Daily Suraj

ਪੰਜਾਬੀ

ਮੌਸਮ ਵਿਭਾਗ ਦੀ ਚੇਤਾਵਨੀ: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ ਅਤੇ ਬਿਜਲੀ ਦੀ ਸੰਭਾਵਨਾ

06 Apr, 2026 06:34 AM

ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਮੌਸਮ ਵਿੱਚ ਬਦਲਾਅ ਦੇ ਆਸਾਰ ਹਨ। ਮੌਸਮ ਵਿਭਾਗ ਅਨੁਸਾਰ, ਕੁਝ ਖੇਤਰਾਂ ਵਿੱਚ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਗੜੇਮਾਰੀ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੌਰਾਨ ਹਵਾਵਾਂ ਦੀ ਗਤੀ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਰਹਿ ਸਕਦੀ ਹੈ। ਵਿਭਾਗ ਵੱਲੋਂ ਅੱਜ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦਕਿ ਅਗਲੇ ਦੋ ਦਿਨਾਂ ਲਈ ਓਰੇਂਜ ਅਲਰਟ ਲਾਗੂ ਰਹੇਗਾ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਤਾਪਮਾਨ ਵਿੱਚ 1.6 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਇਹ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਸੂਬੇ ਦੇ 20 ਜ਼ਿਲ੍ਹਿਆਂ ਵਿੱਚ ਖਰਾਬ ਮੌਸਮ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚੋਂ 14 ਜ਼ਿਲ੍ਹਿਆਂ ਵਿੱਚ ਮੀਂਹ ਅਤੇ 6 ਜ਼ਿਲ੍ਹਿਆਂ ਵਿੱਚ ਤੂਫ਼ਾਨ ਲਈ ਚੇਤਾਵਨੀ ਜਾਰੀ ਕੀਤੀ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ ਅਤੇ ਪਟਿਆਲਾ ਵਿੱਚ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਤੂਫ਼ਾਨ ਆ ਸਕਦਾ ਹੈ, ਜਿੱਥੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ, 6 ਅਪ੍ਰੈਲ ਨੂੰ ਵੀ ਕਈ ਥਾਵਾਂ ‘ਤੇ ਗਰਜ-ਤੂਫ਼ਾਨ ਦੇ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਤੋਂ ਇਲਾਵਾ 7 ਅਤੇ 8 ਅਪ੍ਰੈਲ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ ਗੜੇਮਾਰੀ ਹੋਣ ਦੀ ਸੰਭਾਵਨਾ ਜਤਾਈ ਗਈ ਹੈ।

Posted By: Daily Suraj Bureau

Latest News