ਹਾਈ ਕੋਰਟ ਦੇ ਹੁਕਮਾਂ ਮਗਰੋਂ ਅਬੋਹਰ ਮੇਅਰ ਦੀ ਚੋਣ ਅੱਜ, ਪ੍ਰਸ਼ਾਸਨ ਨੇ ਕੀਤੇ ਪੁਖਤਾ ਪ੍ਰਬੰਧ
- ਪੰਜਾਬ
- (Asia/Kolkata)
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬੋਹਰ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ, ਮੰਗਲਵਾਰ ਨੂੰ ਕਰਵਾਈ ਜਾਵੇਗੀ। ਚੋਣ ਪ੍ਰਕਿਰਿਆ ਨੂੰ ਸੁਚੱਜੇ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਣ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨੇ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਵੀ ਪੂਰੀ ਤਰ੍ਹਾਂ ਚੌਕਸ ਹੈ। ਫਾਜ਼ਿਲਕਾ ਦੀ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਜਾਣਕਾਰੀ ਦਿੱਤੀ ਕਿ ਅਬੋਹਰ ਦੇ ਮੇਅਰ ਦੀ ਚੋਣ 21 ਜੁਲਾਈ ਨੂੰ ਫਾਜ਼ਿਲਕਾ ਸਥਿਤ ਡਿਪਟੀ ਕਮਿਸ਼ਨਰ ਦਫ਼ਤਰ ਵਿੱਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਸੰਪੰਨ ਕਰਵਾਉਣ ਲਈ ਫਾਜ਼ਿਲਕਾ ਸ਼ਹਿਰ ਦੇ ਦੋ ਸੇਵਾ ਕੇਂਦਰ ਅਤੇ ਇੱਕ ਫਰਦ ਕੇਂਦਰ ਅੱਜ ਬੰਦ ਰਹਿਣਗੇ। ਇਨ੍ਹਾਂ ਵਿੱਚ ਐੱਸ.ਡੀ.ਐੱਮ. ਦਫ਼ਤਰ ਦੇ ਨੇੜੇ ਸਥਿਤ ਇੱਕ ਸੇਵਾ ਕੇਂਦਰ ਅਤੇ ਮਿਊਂਸਿਪਲ ਕਮੇਟੀ ਵਿੱਚ ਸਥਿਤ ਇੱਕ ਹੋਰ ਸੇਵਾ ਕੇਂਦਰ ਸ਼ਾਮਲ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਮੇਅਰ ਦੀ ਚੋਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਨਿਯੁਕਤ ਨਿਗਰਾਨ (ਆਬਜ਼ਰਵਰ) ਸੀਨੀਅਰ ਵਕੀਲ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਪੂਰਾ ਕਰਨ ਲਈ ਹਰ ਪੱਖੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।
Leave a Reply