂ ਕਈ ਗੱਡੀਆਂ ਨੂੰ ਮਾਮੂਲੀ ਨੁਕਸਾਨ ਪਹੁੰਚਿਆ ਹੈ। ਉਕਤ ਸਥਾਨ ਦੇ ਆਲੇ-ਦੁਆਲੇ ਮਹੱਤਵਪੂਰਨ ਦਫਤਰ ਸਥਿਤ ਹਨ, ਜਿਨ੍ਹਾਂ ਵਿੱਚ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ, ਪੈਟਰੋਲ ਪੰਪ ਅਤੇ ਹੋਰ ਸਥਾਪਨਾਵਾਂ ਸ਼ਾਮਲ ਹਨ। ਘਟਨਾ ਤੋਂ ਬਾਅਦ ਪੁਲੀਸ ਦੀਆਂ ਵੱਖ-ਵੱਖ ਟੀਮਾਂ, ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਨੂੰ ਕਾਬੂ ਵਿੱਚ ਲਿਆ। ਪੁਲੀਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਧਮਾਕੇ ਦੇ ਕਾਰਨਾਂ ਬਾਰੇ ਪਤਾ ਲੱਗ ਸਕੇ। ਸੂਬਾ ਭਾਜਪਾ ਆਗੂ ਵਿਨੀਤ ਜੋਸ਼ੀ ਨੇ ਦੱਸਿਆ ਕਿ ਧਮਾਕੇ ਦੀਆਂ ਆਵਾਜ਼ਾਂ ਸ਼ਾਮ ਕਰੀਬ 5 ਵਜੇ ਸੁਣੀਆਂ ਗਈਆਂ। ਇਸ ਦੌਰਾਨ ਸੀਨੀਅਰ ਪੁਲੀਸ ਅਧਿਕਾਰੀ, ਜਿਨ੍ਹਾਂ ਵਿੱਚ ਸੀਨੀਅਰ ਪੁਲੀਸ ਕਪਤਾਨ ਕੰਵਰਦੀਪ ਕੌਰ ਵੀ ਸ਼ਾਮਲ ਸਨ, ਮੌਕੇ ’ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਪੁਲੀਸ ਅਧਿਕਾਰੀਆਂ ਦੇ ਅਨੁਸਾਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਹੋਰ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ।