Daily Suraj

ਪੰਜਾਬੀ

ਵੀਡੀਓ ਵਿਵਾਦ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ, ਕਿਹਾ- ਮੈਨੂੰ ਬਦਨਾਮ ਕਰਨ ਲਈ ਘੜਿਆ ਜਾ ਰਿਹਾ ਝੂਠਾ ਬਿਰਤਾਂਤ

16 Jun, 2026 07:15 AM

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗਰਗਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ "ਗੁਰੂ ਦੋਖੀ" ਅਤੇ "ਪੰਥ ਵਿਰੋਧੀ" ਕਰਾਰ ਦਿੱਤੇ ਜਾਣ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਨੇ ਵਿਵਾਦਤ ਵੀਡੀਓ ਨੂੰ ਲੈ ਕੇ ਆਪਣਾ ਪੱਖ ਸਪੱਸ਼ਟ ਕੀਤਾ ਹੈ। ਉਨ੍ਹਾਂ ਇੱਕ ਵੀਡੀਓ ਬਿਆਨ ਜਾਰੀ ਕਰਦਿਆਂ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਦਾ ਦਿਲੋਂ ਸਤਿਕਾਰ ਕਰਦੇ ਹਨ, ਪਰ ਉਨ੍ਹਾਂ ਖ਼ਿਲਾਫ਼ ਸਿਆਸੀ ਮਕਸਦ ਨਾਲ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਇੱਕ ਝੂਠਾ ਬਿਰਤਾਂਤ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਵਿਵਾਦਤ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹਨ ਅਤੇ ਇਸ ਸੰਬੰਧੀ ਉਹ ਪਹਿਲਾਂ ਹੀ ਅਕਾਲ ਤਖ਼ਤ ਸਕੱਤਰੇਤ ਵਿੱਚ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇ ਚੁੱਕੇ ਹਨ। ਮਾਨ ਨੇ ਕਿਹਾ ਕਿ ਵੀਡੀਓ ਵਿੱਚ ਨਜ਼ਰ ਆ ਰਹੇ ਵਿਅਕਤੀ ਦਾ ਕੱਦ-ਕਾਠ ਅਤੇ ਸਰੀਰਕ ਬਣਤਰ ਉਨ੍ਹਾਂ ਨਾਲ ਮੇਲ ਨਹੀਂ ਖਾਂਦੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਹੈਰਾਨੀ ਹੈ ਕਿ ਸਿੱਖਾਂ ਦੀ ਸਰਵਉੱਚ ਸੰਸਥਾ 'ਤੇ ਬੈਠੇ ਕੁਝ ਲੋਕ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਵਿਰੁੱਧ ਅਜਿਹੇ ਦੋਸ਼ ਲਗਾ ਰਹੇ ਹਨ। ਜ਼ਿਕਰਯੋਗ ਹੈ ਕਿ ਇੱਕ ਦਿਨ ਪਹਿਲਾਂ ਅਕਾਲ ਤਖ਼ਤ ਦੇ ਜਥੇਦਾਰ ਨੇ ਭਗਵੰਤ ਮਾਨ ਨੂੰ "ਗੁਰੂ ਦੋਖੀ" ਕਰਾਰ ਦਿੰਦਿਆਂ ਦਾਅਵਾ ਕੀਤਾ ਸੀ ਕਿ ਵਿਵਾਦਤ ਵੀਡੀਓ ਦੀ ਦੋ ਫੋਰੈਂਸਿਕ ਲੈਬਾਰਟਰੀਆਂ ਤੋਂ ਜਾਂਚ ਕਰਵਾਈ ਗਈ, ਜਿਸ ਵਿੱਚ ਵੀਡੀਓ ਨੂੰ ਸਹੀ ਪਾਇਆ ਗਿਆ। ਇਸ ਦੇ ਆਧਾਰ 'ਤੇ ਸਿੱਖ ਸੰਗਤ ਨੂੰ ਮੁੱਖ ਮੰਤਰੀ ਨਾਲ ਕਿਸੇ ਵੀ ਤਰ੍ਹਾਂ ਦਾ ਸਾਂਝਾ ਨਾਤਾ ਨਾ ਰੱਖਣ ਸਬੰਧੀ ਹੁਕਮਨਾਮਾ ਜਾਰੀ ਕੀਤਾ ਗਿਆ ਸੀ। ਮੁੱਖ ਮੰਤਰੀ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਵਿਰੋਧੀ ਧਿਰਾਂ ਪੰਜਾਬ ਦੀ ਕਿਸਾਨੀ, ਪਾਣੀਆਂ ਅਤੇ ਜਵਾਨੀ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਬੌਖਲਾ ਗਈਆਂ ਹਨ ਅਤੇ ਹੁਣ ਸਿਆਸੀ ਲਾਭ ਲਈ ਸਿੱਖ ਧਰਮ ਦੀ ਵਰਤੋਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਹ ਇਹ ਪੂਰਾ ਮਾਮਲਾ ਗੁਰੂ ਨਾਨਕ ਨਾਮ ਲੇਵਾ ਸੰਗਤ ਦੀ ਕਚਹਿਰੀ ਵਿੱਚ ਛੱਡਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਜਾਰੀ ਕੀਤੇ ਗਏ ਫ਼ਰਮਾਨ ਦਾ ਆਧਾਰ ਬਣੀ ਵੀਡੀਓ ਨੂੰ ਉਹ ਪੂਰੀ ਤਰ੍ਹਾਂ ਰੱਦ ਕਰਦੇ ਹਨ। ਬਿਨਾਂ ਕਿਸੇ ਦਾ ਨਾਂ ਲਏ ਮੁੱਖ ਮੰਤਰੀ ਨੇ ਵਿਰੋਧੀਆਂ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ "ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸੋਧ ਐਕਟ" ਕੁਝ ਸਿਆਸੀ ਧਿਰਾਂ ਦੇ ਹਿੱਤਾਂ ਦੇ ਖ਼ਿਲਾਫ਼ ਜਾ ਰਿਹਾ ਹੈ, ਜਿਸ ਕਾਰਨ ਅਜਿਹੇ ਹੱਥਕੰਡੇ ਅਪਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰ ਤੋਂ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਦੀ ਮੰਗ ਕੀਤੀ ਗਈ ਸੀ, ਪਰ ਹੁਣ ਕਾਨੂੰਨ ਬਣਨ ਤੋਂ ਬਾਅਦ ਇਹ ਕਹਿ ਕੇ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਇਸ ਸਬੰਧੀ ਸਲਾਹ-ਮਸ਼ਵਰਾ ਨਹੀਂ ਕੀਤਾ ਗਿਆ। ਮੁੱਖ ਮੰਤਰੀ ਨੇ ਅੰਤ ਵਿੱਚ ਕਿਹਾ ਕਿ ਉਹ ਅਕਾਲ ਤਖ਼ਤ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਅਤੇ ਇਸ ਸੰਸਥਾ ਦਾ ਪੂਰਾ ਸਤਿਕਾਰ ਕਰਦੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਉਹ ਅਕਾਲ ਤਖ਼ਤ ਨਾਲ ਕਿਸੇ ਵੀ ਤਰ੍ਹਾਂ ਦਾ ਸਿੱਧਾ ਟਕਰਾਅ ਨਹੀਂ ਚਾਹੁੰਦੇ।

Posted By: Daily Suraj Bureau

Latest News

ਰਵਾਇਤੀ ਸਿਆਸੀ ਪਾਰਟੀਆਂ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਦੁਰਵਰਤੋਂ ਕਰ ਰਹੀਆਂ ਹਨ, ਉਹ ਇਸ ਗੱਲ ਨੂੰ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਤੁਹਾਡਾ ਪੁੱਤਰ ਪੰਜਾਬ ਵਿੱਚ ਇਮਾਨਦਾਰੀ ਨਾਲ ਸਰਕਾਰ ਚਲਾ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

17 Jun, 2026 02:41 PM