Daily Suraj

ਪੰਜਾਬੀ

ਭਾਜਪਾ ਨਾਲ ਗੱਠਜੋੜ ਲਈ ਅਕਾਲੀ ਦਲ ਕਰ ਰਿਹੈ ਮਿੰਨਤਾਂ: CM ਮਾਨ

27 Aug, 2026 08:22 AM

ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਮਜੀਠਾ ਹਲਕੇ ਦੇ ਕਸਬਾ ਚਵਿੰਡਾ ਦੇਵੀ ਵਿੱਚ ਕਰਵਾਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਤਿੱਖਾ ਸਿਆਸੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮਜੀਠਾ ਹਲਕੇ ਵਿੱਚ ਮਜੀਠੀਆ ਦਾ ‘ਗੁੰਡਾ ਰਾਜ’ ਹੁਣ ਖ਼ਤਮ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਮਜੀਠੀਆ ਪਰਿਵਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਇਹ ਪਰਿਵਾਰ ਦੇਸ਼ ਦਾ ਗ਼ੱਦਾਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੱਲ੍ਹਿਆਂਵਾਲਾ ਬਾਗ ਦੇ ਗੋਲੀਕਾਂਡ ਵਾਲੀ ਰਾਤ ਜਨਰਲ ਡਾਇਰ ਨੂੰ ਉਨ੍ਹਾਂ ਦੇ ਘਰ ਖਾਣਾ ਖਵਾਇਆ ਗਿਆ ਸੀ। ਅਕਾਲੀ ਦਲ ’ਤੇ ਨਿਸ਼ਾਨਾ ਸੇਧਦਿਆਂ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਆਪਣੀ ਹੋਂਦ ਬਚਾਉਣ ਲਈ ਭਾਜਪਾ ਨਾਲ ਗੱਠਜੋੜ ਕਰਨ ਦੀਆਂ ਮਿੰਨਤਾਂ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਸਰਕਾਰ ਦੇ ਸਮੇਂ ਸ਼ਰ੍ਹੇਆਮ ਨਸ਼ਾ ਵਿਕਦਾ ਸੀ ਅਤੇ ਅਕਾਲੀ ਆਗੂਆਂ ਨੂੰ ਪੰਜਾਬ ਦੀ ਜਵਾਨੀ ਦਾ ਕਾਤਲ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦਾ ਸਿਆਸੀ ਬੇੜਾ ਡੁੱਬ ਚੁੱਕਾ ਹੈ ਅਤੇ ਹੁਣ ਪਾਰਟੀ ਭਾਜਪਾ ਦੀ ਬੇੜੀ ਵਿੱਚ ਸਵਾਰ ਹੋਣ ਲਈ ਤਰਲੋਮੱਛੀ ਹੋ ਰਹੀ ਹੈ। ਕਾਂਗਰਸ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਪਾਰਟੀ ਦੀ ਹਾਲਤ ਹਸਪਤਾਲ ਵਿੱਚ ਦਾਖ਼ਲ 90 ਸਾਲਾ ਬਜ਼ੁਰਗ ਵਰਗੀ ਹੈ, ਜਿਸ ਬਾਰੇ ਡਾਕਟਰ ਘਰ ਲਿਜਾ ਕੇ ਸੇਵਾ ਕਰਨ ਦੀ ਸਲਾਹ ਦਿੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਹੁਣ ਆਖ਼ਰੀ ਸਾਹਾਂ ’ਤੇ ਹੈ ਅਤੇ ਕੁਰਸੀ ਦੀ ਲੜਾਈ ਉਸ ਦੇ ਪਤਨ ਦਾ ਮੁੱਖ ਕਾਰਨ ਬਣੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਰਵਾਇਤੀ ਪਾਰਟੀਆਂ ਤੋਂ ਨਿਜਾਤ ਮਿਲ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ 2027 ਵਿੱਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਮਾਨ ਨੇ ਮਜੀਠਾ ਹਲਕੇ ਦੇ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਹੌਸਲਾ-ਅਫ਼ਜ਼ਾਈ ਵੀ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਹਲਕੇ ਦੇ ਵਿਕਾਸ ਕਾਰਜਾਂ ਨੂੰ ਤੁਰੰਤ ਮਨਜ਼ੂਰੀ ਦਿੱਤੀ ਜਾਵੇਗੀ ਅਤੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਰਹੇਗੀ।

Posted By: Daily Suraj Bureau

Latest News