Daily Suraj

ਪੰਜਾਬੀ

‘ਪੰਜਾਬੀ ਆਡੀਓ ਲਗਾਉਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ’—ਹਰਭਜਨ ਸਿੰਘ ਦੇ ਵੀਡੀਓ ’ਤੇ ਪੰਜਾਬ ਪੁਲੀਸ ਦਾ ਪਲਟਵਾਰ

11 Aug, 2026 12:43 PM

ਕ੍ਰਿਕਟਰ ਤੋਂ ਸਿਆਸਤ ਵਿੱਚ ਆਏ ਰਾਜ ਸਭਾ ਮੈਂਬਰ ਹਰਭਜਨ ਸਿੰਘ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਨਸ਼ੇ ਦੀ ਹਾਲਤ ਵਿੱਚ ਨਜ਼ਰ ਆ ਰਹੇ ਦੋ ਨੌਜਵਾਨਾਂ ਦੀ ਵੀਡੀਓ ਸਾਂਝੀ ਕਰਨ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਨੂੰ ਪੰਜਾਬ ਨਾਲ ਜੋੜ ਕੇ ਸਰਕਾਰ ’ਤੇ ਸਵਾਲ ਚੁੱਕਣ ਤੋਂ ਬਾਅਦ ਪੰਜਾਬ ਪੁਲੀਸ ਨੇ ਇਸ ’ਤੇ ਸਪੱਸ਼ਟੀਕਰਨ ਦਿੰਦਿਆਂ ਹਰਭਜਨ ਸਿੰਘ ਨੂੰ ਸਮੱਗਰੀ ਸਾਂਝੀ ਕਰਨ ਤੋਂ ਪਹਿਲਾਂ ਤੱਥਾਂ ਦੀ ਜਾਂਚ ਕਰਨ ਦੀ ਸਲਾਹ ਦਿੱਤੀ ਹੈ। ਹਰਭਜਨ ਸਿੰਘ ਨੇ ਵੀਡੀਓ ਸਾਂਝੀ ਕਰਦਿਆਂ ਪੰਜਾਬ ਦੀ ਸਥਿਤੀ ਅਤੇ ਪੰਜਾਬੀ ਨੌਜਵਾਨਾਂ ਵਿੱਚ ਨਸ਼ਿਆਂ ਦੀ ਸਮੱਸਿਆ ’ਤੇ ਚਿੰਤਾ ਪ੍ਰਗਟਾਈ ਸੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਕਦੇ ਚੜ੍ਹਦੀ ਕਲਾ, ਹਿੰਮਤ ਅਤੇ ਬਹਾਦਰੀ ਲਈ ਜਾਣਿਆ ਜਾਂਦਾ ਸੀ, ਪਰ ਅੱਜ ਸੂਬੇ ਦੀ ਜਵਾਨੀ ਨਸ਼ਿਆਂ ਦੀ ਲਪੇਟ ਵਿੱਚ ਆ ਰਹੀ ਹੈ। ਉਨ੍ਹਾਂ ਸਰਕਾਰਾਂ ’ਤੇ ਸਵਾਲ ਚੁੱਕਦਿਆਂ ਪੰਜਾਬ ਨੂੰ ਬਚਾਉਣ ਦੀ ਅਪੀਲ ਕੀਤੀ ਸੀ। ਹਰਭਜਨ ਸਿੰਘ ਦੀ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਈ। ਇਸ ਤੋਂ ਬਾਅਦ ਕਈ ਵਰਤੋਂਕਾਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਪੰਜਾਬ ਪੁਲੀਸ ’ਤੇ ਨਸ਼ਿਆਂ ਦੀ ਰੋਕਥਾਮ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਪੰਜਾਬ ਪੁਲੀਸ ਨੇ ਦੱਸਿਆ ਵੀਡੀਓ ਦਾ ਅਸਲ ਸਥਾਨ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲੀਸ ਵੱਲੋਂ ਕੀਤੀ ਗਈ ਜਾਂਚ ਵਿੱਚ ਸਾਹਮਣੇ ਆਇਆ ਕਿ ਵਾਇਰਲ ਹੋ ਰਹੀ ਵੀਡੀਓ ਪੰਜਾਬ ਦੀ ਨਹੀਂ ਹੈ। ਪੁਲੀਸ ਮੁਤਾਬਕ ਇਹ ਵੀਡੀਓ ਗੁਆਂਢੀ ਸੂਬੇ ਰਾਜਸਥਾਨ ਦੇ ਸ਼੍ਰੀ ਗੰਗਾਨਗਰ ਦੀ ਹੈ। ਪੰਜਾਬ ਪੁਲੀਸ ਨੇ ਹਰਭਜਨ ਸਿੰਘ ਨੂੰ ਟੈਗ ਕਰਦਿਆਂ ਸਪੱਸ਼ਟ ਕੀਤਾ ਕਿ ਸਾਂਝੀ ਕੀਤੀ ਗਈ ਵੀਡੀਓ ਦਾ ਪੰਜਾਬ ਨਾਲ ਕੋਈ ਸਬੰਧ ਨਹੀਂ ਹੈ। ਪੁਲੀਸ ਨੇ ਕਿਹਾ ਕਿ ਵੀਡੀਓ ’ਤੇ ਪੰਜਾਬੀ ਆਡੀਓ ਟਰੈਕ ਲਗਾ ਦੇਣ ਨਾਲ ਘਟਨਾ ਪੰਜਾਬ ਦੀ ਨਹੀਂ ਬਣ ਜਾਂਦੀ। ਪੁਲੀਸ ਨੇ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਗੁਮਰਾਹਕੁੰਨ ਸਮੱਗਰੀ ਨੂੰ ਪੋਸਟ ਕਰਨ ਜਾਂ ਪੰਜਾਬ ਪੁਲੀਸ ਨੂੰ ਟੈਗ ਕਰਨ ਤੋਂ ਪਹਿਲਾਂ ਵੀਡੀਓ ਦੇ ਸਥਾਨ ਅਤੇ ਤੱਥਾਂ ਦੀ ਪੜਤਾਲ ਕੀਤੀ ਜਾਵੇ। ਪੁਲੀਸ ਨੇ ਜ਼ਿੰਮੇਵਾਰੀ ਨਾਲ ਜਾਣਕਾਰੀ ਸਾਂਝੀ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਸੋਸ਼ਲ ਮੀਡੀਆ ’ਤੇ ਹਰਭਜਨ ਸਿੰਘ ’ਤੇ ਸਵਾਲ ਪੰਜਾਬ ਪੁਲੀਸ ਦੇ ਸਪੱਸ਼ਟੀਕਰਨ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਕੁਝ ਨੌਜਵਾਨਾਂ ਵੱਲੋਂ ਹਰਭਜਨ ਸਿੰਘ ’ਤੇ ਕਥਿਤ ਤੌਰ ’ਤੇ ਗਲਤ ਜਾਣਕਾਰੀ ਅਤੇ ਅਫ਼ਵਾਹਾਂ ਫੈਲਾਉਣ ਦੇ ਦੋਸ਼ ਲਗਾਏ ਜਾ ਰਹੇ ਹਨ। ਕੁਝ ਵਰਤੋਂਕਾਰਾਂ ਨੇ ਉਨ੍ਹਾਂ ’ਤੇ ਸਿਆਸੀ ਹਿੱਤਾਂ ਲਈ ਪੰਜਾਬ ਦਾ ਅਕਸ ਖ਼ਰਾਬ ਕਰਨ ਦੇ ਦੋਸ਼ ਵੀ ਲਗਾਏ ਹਨ। ਜ਼ਿਕਰਯੋਗ ਹੈ ਕਿ ਅਪਰੈਲ ਮਹੀਨੇ ਵਿੱਚ ਹਰਭਜਨ ਸਿੰਘ ਸਮੇਤ ਸੱਤ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।

Posted By: Daily Suraj Bureau

Latest News