Daily Suraj

ਪੰਜਾਬੀ

ਪੰਜਾਬ ਕਾਂਗਰਸ ’ਚ ਵੱਡਾ ਫ਼ੈਸਲਾ: ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਪਾਰਟੀ ’ਚ ਵਾਪਸੀ, ਪ੍ਰਧਾਨ ਪਰਗਟ ਸਿੰਘ ਨੇ ਰੱਦ ਕੀਤੀ ਮੁਅੱਤਲੀ

23 Nov, 2026 09:11 AM

ਪੰਜਾਬ ਕਾਂਗਰਸ ਵਿੱਚ ਹੋਈ ਸੰਗਠਨਾਤਮਕ ਤਬਦੀਲੀ ਤੋਂ ਬਾਅਦ ਹੁਣ ਪਾਰਟੀ ਦੇ ਪੁਰਾਣੇ ਅਤੇ ਨਾਰਾਜ਼ ਆਗੂਆਂ ਨੂੰ ਮੁੜ ਸਰਗਰਮ ਕਰਨ ਦੀਆਂ ਕੋਸ਼ਿਸ਼ਾਂ ਤੇਜ਼ ਹੋ ਗਈਆਂ ਹਨ। ਇਸੇ ਕੜੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਘਨੌਰ ਤੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਵਿੱਚ ਮੁੜ ਵਾਪਸੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਨੇ ਅਹਿਮ ਫ਼ੈਸਲਾ ਲੈਂਦਿਆਂ ਜਲਾਲਪੁਰ ਦੀ ਮੁਅੱਤਲੀ ਨੂੰ ਰੱਦ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਲਈ ਪਾਰਟੀ ਵਿੱਚ ਮੁੜ ਸਰਗਰਮ ਸਿਆਸਤ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਰਾਜਾ ਵੜਿੰਗ ਨੇ ਕੀਤਾ ਸੀ ਤਿੰਨ ਸਾਲ ਲਈ ਮੁਅੱਤਲ ਜ਼ਿਕਰਯੋਗ ਹੈ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਕਾਰਜਕਾਲ ਦੌਰਾਨ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ਾਂ ਹੇਠ ਮਦਨ ਲਾਲ ਜਲਾਲਪੁਰ ਨੂੰ ਤਿੰਨ ਸਾਲਾਂ ਲਈ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਅਨੁਸ਼ਾਸਨੀ ਕਾਰਵਾਈ ਤੋਂ ਬਾਅਦ ਕਾਂਗਰਸ ਅੰਦਰ ਜਲਾਲਪੁਰ ਦੇ ਸਿਆਸੀ ਭਵਿੱਖ ਅਤੇ ਭੂਮਿਕਾ ਨੂੰ ਲੈ ਕੇ ਲਗਾਤਾਰ ਕਈ ਤਰ੍ਹਾਂ ਦੀਆਂ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ। ਪਾਰਟੀ ਹਾਈਕਮਾਂਡ ਖ਼ਿਲਾਫ਼ ਬਿਆਨਾਂ ਕਾਰਨ ਹੋਈ ਸੀ ਕਾਰਵਾਈ ਮਦਨ ਲਾਲ ਜਲਾਲਪੁਰ ਵਿਰੁੱਧ ਇਹ ਸਖ਼ਤ ਕਾਰਵਾਈ ਉਨ੍ਹਾਂ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਹਾਈਕਮਾਂਡ ਬਾਰੇ ਕੀਤੀ ਗਈ ਬਿਆਨਬਾਜ਼ੀ ਤੋਂ ਬਾਅਦ ਅਮਲ ਵਿੱਚ ਲਿਆਂਦੀ ਗਈ ਸੀ। ਉਸ ਸਮੇਂ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਵੀ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ। ਇਸ ਪ੍ਰਕਿਰਿਆ ਮਗਰੋਂ ਤਤਕਾਲੀ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਪਾਰਟੀ ’ਚੋਂ ਮੁਅੱਤਲ ਕਰਨ ਦਾ ਫ਼ੈਸਲਾ ਸੁਣਾਇਆ ਸੀ। 2027 ਚੋਣਾਂ ਤੋਂ ਪਹਿਲਾਂ ਪਟਿਆਲਾ ਜ਼ਿਲ੍ਹੇ ਵਿੱਚ ਕਾਂਗਰਸ ਨੂੰ ਮਿਲੇਗੀ ਮਜ਼ਬੂਤੀ ਸਿਆਸੀ ਹਲਕਿਆਂ ਮੁਤਾਬਕ, ਮਦਨ ਲਾਲ ਜਲਾਲਪੁਰ ਪਟਿਆਲਾ ਜ਼ਿਲ੍ਹੇ ਵਿੱਚ ਕਾਂਗਰਸ ਦੇ ਸਰਗਰਮ ਅਤੇ ਪ੍ਰਭਾਵਸ਼ਾਲੀ ਆਗੂਆਂ ਵਿੱਚ ਸ਼ੁਮਾਰ ਹਨ। ਘਨੌਰ ਹਲਕੇ ਵਿੱਚ ਉਨ੍ਹਾਂ ਦਾ ਮਜ਼ਬੂਤ ਸਿਆਸੀ ਆਧਾਰ ਮੰਨਿਆ ਜਾਂਦਾ ਹੈ। ਅਜਿਹੇ ਵਿੱਚ ਅਗਲੇ ਸਾਲ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ ਨੂੰ ਬੇਹੱਦ ਅਹਿਮ ਮੰਨਿਆ ਜਾ ਰਿਹਾ ਹੈ। ਪ੍ਰਧਾਨ ਪਰਗਟ ਸਿੰਘ ਵੱਲੋਂ ਮੁਅੱਤਲੀ ਰੱਦ ਕੀਤੇ ਜਾਣ ਨਾਲ ਪਾਰਟੀ ਨੂੰ ਘਨੌਰ ਸਮੇਤ ਸਮੁੱਚੇ ਪਟਿਆਲਾ ਜ਼ਿਲ੍ਹੇ ਵਿੱਚ ਆਪਣੀਆਂ ਸਿਆਸੀ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਵੱਡਾ ਸਹਾਰਾ ਮਿਲ ਸਕਦਾ ਹੈ।

Latest News