Daily Suraj

ਪੰਜਾਬੀ

ਕੁਰੂਕਸ਼ੇਤਰ ਮੰਡੀ ਦੌਰੇ ਦੌਰਾਨ ਦਿਗਵਿਜੈ ਚੌਟਾਲਾ ਨੇ ਉਠਾਏ ਕਿਸਾਨੀ ਮੁੱਦੇ

09 Apr, 2026 06:18 AM

ਜੇ ਜੇ ਪੀ ਯੂਥ ਦੇ ਸੂਬਾ ਪ੍ਰਧਾਨ ਦਿਗਵਿਜੈ ਸਿੰਘ ਚੌਟਾਲਾ ਨੇ ਕੁਰੂਕਸ਼ੇਤਰ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਭਾਜਪਾ ਸਰਕਾਰ ਦੀਆਂ ਨੀਤੀਆਂ ਨੂੰ ਤਿੱਖੇ ਸ਼ਬਦਾਂ ਵਿੱਚ ਆਲੋਚਨਾ ਦਾ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੀਆਂ ਨੀਤੀਆਂ ਕਿਸਾਨ ਵਿਰੋਧੀ ਹਨ ਅਤੇ ਇਹਨਾਂ ਨਾਲ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਮੁਲਾਕਾਤ ਕਰਕੇ ਫ਼ਸਲ ਖ਼ਰੀਦ ਪ੍ਰਕਿਰਿਆ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਖ਼ਰੀਦ ਏਜੰਸੀਆਂ ਅਤੇ ਅਧਿਕਾਰੀਆਂ ਦੇ ਕੰਮ-ਕਾਜ ’ਤੇ ਵੀ ਸਵਾਲ ਉਠਾਏ। ਮੌਕੇ ’ਤੇ ਮੌਜੂਦ ਕਿਸਾਨਾਂ ਅਤੇ ਆੜ੍ਹਤੀਆਂ ਨੇ ਫ਼ਸਲ ਦੀ ਖ਼ਰੀਦ ਵਿੱਚ ਦੇਰੀ, ਚੁਕਾਈ ਦੀ ਮੰਦ ਗਤੀ, ਭੁਗਤਾਨ ਵਿੱਚ ਹੋ ਰਹੀ ਦੇਰੀ ਅਤੇ ਮੰਡੀਆਂ ਵਿੱਚ ਲਾਗੂ ਕੀਤੇ ਜਾ ਰਹੇ ਬਾਇਓਮੀਟਰਿਕ ਸਿਸਟਮ ਸਬੰਧੀ ਆਪਣੀਆਂ ਚਿੰਤਾਵਾਂ ਸਾਂਝੀਆਂ ਕੀਤੀਆਂ, ਜਿਨ੍ਹਾਂ ਦਾ ਚੌਟਾਲਾ ਨੇ ਗੰਭੀਰ ਨੋਟਿਸ ਲਿਆ। ਸ੍ਰੀ ਚੌਟਾਲਾ ਨੇ ਦੋਸ਼ ਲਗਾਇਆ ਕਿ ਇੱਕ ਪਾਸੇ ਕਿਸਾਨ ਕੁਦਰਤੀ ਆਫ਼ਤਾਂ ਨਾਲ ਜੂਝ ਰਹੇ ਹਨ, ਜਦਕਿ ਦੂਜੇ ਪਾਸੇ ਸਰਕਾਰ ਦੀਆਂ ਨੀਤੀਆਂ ਉਨ੍ਹਾਂ ਨੂੰ ਹੋਰ ਮੁਸੀਬਤਾਂ ਵਿੱਚ ਧੱਕ ਰਹੀਆਂ ਹਨ। ਉਨ੍ਹਾਂ ਨੇ ਖੇਤੀਬਾੜੀ ਮੰਤਰੀ ਦੇ ਉਸ ਬਿਆਨ ’ਤੇ ਵੀ ਸਖ਼ਤ ਇਤਰਾਜ਼ ਜਤਾਇਆ, ਜਿਸ ਵਿੱਚ ਕਣਕ ਦੇ ਉਤਪਾਦਨ ਵਿੱਚ ਵਾਧੇ ਲਈ ਮੀਂਹ ਨੂੰ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨੇ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕੈਬਨਿਟ ਮੰਤਰੀ ਸ਼ਰੂਤੀ ਚੌਧਰੀ ਵੱਲੋਂ ਗੜੇਮਾਰੀ ਨੂੰ ਸੁਹਾਵਣਾ ਮੌਸਮ ਕਹਿਣ ’ਤੇ ਵੀ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸਨੂੰ ਕਿਸਾਨਾਂ ਪ੍ਰਤੀ ਅਸੰਵੇਦਨਸ਼ੀਲਤਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰ ਐੱਸ ਐੱਸ ਦੀ ਸੋਚ ਕਿਸਾਨਾਂ ਦੀ ਕਮਰ ਤੋੜ ਰਹੀ ਹੈ ਅਤੇ ਖੇਤੀਬਾੜੀ ਮੰਤਰੀ ਨੂੰ ਆਪਣੇ ਬਿਆਨ ਲਈ ਜਨਤਕ ਮਾਫ਼ੀ ਮੰਗਣੀ ਚਾਹੀਦੀ ਹੈ। ਦਿਗਵਿਜੈ ਚੌਟਾਲਾ ਨੇ ਮੰਡੀਆਂ ਵਿੱਚ ਲਾਗੂ ਕੀਤੇ ਜਾ ਰਹੇ ਬਾਇਓਮੀਟਰਿਕ ਸਿਸਟਮ ਨੂੰ ਅੰਗਰੇਜ਼ਾਂ ਦੇ ਸਮੇਂ ਦੇ ਕਾਲੇ ਕਾਨੂੰਨਾਂ ਨਾਲ ਤੁਲਨਾ ਕਰਦਿਆਂ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਇਸ ਫੈਸਲੇ ਨੂੰ ਵਾਪਸ ਨਾ ਲਿਆ ਤਾਂ ਜੇ ਜੇ ਪੀ ਵੱਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਡਾ. ਜਸਵਿੰਦਰ ਸਿੰਘ ਖਹਿਰਾ, ਯੋਗੇਸ਼ ਸ਼ਰਮਾ, ਹੁਸ਼ਿਆਰ ਸਿੰਘ, ਰਾਜੇਸ਼ ਪਾਇਲਾਟ, ਵਿਸ਼ਾਲ ਮੁਕੀਮਪੁਰਾ, ਸੂਰਿਆ ਪ੍ਰਤਾਪ ਰਾਠੌਰ, ਨਵੀਨ ਸਿਹਾਗ, ਰਣਜੀਤ ਸਿੰਘ, ਕੁਲਦੀਪ ਸੈਣੀ, ਸ਼ੇਖਰ ਡੋਗਰਾ, ਸਾਰਥ ਤਿਵਾੜੀ, ਹਰਸ਼ ਸ਼ਰਮਾ, ਵਿਕਰਮ ਸਿੰਘ ਗੁੱਜਰ ਅਤੇ ਬਲਵਿੰਦਰ ਸਿੰਘ ਸਮੇਤ ਹੋਰ ਆਗੂ ਵੀ ਹਾਜ਼ਰ ਸਨ।

Posted By: Daily Suraj Bureau

Latest News