ਸੰਧਵਾਂ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਫਸੇ ਨਾਗਰਿਕਾਂ ਲਈ ਵਿਸ਼ੇਸ਼ ਉਡਾਣਾਂ ਦੀ ਮੰਗ
ਪੰਜਾਬ ਵਿਧਾਨ ਸਭਾ ਦੇ ਸਪੀਕਰ Kultar Singh Sandhwan ਨੇ Iran ਅਤੇ Israel ਦਰਮਿਆਨ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਅਰਬ ਦੇਸ਼ਾਂ ਵਿੱਚ ਫਸੇ ਭਾਰਤੀ ਨਾਗਰਿਕਾਂ ਦੀ ਸੁਰੱਖਿਅਤ ਵਾਪਸੀ ਲਈ ਕੇਂਦਰ ਸਰਕਾਰ ਦਾ ਧਿਆਨ ਖਿੱਚਿਆ ਹੈ। ਉਨ੍ਹਾਂ ਨੇ ਮਾਨਯੋਗ ਪ੍ਰਧਾਨ ਮੰਤਰੀ Narendra Modi ਤੋਂ ਤੁਰੰਤ ਦਖਲ ਦੀ ਮੰਗ ਕਰਦਿਆਂ ਕਿਹਾ ਕਿ ਖ਼ਾਸ ਕਰਕੇ Dubai ਹਵਾਈ ਅੱਡੇ ਅਤੇ ਹੋਰ ਅਰਬ ਮੁਲਕਾਂ ਵਿੱਚ ਫਸੇ ਭਾਰਤੀਆਂ ਨੂੰ ਜਲਦੀ ਅਤੇ ਸੁਰੱਖਿਅਤ ਤਰੀਕੇ ਨਾਲ ਦੇਸ਼ ਵਾਪਸ ਲਿਆਉਣਾ ਯਕੀਨੀ ਬਣਾਇਆ ਜਾਵੇ। ਮੌਜੂਦਾ ਹਾਲਾਤਾਂ ਕਾਰਨ ਕਈ ਭਾਰਤੀ ਨਾਗਰਿਕ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ, ਜਿਸ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਸੰਧਵਾਂ ਨੇ ਜ਼ੋਰ ਦਿੱਤਾ ਕਿ ਕੇਂਦਰ ਸਰਕਾਰ ਇਸ ਮਾਮਲੇ ਨੂੰ ਸਭ ਤੋਂ ਵੱਧ ਤਰਜੀਹ ਦੇਵੇ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੀ ਸੁਰੱਖਿਅਤ ਅਤੇ ਸਨਮਾਨਜਨਕ ਵਾਪਸੀ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਪੀਕਰ ਨੇ ਪ੍ਰਧਾਨ ਮੰਤਰੀ ਤੋਂ ਅਪੀਲ ਕੀਤੀ ਕਿ ਉਹ ਸਬੰਧਤ ਮੰਤਰਾਲਿਆਂ ਅਤੇ ਅਥਾਰਟੀਆਂ ਨੂੰ ਤੁਰੰਤ ਨਿਰਦੇਸ਼ ਜਾਰੀ ਕਰਨ ਤਾਂ ਜੋ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕੀਤਾ ਜਾ ਸਕੇ ਅਤੇ ਲੋੜੀਂਦੀਆਂ ਕੂਟਨੀਤਕ ਅਤੇ ਪ੍ਰਸ਼ਾਸਕੀ ਕਾਰਵਾਈਆਂ ਫੌਰੀ ਤੌਰ ‘ਤੇ ਕੀਤੀਆਂ ਜਾਣ। ਉਨ੍ਹਾਂ ਨੇ ਇਹ ਵੀ ਕਿਹਾ ਕਿ ਅਜਿਹੇ ਸੰਕਟਕਾਲੀ ਹਾਲਾਤਾਂ ਵਿੱਚ ਇਹ ਬਹੁਤ ਜ਼ਰੂਰੀ ਹੈ ਕਿ ਕੋਈ ਵੀ ਭਾਰਤੀ ਨਾਗਰਿਕ ਸਹਾਇਤਾ ਤੋਂ ਵਾਂਝਾ ਨਾ ਰਹੇ। ਵਿਦੇਸ਼ਾਂ ਵਿੱਚ ਰਹਿੰਦੇ ਹਰ ਭਾਰਤੀ ਦੀ ਸੁਰੱਖਿਆ ਅਤੇ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਕੇਂਦਰ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਹੈ।
Posted By: Daily Suraj Bureau