Daily Suraj

ਪੰਜਾਬੀ

ਮਾਨਸਾ 'ਚ ਵੱਡੀ ਹਲਚਲ: ਪਰਵਿੰਦਰ ਝੋਟਾ ਦੇ ਪਰਿਵਾਰ ਨੂੰ ਮਿਲੀ CRPF ਸੁਰੱਖਿਆ, 5 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ

31 Oct, 2026 09:12 AM

ਪੰਜਾਬ ਦੇ ਮਾਨਸਾ ਵਿਖੇ ਚਰਚਿਤ ਪਰਵਿੰਦਰ ਸਿੰਘ ਝੋਟੇ ਦੇ ਮਾਮਲੇ ਵਿੱਚ ਪਰਿਵਾਰ ਅਤੇ ਐਕਸ਼ਨ ਕਮੇਟੀ ਵੱਲੋਂ ਉਲੀਕਿਆ ਗਿਆ 24 ਘੰਟਿਆਂ ਦਾ ਧਰਨਾ ਫ਼ਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਐਕਸ਼ਨ ਕਮੇਟੀ ਵੱਲੋਂ ਲਿਆ ਗਿਆ ਹੈ। ਇਸ ਦਰਮਿਆਨ ਮਾਨਸਾ ਵਿਖੇ ਪੰਜਾਬ ਭਰ ਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਵਿਧਾਇਕਾਂ ਅਤੇ ਵਜ਼ੀਰਾਂ ਦੇ ਘਰਾਂ ਅੱਗੇ ਹੋਣ ਵਾਲੇ ਰੋਸ ਪ੍ਰਦਰਸ਼ਨਾਂ ਨੂੰ ਟਾਲਦੇ ਹੋਏ 5 ਨਵੰਬਰ ਨੂੰ ਸੰਗਰੂਰ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਧਰਨਾ ਦੇਣ ਦਾ ਵੱਡਾ ਐਲਾਨ ਕੀਤਾ ਗਿਆ ਹੈ। ਐਕਸ਼ਨ ਕਮੇਟੀ ਮਾਨਸਾ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਰਵਿੰਦਰ ਸਿੰਘ ਝੋਟਾ ਲਈ ਇਨਸਾਫ਼ ਲੈਣ, ਨਸ਼ਿਆਂ ਦੇ ਮੁਕੰਮਲ ਖ਼ਾਤਮੇ, ਗ੍ਰਿਫ਼ਤਾਰ ਕੀਤੇ ਆਗੂਆਂ ਦੀ ਰਿਹਾਈ ਅਤੇ ਮੋਰਚੇ ਦੀਆਂ ਹੋਰ ਸਮੂਹ ਮੰਗਾਂ ਨੂੰ ਪੂਰਾ ਕਰਵਾਉਣ ਲਈ 5 ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ। ਇਸ ਮੁੱਖ ਪ੍ਰੋਗਰਾਮ ਦੇ ਮੱਦੇਨਜ਼ਰ ਹੀ ਫ਼ਿਲਹਾਲ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾਣ ਵਾਲੇ ਧਰਨੇ ਮੁਲਤਵੀ ਕੀਤੇ ਗਏ ਹਨ। ਪਰਵਿੰਦਰ ਝੋਟੇ ਦੇ ਪਰਿਵਾਰ ਨੂੰ ਮਿਲੀ CRPF ਸੁਰੱਖਿਆ ਦੂਜੇ ਪਾਸੇ, ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਭੇਜੀ ਗਈ ਸੀਆਰਪੀਐੱਫ਼ (CRPF) ਦੀ ਟੀਮ ਮਾਨਸਾ ਪਹੁੰਚ ਗਈ ਹੈ। ਕੇਂਦਰੀ ਸੁਰੱਖਿਆ ਬਲਾਂ ਨੇ ਪਰਿਵਾਰ ਦੀ ਰਾਖੀ ਲਈ ਬਾਕਾਇਦਾ ਆਪਣੀ ਤਾਇਨਾਤੀ ਸ਼ੁਰੂ ਕਰ ਦਿੱਤੀ ਹੈ। ਸਿਆਸੀ ਬਿਆਨਬਾਜ਼ੀ ਅਤੇ ਤਣਾਅ ਜ਼ਿਕਰਯੋਗ ਹੈ ਕਿ 13 ਅਕਤੂਬਰ ਨੂੰ ਹੋਏ ਪਰਵਿੰਦਰ ਸਿੰਘ ਝੋਟੇ ਦੇ ਕਤਲ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਜ਼ੀਰਾਂ ਨੇ ਪਰਿਵਾਰ ਕੋਲ ਜਾਣ ਤੋਂ ਦੂਰੀ ਬਣਾਈ ਹੋਈ ਹੈ, ਜਦਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਮਾਨਸਾ ਆ ਕੇ ਪਰਿਵਾਰ ਨਾਲ ਦੁੱਖ ਸਾਂਝਾ ਕਰ ਚੁੱਕੇ ਹਨ। ਇਸ ਮੁੱਦੇ 'ਤੇ ਪ੍ਰਤੀਕਿਰਿਆ ਦਿੰਦਿਆਂ 'ਆਪ' ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਸਾਰੇ ਵਿਧਾਇਕ ਅੱਜ ਵੀ ਪਰਿਵਾਰ ਕੋਲ ਜਾਣਾ ਚਾਹੁੰਦੇ ਹਨ, ਪਰ ਐਕਸ਼ਨ ਕਮੇਟੀ ਵੱਲੋਂ ਸਰਕਾਰ 'ਤੇ ਬੇਲੋੜਾ ਤਨਜ਼ ਕੱਸਿਆ ਜਾ ਰਿਹਾ ਹੈ ਅਤੇ ਸਿਆਸੀ ਹਿੱਤਾਂ ਲਈ ਬਾਪੂ ਭੀਮ ਸਿੰਘ ਫੌਜੀ ਨੂੰ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮ੍ਰਿਤਕ ਦਲਜੀਤ ਸਿੰਘ ਦੇ ਸਸਕਾਰ 'ਤੇ ਪੇਚ ਫਸਿਆ ਇਸ ਦੇ ਨਾਲ ਹੀ, ਨਸ਼ੇ ਦੀ ਕਥਿਤ ਓਵਰਡੋਜ਼ ਕਾਰਨ ਜਾਨ ਗੁਆਉਣ ਵਾਲੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਦਾ ਮਾਮਲਾ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਅਟਕਿਆ ਹੋਇਆ ਹੈ। ਮਾਨਸਾ ਇਨਸਾਫ਼ ਮੋਰਚੇ ਨਾਲ ਜੁੜੀ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਨੇ ਪ੍ਰਸ਼ਾਸਨ 'ਤੇ ਪਤੀ ਦੀ ਦੇਹ ਦੀ ਬੇਕਦਰੀ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਪਰਿਵਾਰ ਦੀ ਸਹਿਮਤੀ ਤੋਂ ਬਿਨਾਂ ਜਬਰੀ ਸੰਸਕਾਰ ਕੀਤਾ ਗਿਆ ਤਾਂ ਉਹ ਹਾਈ ਕੋਰਟ ਦਾ ਰੁੱਖ ਕਰਨਗੇ। ਹਾਲਾਂਕਿ, ਇਸ ਮਾਮਲੇ ਵਿੱਚ ਦੂਜਾ ਪੱਖ ਉਦੋਂ ਸਾਹਮਣੇ ਆਇਆ ਜਦੋਂ ਦਲਜੀਤ ਸਿੰਘ ਦੇ ਪਿਤਾ ਜਰਨੈਲ ਸਿੰਘ ਨੇ ਆਪਣੇ ਪੁੱਤਰ ਦਾ ਅੰਤਿਮ ਸੰਸਕਾਰ ਕਰਨ ਦੀ ਗੱਲ ਕਹੀ ਹੈ।

Latest News