ਡਿਪਟੀ ਕਮਿਸ਼ਨਰ ਨੇ ਐਸ.ਆਈ.ਆਰ. ਤਹਿਤ ਨੋਟਿਸ ਸੁਣਵਾਈ ਪ੍ਰਕਿਰਿਆ ਦਾ ਲਿਆ ਜਾਇਜ਼ਾ
- ਪੰਜਾਬ
- (Asia/Kolkata)
ਹਰੇਕ ਯੋਗ ਵੋਟਰ ਨੂੰ ਵੈਰੀਫਿਕੇਸ਼ਨ ਲਈ ਦਸਤਾਵੇਜ਼ ਜਮ੍ਹਾਂ ਕਰਵਾਉਣ ਦਾ ਪੂਰਾ ਸਮਾਂ ਦੇਣ ਦੇ ਹੁਕਮ ਫਗਵਾੜਾ ,ਕਪੂਰਥਲਾ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਕਾਸ਼ ਬਾਂਸਲ ਨੇ ਵੋਟਰ ਸੂਚੀ ਦੀ ਡਰਾਫਟ ਪ੍ਰਕਾਸ਼ਨਾ ਤੋਂ ਬਾਅਦ ਜਾਰੀ ਕੀਤੇ ਨੋਟਿਸਾਂ ਦੇ ਸਬੰਧ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ ਦੇ ਹਿੱਸੇ ਵਜੋਂ ਸਥਾਪਿਤ ਦੋ ਨੋਟਿਸ ਸੁਣਵਾਈ ਕੇਂਦਰਾਂ ਦਾ ਨਿਰੀਖਣ ਕੀਤਾ ਅਤੇ ਲੋਕਾਂ ਦੀ ਸੁਣਵਾਈ ਪ੍ਰਕਿਰਿਆ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਧਾਲੀਵਾਲ ਦੋਨਾ ਵਿਖੇ ਡੀ.ਐਮ. ਵੇਅਰਹਾਊਸਿੰਗ ਮਨਦੀਪ ਸਿੰਘ ਅਤੇ ਕਪੂਰਥਲਾ ਵਿਖੇ ਆਸ਼ੀਸ਼ ਚੋਪੜਾ, ਐਸ.ਡੀ.ਈ., ਜਲ ਸਪਲਾਈ ਅਤੇ ਸੈਨੀਟੇਸ਼ਨ ਦੇ ਦਫ਼ਤਰਾਂ ਵਿੱਚ ਵਧੀਕ ਏ.ਈ.ਆਰ.ਓਜ਼ ਦੇ ਨੋਟਿਸ ਸੁਣਵਾਈ ਕੇਂਦਰਾਂ ਦਾ ਦੌਰਾ ਕੀਤਾ, ਜਿੱਥੇ ਉਹ ਉਨ੍ਹਾਂ ਵਿਅਕਤੀਆਂ ਦੇ ਮਾਮਲਿਆਂ ਦੀ ਸੁਣਵਾਈ ਕਰ ਰਹੇ ਸਨ ਜਿਨ੍ਹਾਂ ਨੂੰ ਨੋਟਿਸ ਮਿਲੇ ਸਨ ਅਤੇ ਜੋ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਆਏ ਸਨ। ਨਿਰੀਖਣ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੁਆਰਾ ਜਮ੍ਹਾਂ ਕਰਵਾਏ ਗਏ ਦਸਤਾਵੇਜ਼ਾਂ ਨੂੰ ਪ੍ਰਾਪਤ ਕਰਨ ਅਤੇ ਉਨ੍ਹਾਂ ਦੀ ਜਾਂਚ ਕਰਨ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਸਮੀਖਿਆ ਕੀਤੀ। ਉਨ੍ਹਾਂ ਸੁਣਵਾਈ ਕੇਂਦਰਾਂ 'ਤੇ ਆਏ ਕਈ ਨਾਗਰਿਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਦੌਰਾਨ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ, ਜੇਕਰ ਕੋਈ ਹੋਵੇ, ਬਾਰੇ ਪੁੱਛਗਿੱਛ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੋਟਿਸ ਸੁਣਵਾਈ ਪ੍ਰਕਿਰਿਆ ਐਸ.ਆਈ.ਆਰ. ਮੁਹਿੰਮ ਦਾ ਇੱਕ ਮਹੱਤਵਪੂਰਨ ਹਿੱਸਾ ਹੈ, ਜਿਸਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਯੋਗ ਨਾਗਰਿਕ ਨੂੰ ਆਪਣੀ ਯੋਗਤਾ ਸਾਬਤ ਕਰਨ ਅਤੇ ਅੰਤਿਮ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾਉਣ ਦਾ ਪੂਰਾ ਮੌਕਾ ਮਿਲੇ। ਉਨ੍ਹਾਂ ਅਧਿਕਾਰੀਆਂ ਨੂੰ ਹਰ ਮਾਮਲੇ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਨਿਰਦੇਸ਼ ਦਿੱਤੇ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਨੋਟਿਸਾਂ ਦੇ ਜਵਾਬ ਵਿੱਚ ਆਉਣ ਵਾਲੇ ਲੋਕਾਂ ਨੂੰ ਵੈਰੀਫਿਕੇਸ਼ਨ ਲਈ ਲੋੜੀਂਦੇ ਦਸਤਾਵੇਜ਼ਾਂ ਬਾਰੇ ਸਹੀ ਢੰਗ ਨਾਲ ਮਾਰਗਦਰਸ਼ਨ ਕੀਤਾ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਕਿਰਿਆ ਦੌਰਾਨ ਕਿਸੇ ਵੀ ਯੋਗ ਵੋਟਰ ਨੂੰ ਅਣਲੋੜੀਂਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਆਈ.ਆਰ. ਦਾ ਮਕਸਦ ਸਾਰੇ ਯੋਗ ਨਾਗਰਿਕਾਂ ਦੇ ਵੋਟਿੰਗ ਅਧਿਕਾਰਾਂ ਦੀ ਰਾਖੀ ਕਰਦੇ ਹੋਏ ਇੱਕ ਸਹੀ, ਅਪਡੇਟਿਡ ਅਤੇ ਤਰੁਟੀ-ਰਹਿਤ ਵੋਟਰ ਸੂਚੀ ਤਿਆਰ ਕਰਨਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਜਮ੍ਹਾਂ ਕਰਵਾਏ ਦਸਤਾਵੇਜ਼ਾਂ ਦੀ ਸਹੀ ਜਾਂਚ ਕੀਤੀ ਜਾਵੇ ਅਤੇ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਤੈਅ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਮੁਕੰਮਲ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਸਾਰੇ ਨੋਟਿਸ ਸੁਣਵਾਈ ਕੇਂਦਰਾਂ 'ਤੇ ਢੁਕਵੇਂ ਪ੍ਰਬੰਧ ਹੋਣ ਤਾਂ ਜੋ ਨਾਗਰਿਕ ਬਿਨਾਂ ਕਿਸੇ ਔਖ ਦੇ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਸਕਣ। ਉਨਾਂ ਨੇ ਕਿਹਾ ਕਿ ਦਸਤਾਵੇਜ਼ਾਂ ਨੂੰ ਸਮੇਂ ਸਿਰ ਜਮ੍ਹਾਂ ਕਰਵਾਉਣ ਨਾਲ ਵੈਰੀਫਿਕੇਸ਼ਨ ਪ੍ਰਕਿਰਿਆ ਵਿੱਚ ਆਸਾਨੀ ਹੋਵੇਗੀ ਅਤੇ ਇਹ ਯਕੀਨੀ ਬਣਾਉਣ ਵਿੱਚ ਮਦਦ ਮਿਲੇਗੀ ਕਿ ਸਾਰੇ ਯੋਗ ਵੋਟਰਾਂ ਦੇ ਨਾਂ ਅੰਤਿਮ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਐਸ.ਆਈ.ਆਰ. ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਨਾਗਰਿਕ-ਪੱਖੀ ਢੰਗ ਨਾਲ ਚਲਾਉਣ ਲਈ ਹਰ ਸੰਭਵ ਯਤਨ ਕਰ ਰਿਹਾ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਪ੍ਰਕਿਰਿਆ ਦੌਰਾਨ ਅਧਿਕਾਰੀਆਂ ਦਾ ਸਹਿਯੋਗ ਕਰਨ। ਜ਼ਿਲ੍ਹਾ ਚੋਣ ਅਫ਼ਸਰ ਨੇ ਲੋਕਾਂ ਨੂੰ ਚੋਣ ਪ੍ਰਕਿਰਿਆ ਨਾਲ ਸਬੰਧਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਟੋਲ-ਫ੍ਰੀ ਵੋਟਰ ਹੈਲਪਲਾਈਨ 1950 ਜਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਹੈਲਪਲਾਈਨ 01822-233777 'ਤੇ ਸੰਪਰਕ ਕਰਨ ਦੀ ਅਪੀਲ ਵੀ ਕੀਤੀ।
Leave a Reply