ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਤੀਜੇ ਪੜਾਅ ਦੀ ਸ਼ੁਰੂਆਤ
- ਪੰਜਾਬ
- (Asia/Kolkata)
ਸ੍ਰੀ ਆਨੰਦਪੁਰ ਸਾਹਿਬ
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭ ਕੀਤੇ ਗਏ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦਾ ਤੀਜਾ ਪੜਾਅ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਗਿਆ। ਇਸ ਮੌਕੇ ਮਾਰਚ ਦੀ ਆਰੰਭਤਾ ਦੀ ਅਰਦਾਸ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੀਤੀ। ਅੰਮ੍ਰਿਤ ਵੇਲੇ ਤੋਂ ਹੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਮਾਰਚ ਵਿੱਚ ਸ਼ਾਮਲ ਹੋਣ ਲਈ ਪੁੱਜ ਰਹੀਆਂ ਸਨ। ਇਹ ਮਾਰਚ ਦੁਆਬੇ ਅਤੇ ਮਾਝੇ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦਾ ਹੋਇਆ 25 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਮੀਰੀ-ਪੀਰੀ ਖ਼ਾਲਸਾ ਮਾਰਚ ਦੇ ਪਹਿਲੇ ਪੜਾਅ ਦੀ ਆਰੰਭਤਾ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਈ ਸੀ। ਪੰਜਾਬ ਦੇ ਮਾਝਾ ਅਤੇ ਮਾਲਵਾ ਖੇਤਰਾਂ ਵਿੱਚੋਂ ਹੁੰਦਾ ਹੋਇਆ ਇਹ ਪੜਾਅ 4 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸੰਪੂਰਨ ਹੋਇਆ ਸੀ। ਇਸ ਤੋਂ ਬਾਅਦ ਦੂਜੇ ਪੜਾਅ ਦੀ ਸ਼ੁਰੂਆਤ 23 ਅਗਸਤ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਹੋਈ ਅਤੇ ਮਾਲਵਾ ਤੇ ਪੁਆਧ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਵਿੱਚੋਂ ਹੁੰਦਾ ਹੋਇਆ ਇਹ ਪੜਾਅ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਪੂਰਨ ਹੋਇਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਮਾਰਚ ਦੇ ਵੱਖ-ਵੱਖ ਪੜਾਵਾਂ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਹੈ ਅਤੇ ਹਜ਼ਾਰਾਂ ਨੌਜਵਾਨਾਂ ਨੇ ਕੇਸ ਰੱਖ ਕੇ ਗੁਰੂ ਦੇ ਦਰਸਾਏ ਮਾਰਗ ’ਤੇ ਚੱਲਣ ਅਤੇ ਸਮਾਜਿਕ ਬੁਰਾਈਆਂ ਤਿਆਗਣ ਦਾ ਪ੍ਰਣ ਲਿਆ ਹੈ। ਉਨ੍ਹਾਂ ਕਿਹਾ ਕਿ ਮਾਰਚ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਅਤੇ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕੀਤੀ। ਇਸ ਮੌਕੇ ਸਾਬਕਾ ਸਿੱਖਿਆ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ, ਐਸਜੀਪੀਸੀ ਮੈਂਬਰ ਹਰਜਿੰਦਰ ਕੌਰ ਅਤੇ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਮਾਰਚ ਦਾ ਮੁੱਖ ਮਕਸਦ ਸਮੂਹ ਪੰਜਾਬੀਆਂ ਨੂੰ ਮੀਰੀ-ਪੀਰੀ ਦੇ ਸਿਧਾਂਤ ਨਾਲ ਜੁੜਨ, ਗੁਰਬਾਣੀ ਨਾਲ ਜੁੜਨ, ਬਾਣੀ ਤੇ ਬਾਣੇ ਦੇ ਧਾਰਨੀ ਬਣਨ ਅਤੇ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਹੈ। ਇਸ ਮੌਕੇ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਵੱਡੀ ਗਿਣਤੀ ਵਿੱਚ ਸੰਗਤ ਮੌਜੂਦ ਸਨ।
Leave a Reply