ਸਨੌਰ ਵਿਧਾਇਕ ਪਠਾਣਮਾਜਰਾ ਨੂੰ ਫਿਰ ਰਿਮਾਂਡ, ਕੱਲ੍ਹ ਦੁਬਾਰਾ ਹੋਵੇਗੀ ਪੇਸ਼ੀ

ਸਨੌਰ ਵਿਧਾਇਕ ਪਠਾਣਮਾਜਰਾ ਨੂੰ ਫਿਰ ਰਿਮਾਂਡ, ਕੱਲ੍ਹ ਦੁਬਾਰਾ ਹੋਵੇਗੀ ਪੇਸ਼ੀ

ਪੰਜਾਬ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਅਦਾਲਤ ਵੱਲੋਂ ਮੁੜ ਤੀਜੀ ਵਾਰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਪਹਿਲਾਂ ਮਿਲੇ 7 ਦਿਨਾਂ ਦੇ ਰਿਮਾਂਡ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਅੱਜ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਤੋਂ ਬਾਅਦ ਅਦਾਲਤ ਨੇ ਪੁਲਿਸ ਨੂੰ ਇੱਕ ਹੋਰ ਦਿਨ ਲਈ ਰਿਮਾਂਡ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਉਨ੍ਹਾਂ ਨੂੰ 6 ਅਪ੍ਰੈਲ ਨੂੰ ਮੁੜ ਪਟਿਆਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ, 25 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਮੱਧ ਪ੍ਰਦੇਸ਼ ਦੇ ਸ਼ਿਵਪੁਰੀ ਗਵਾਲੀਅਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਅਦਾਲਤ ਵਿੱਚ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ, ਪਰ ਅਦਾਲਤ ਨੇ ਪਹਿਲੇ ਪੜਾਅ ਵਿੱਚ 4 ਦਿਨਾਂ ਦਾ ਰਿਮਾਂਡ ਹੀ ਮਨਜ਼ੂਰ ਕੀਤਾ ਸੀ। ਇਸ ਤੋਂ ਬਾਅਦ 29 ਮਾਰਚ ਨੂੰ ਰਿਮਾਂਡ ਖਤਮ ਹੋਣ ‘ਤੇ ਉਨ੍ਹਾਂ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਹੋਰ ਪੁੱਛਗਿੱਛ ਲਈ 10 ਦਿਨਾਂ ਦਾ ਰਿਮਾਂਡ ਮੰਗਿਆ ਸੀ। ਅਦਾਲਤ ਨੇ ਦੋਵਾਂ ਪੱਖਾਂ ਦੀ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ। ਹੁਣ ਇਸ ਮਿਆਦ ਦੇ ਖਤਮ ਹੋਣ ‘ਤੇ ਅਦਾਲਤ ਨੇ ਤੀਜੀ ਵਾਰ ਇੱਕ ਦਿਨ ਦਾ ਹੋਰ ਰਿਮਾਂਡ ਦੇ ਦਿੱਤਾ ਹੈ। ਦੱਸਣਯੋਗ ਹੈ ਕਿ ਹਰਮੀਤ ਸਿੰਘ ਪਠਾਣਮਾਜਰਾ ਸਨੌਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਨ। ਉਨ੍ਹਾਂ ਨੂੰ ਪਿਛਲੇ ਸਾਲ 2 ਸਤੰਬਰ ਨੂੰ ਇੱਕ ਪੁਰਾਣੇ ਬਲਾਤਕਾਰ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਗ੍ਰਿਫ਼ਤਾਰੀ ਤੋਂ ਕੁਝ ਸਮੇਂ ਬਾਅਦ ਉਹ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਏ ਸਨ। ਇਹ ਮਾਮਲਾ ਇੱਕ ਔਰਤ ਦੀ ਸ਼ਿਕਾਇਤ ਨਾਲ ਸੰਬੰਧਿਤ ਹੈ, ਜੋ ਆਪਣੇ ਆਪ ਨੂੰ ਵਿਧਾਇਕ ਦੀ ਪਤਨੀ ਦੱਸਦੀ ਹੈ ਅਤੇ ਉਸ ਨੇ ਬਲਾਤਕਾਰ ਦੇ ਦੋਸ਼ ਲਗਾਏ ਹਨ। ਇਸ ਮਾਮਲੇ ਵਿੱਚ ਪਠਾਣਮਾਜਰਾ ਵੱਲੋਂ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀ ਵੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ, ਪਰ ਉਥੇ ਵੀ ਉਨ੍ਹਾਂ ਨੂੰ ਜ਼ਮਾਨਤ ਨਹੀਂ ਮਿਲੀ।