ਮਹਿਲਾ ਸਸ਼ਕਤੀਕਰਨ ਲਈ ਪਟਿਆਲਾ ‘ਚ ਇਤਿਹਾਸਕ ਰੈਲੀ, ਹਜ਼ਾਰਾਂ ਦੀ ਹਾਜ਼ਰੀ

ਮਹਿਲਾ ਸਸ਼ਕਤੀਕਰਨ ਲਈ ਪਟਿਆਲਾ ‘ਚ ਇਤਿਹਾਸਕ ਰੈਲੀ, ਹਜ਼ਾਰਾਂ ਦੀ ਹਾਜ਼ਰੀ

ਮਹਿਲਾ ਸਸ਼ਕਤੀਕਰਨ ਅਤੇ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਦੇ ਹੱਕ ਵਿੱਚ ਪਟਿਆਲਾ ਵਿੱਚ ਵੀਰਵਾਰ ਨੂੰ ਇੱਕ ਵਿਸ਼ਾਲ ਮਾਰਚ ਕੱਢਿਆ ਗਿਆ, ਜਿਸ ਵਿੱਚ ਹਜ਼ਾਰਾਂ ਔਰਤਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮਾਰਚ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਦੀਆਂ ਔਰਤਾਂ, ਜਿਵੇਂ ਕਿ ਐਨਜੀਓ ਪ੍ਰਤੀਨਿਧੀ, ਅਧਿਆਪਕਾਂ, ਸਮਾਜਿਕ ਕਾਰਕਰਤਾ ਅਤੇ ਮਹਿਲਾ ਆਗੂਆਂ ਨੇ ਸ਼ਿਰਕਤ ਕੀਤੀ। ਮਾਰਚ ਦੀ ਅਗਵਾਈ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਕੀਤੀ। ਦੋਵਾਂ ਆਗੂਆਂ ਨੇ ਮਹਿਲਾ ਹੱਕਾਂ ਅਤੇ ਰਾਜਨੀਤਿਕ ਭਾਗੀਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਸੰਸਦ ਵਿੱਚ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਅਧਿਨਿਯਮ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਪ੍ਰਦਾਨ ਕਰਦਾ ਹੈ, ਜੋ ਕਿ ਦੇਸ਼ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਲਿਆਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਕਾਨੂੰਨ ਔਰਤਾਂ ਨੂੰ ਸਿਰਫ਼ ਰਾਜਨੀਤਿਕ ਤੌਰ ‘ਤੇ ਮਜ਼ਬੂਤ ਨਹੀਂ ਕਰੇਗਾ, ਸਗੋਂ ਫੈਸਲਾ ਲੈਣ ਅਤੇ ਕਾਨੂੰਨ ਬਣਾਉਣ ਦੀ ਪ੍ਰਕਿਰਿਆ ਵਿੱਚ ਉਨ੍ਹਾਂ ਦੀ ਸਿੱਧੀ ਭਾਗੀਦਾਰੀ ਨੂੰ ਵੀ ਯਕੀਨੀ ਬਣਾਏਗਾ। ਪ੍ਰਨੀਤ ਕੌਰ ਨੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਹੁਣ ਸ਼ਾਸਨ ਦਾ ਕੇਂਦਰੀ ਹਿੱਸਾ ਬਣ ਚੁੱਕਾ ਹੈ। ਇਸ ਮੌਕੇ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਭਾਰਤੀ ਔਰਤਾਂ ਅੱਜ ਹਰ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ ਅਤੇ ‘ਨਾਰੀ ਸ਼ਕਤੀ ਵੰਦਨ ਅਧਿਨਿਯਮ’ ਇਸ ਪ੍ਰਗਤੀ ਨੂੰ ਹੋਰ ਤੇਜ਼ ਕਰੇਗਾ। ਉਨ੍ਹਾਂ ਨੇ ਇਸ ਕਾਨੂੰਨ ਨੂੰ ਔਰਤਾਂ ਲਈ ਇੱਕ ਮਜ਼ਬੂਤ ਮੌਕਾ ਦੱਸਦਿਆਂ ਕਿਹਾ ਕਿ ਇਹ ਦੇਸ਼ ਦੇ ਭਵਿੱਖ ਨੂੰ ਘੜਨ ਵਿੱਚ ਔਰਤਾਂ ਦੀ ਬਰਾਬਰੀ ਦੀ ਭੂਮਿਕਾ ਨੂੰ ਯਕੀਨੀ ਬਣਾਉਂਦਾ ਹੈ। ਆਗੂਆਂ ਨੇ ਮਾਰਚ ਵਿੱਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਔਰਤਾਂ ਦਾ ਧੰਨਵਾਦ ਕਰਦਿਆਂ ਇਸ ਸਮਾਗਮ ਨੂੰ ਮਹਿਲਾ-ਪ੍ਰਧਾਨ ਵਿਕਾਸ ਅਤੇ ਸਸ਼ਕਤੀਕਰਨ ਦੇ ਹੱਕ ਵਿੱਚ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।