ਮੋਗਾ ਦੀਆਂ 25 ਮਹਿਲਾਵਾਂ ਲਈ ਰੁਜ਼ਗਾਰ ਦਾ ਨਵਾਂ ਰਾਹ ਖੁੱਲ੍ਹਿਆ

ਮੋਗਾ ਦੀਆਂ 25 ਮਹਿਲਾਵਾਂ ਲਈ ਰੁਜ਼ਗਾਰ ਦਾ ਨਵਾਂ ਰਾਹ ਖੁੱਲ੍ਹਿਆ

(ਸੌਰਵ ਅਰੋੜਾ )4 ਆਂਗਣਵਾੜੀ ਵਰਕਰਾਂ ਤੇ 21 ਹੈਲਪਰਾਂ ਨੂੰ ਮਿਲੇ ਨਿਯੁਕਤੀ ਪੱਤਰ; ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ ਵਧਾਈ ਮੋਗਾ ਹਲਕੇ ਦੀਆਂ 25 ਮਹਿਲਾਵਾਂ ਲਈ ਅੱਜ ਦਾ ਦਿਨ ਨਵੀਂ ਉਮੀਦ ਅਤੇ ਖੁਸ਼ੀ ਲੈ ਕੇ ਆਇਆ, ਜਦੋਂ ਉਨ੍ਹਾਂ ਨੂੰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵਜੋਂ ਨਿਯੁਕਤੀ ਪੱਤਰ ਸੌਂਪੇ ਗਏ। ਨਿਯੁਕਤੀ ਪੱਤਰ ਮਿਲਦਿਆਂ ਹੀ ਮਹਿਲਾਵਾਂ ਦੇ ਚਿਹਰਿਆਂ ’ਤੇ ਖੁਸ਼ੀ ਸਾਫ਼ ਨਜ਼ਰ ਆਈ ਅਤੇ ਉਨ੍ਹਾਂ ਨੇ ਇਸ ਮੌਕੇ ਨੂੰ ਆਪਣੇ ਪਰਿਵਾਰਾਂ ਲਈ ਵੀ ਮਹੱਤਵਪੂਰਨ ਦੱਸਿਆ। ਨਿਯੁਕਤੀ ਪੱਤਰ ਵੰਡਣ ਦੀ ਰਸਮ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਨਿਭਾਈ ਗਈ। ਇਸ ਮੌਕੇ ਉਨ੍ਹਾਂ ਨਵ-ਨਿਯੁਕਤ ਮਹਿਲਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰੁਜ਼ਗਾਰ ਮਿਲਣਾ ਹਰ ਪਰਿਵਾਰ ਲਈ ਖੁਸ਼ੀ ਦਾ ਮੌਕਾ ਹੁੰਦਾ ਹੈ, ਜਦਕਿ ਮਹਿਲਾਵਾਂ ਲਈ ਇਹ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਹੈ। ਇਨ੍ਹਾਂ ਨਿਯੁਕਤੀਆਂ ਵਿੱਚ 4 ਆਂਗਣਵਾੜੀ ਵਰਕਰਾਂ ਅਤੇ 21 ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਵਿਧਾਇਕਾ ਨੇ ਕਿਹਾ ਕਿ ਆਂਗਣਵਾੜੀ ਕੇਂਦਰਾਂ ਨਾਲ ਜੁੜ ਕੇ ਇਹ ਮਹਿਲਾਵਾਂ ਬੱਚਿਆਂ ਦੀ ਦੇਖਭਾਲ, ਪੋਸ਼ਣ ਅਤੇ ਪਰਿਵਾਰਾਂ ਨਾਲ ਸਬੰਧਤ ਮਹੱਤਵਪੂਰਨ ਸੇਵਾਵਾਂ ਵਿੱਚ ਆਪਣੀ ਭੂਮਿਕਾ ਨਿਭਾਉਣਗੀਆਂ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਵਿਭਾਗਾਂ ਵਿੱਚ ਖਾਲੀ ਅਸਾਮੀਆਂ ਨੂੰ ਭਰਨ ਅਤੇ ਯੋਗ ਉਮੀਦਵਾਰਾਂ ਨੂੰ ਰੁਜ਼ਗਾਰ ਦੇਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਮੁਤਾਬਕ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਦੇਣ ਦੇ ਨਾਲ-ਨਾਲ ਮਹਿਲਾਵਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਵੀ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕਾ ਨੇ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਨਾਲ ਪੂਰਾ ਪਰਿਵਾਰ ਮਜ਼ਬੂਤ ਹੁੰਦਾ ਹੈ। ਨੌਕਰੀ ਮਿਲਣ ਨਾਲ ਮਹਿਲਾਵਾਂ ਵਿੱਚ ਆਤਮ-ਵਿਸ਼ਵਾਸ ਪੈਦਾ ਹੁੰਦਾ ਹੈ ਅਤੇ ਉਹ ਆਪਣੇ ਪਰਿਵਾਰਕ ਫੈਸਲਿਆਂ ਵਿੱਚ ਹੋਰ ਮਜ਼ਬੂਤ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਸੂਬੇ ਦੇ ਵੱਖ-ਵੱਖ ਵਰਗਾਂ ਤੱਕ ਰੁਜ਼ਗਾਰ ਦੇ ਮੌਕੇ ਪਹੁੰਚਾਉਣਾ ਹੈ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਉਪਰੰਤ ਪੰਜਾਬ ਸਰਕਾਰ ਅਤੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਵੀਂ ਨੌਕਰੀ ਉਨ੍ਹਾਂ ਲਈ ਆਪਣੇ ਪਰਿਵਾਰ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨ ਦਾ ਮੌਕਾ ਵੀ ਹੈ। ਵਿਧਾਇਕਾ ਨੇ ਨਵ-ਨਿਯੁਕਤ ਮਹਿਲਾਵਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।