Daily Suraj

ਪੰਜਾਬੀ

ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲੈ ਕੇ ਵੱਡਾ ਐਲਾਨ, ਜੁਲਾਈ ਤੋਂ ਸ਼ੁਰੂ ਹੋਵੇਗੀ ਰਕਮ ਜਾਰੀ

02 Jun, 2026 03:43 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਸੂਬੇ ਦੀਆਂ ਯੋਗ ਮਹਿਲਾਵਾਂ ਨੂੰ 1 ਜੁਲਾਈ 2026 ਤੋਂ ਹਰ ਮਹੀਨੇ ਆਰਥਿਕ ਸਹਾਇਤਾ ਦੀ ਰਕਮ ਮਿਲਣੀ ਸ਼ੁਰੂ ਹੋ ਜਾਵੇਗੀ। ਮੁੱਖ ਮੰਤਰੀ ਨੇ ਇਹ ਜਾਣਕਾਰੀ ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਆਪਣੀ ਸਰਕਾਰੀ ਰਿਹਾਇਸ਼ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਮੁੱਖ ਮੰਤਰੀ ਨੇ ਦੱਸਿਆ ਕਿ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਇਸ ਯੋਜਨਾ ਅਧੀਨ ਪੰਜਾਬ ਦੀਆਂ ਲਗਭਗ 52 ਲੱਖ ਔਰਤਾਂ ਲਾਭਪਾਤਰੀ ਬਣਨ ਦੀ ਯੋਗਤਾ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਕਰੀਬ 36 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ 1 ਜੁਲਾਈ ਤੋਂ ਯੋਗ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 1000 ਰੁਪਏ ਪ੍ਰਤੀ ਮਹੀਨਾ ਜਮ੍ਹਾਂ ਹੋਣੇ ਸ਼ੁਰੂ ਹੋ ਜਾਣਗੇ। ਸਰਕਾਰ ਦਾ ਮੰਨਣਾ ਹੈ ਕਿ ਇਹ ਯੋਜਨਾ ਮਹਿਲਾਵਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ "ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ" ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਦਲਿਤ ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਸੀ। ਇਸ ਯੋਜਨਾ ਲਈ ਅਪ੍ਰੈਲ 2026 ਵਿੱਚ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਸਰਕਾਰ ਵੱਲੋਂ ਇਸ ਮਹੱਤਵਾਕਾਂਖੀ ਯੋਜਨਾ ਨੂੰ ਲਾਗੂ ਕਰਨ ਲਈ 9300 ਕਰੋੜ ਰੁਪਏ ਦਾ ਬਜਟ ਵੀ ਨਿਰਧਾਰਤ ਕੀਤਾ ਗਿਆ ਹੈ। ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਹੈ ਅਤੇ ਬਾਕੀ ਯੋਗ ਮਹਿਲਾਵਾਂ ਨੂੰ ਵੀ ਯੋਜਨਾ ਨਾਲ ਜੋੜਨ ਲਈ ਉਪਰਾਲੇ ਕੀਤੇ ਜਾ ਰਹੇ ਹਨ।

Posted By: Daily Suraj Bureau

Latest News