ਬੈਂਕ ਲੋਨ ਧੋਖਾਧੜੀ ਮਾਮਲੇ ਵਿੱਚ ‘ਆਪ’ ਆਗੂ ’ਤੇ ਈ.ਡੀ. ਦੀ ਕਾਰਵਾਈ

ਬੈਂਕ ਲੋਨ ਧੋਖਾਧੜੀ ਮਾਮਲੇ ਵਿੱਚ ‘ਆਪ’ ਆਗੂ ’ਤੇ ਈ.ਡੀ. ਦੀ ਕਾਰਵਾਈ

ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਦੀਪਕ ਸਿੰਗਲਾ ਨੂੰ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ। ਅਧਿਕਾਰੀਆਂ ਮੁਤਾਬਕ ਇਹ ਕਾਰਵਾਈ ਦਿੱਲੀ ਅਤੇ ਗੋਆ ਵਿੱਚ ਕੀਤੀ ਗਈ ਛਾਪੇਮਾਰੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ। ਦੀਪਕ ਸਿੰਗਲਾ ਦਿੱਲੀ ਦੀ ਵਿਸ਼ਵਾਸ ਨਗਰ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਸਾਲ 2024 ਵਿੱਚ ਵੀ ਈ.ਡੀ. ਵੱਲੋਂ ਜਾਂਚ ਦੇ ਸਿਲਸਿਲੇ ਵਿੱਚ ਉਨ੍ਹਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਮਨੀ ਲਾਂਡਰਿੰਗ ਦਾ ਇਹ ਮਾਮਲਾ ਇੱਕ ਬੈਂਕ ਲੋਨ ਧੋਖਾਧੜੀ ਨਾਲ ਜੁੜਿਆ ਹੋਇਆ ਹੈ। ਛਾਪੇਮਾਰੀ ਦੌਰਾਨ ਕਥਿਤ ਤੌਰ ’ਤੇ ਕੁਝ ਇਤਰਾਜ਼ਯੋਗ ਦਸਤਾਵੇਜ਼ ਬਰਾਮਦ ਹੋਣ ਤੋਂ ਬਾਅਦ ਈ.ਡੀ. ਨੇ ਸਿੰਗਲਾ ਨੂੰ ਹਿਰਾਸਤ ਵਿੱਚ ਲੈ ਲਿਆ। ਜਾਂਚ ਏਜੰਸੀ ਮੁਤਾਬਕ, ਮਾਮਲੇ ਨਾਲ ਸੰਬੰਧਿਤ ਹੋਰ ਪੱਖਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਅਦਾਲਤ ਵਿੱਚ ਪੇਸ਼ੀ ਤੋਂ ਬਾਅਦ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਆਮ ਆਦਮੀ ਪਾਰਟੀ ਵੱਲੋਂ ਇਸ ਗ੍ਰਿਫ਼ਤਾਰੀ ਸਬੰਧੀ ਕੋਈ ਅਧਿਕਾਰਿਕ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ।