ਮਜੀਠੀਆ ਦੀ ਮੁੜ ਜਿਰ੍ਹਾ ਦੇ ਹੁਕਮ, ਲੁਧਿਆਣਾ ਅਦਾਲਤ ਵਿੱਚ ਹੋਵੇਗੀ ਸੁਣਵਾਈ

ਮਜੀਠੀਆ ਦੀ ਮੁੜ ਜਿਰ੍ਹਾ ਦੇ ਹੁਕਮ, ਲੁਧਿਆਣਾ ਅਦਾਲਤ ਵਿੱਚ ਹੋਵੇਗੀ ਸੁਣਵਾਈ

ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਦਰਜ ਮਾਣਹਾਨੀ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੰਜੇ ਸਿੰਘ ਦੀ ਪਟੀਸ਼ਨ ਨੂੰ ਮਨਜ਼ੂਰੀ ਦਿੰਦਿਆਂ ਮਜੀਠੀਆ ਦੀ ਇੱਕ ਵਾਰ ਫਿਰ ਜਿਰ੍ਹਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤੀ ਫੈਸਲੇ ਦੇ ਅਨੁਸਾਰ, ਇਸ ਮਾਮਲੇ ਦੀ ਹੁਣ ਲੁਧਿਆਣਾ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਲੁਧਿਆਣਾ ਅਦਾਲਤ ਨੇ ਪਹਿਲੀ ਸੁਣਵਾਈ ਦੌਰਾਨ ਮਜੀਠੀਆ ਦੇ ਮੁਕੱਦਮੇ ਨੂੰ ਖਾਰਜ ਕਰ ਦਿੱਤਾ ਸੀ। ਇਸ ਫੈਸਲੇ ਨੂੰ ਚੁਣੌਤੀ ਦੇਣ ਲਈ 2021 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਸਰਕਾਰੀ ਵਕੀਲ ਫੈਰੀ ਸੋਫਤ ਨੇ ਦੱਸਿਆ ਕਿ ਮਜੀਠੀਆ ਵੱਲੋਂ ਸੰਜੇ ਸਿੰਘ ਖ਼ਿਲਾਫ਼ ਮਾਣਹਾਨੀ ਦਾ ਕੇਸ 2016 ਵਿੱਚ ਦਰਜ ਕੀਤਾ ਗਿਆ ਸੀ। ਅਦਾਲਤ ਨੇ ਉਸ ਸਮੇਂ ਜਿਰ੍ਹਾ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਸੰਜੇ ਸਿੰਘ ਨੇ 2021 ਵਿੱਚ ਹਾਈ ਕੋਰਟ ਦਾ ਦਰਵਾਜ਼ਾ ਖਟਖਟਾਇਆ। ਹੁਣ ਹਾਈ ਕੋਰਟ ਦੇ ਤਾਜ਼ਾ ਫੈਸਲੇ ਨਾਲ ਸੰਜੇ ਸਿੰਘ ਨੂੰ ਮੁੜ ਜਿਰ੍ਹਾ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਸ ਦੌਰਾਨ ਮਜੀਠੀਆ ਵੱਲੋਂ ਵੀ ਇੱਕ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿੱਚ ਕੇਸ ਵਿੱਚ ਤਿੰਨ ਗਵਾਹ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਸੀ, ਪਰ ਅਦਾਲਤ ਨੇ ਇਸ ਅਰਜ਼ੀ ਨੂੰ ਰੱਦ ਕਰ ਦਿੱਤਾ। ਹੁਣ ਇਹ ਮਾਮਲਾ ਲੁਧਿਆਣਾ ਅਦਾਲਤ ਵਿੱਚ ਮੁੜ ਸ਼ੁਰੂ ਕੀਤਾ ਜਾਵੇਗਾ। ਇਹ ਮਾਮਲਾ 2015-2016 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਾ ਹੈ, ਜਦੋਂ ‘ਆਪ’ ਆਗੂਆਂ ਨੇ ਅਕਾਲੀ ਦਲ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਲਗਾਏ ਸਨ। ਮੋਗਾ ਵਿੱਚ ਇੱਕ ਰੈਲੀ ਦੌਰਾਨ ਸੰਜੇ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਨੂੰ “ਡਰੱਗ ਡੀਲਰ” ਕਹਿੰਦੇ ਹੋਏ ਨਸ਼ੇ ਦੇ ਵਪਾਰ ਨਾਲ ਜੋੜਿਆ ਸੀ। ਸੰਜੇ ਸਿੰਘ ਨੇ ਇਹ ਵੀ ਕਿਹਾ ਸੀ ਕਿ ਜੇਕਰ ‘ਆਪ’ ਸੱਤਾ ਵਿੱਚ ਆਉਂਦੀ ਹੈ ਤਾਂ ਅਜਿਹੇ ਆਗੂਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਮਜੀਠੀਆ ਨੇ ਇਨ੍ਹਾਂ ਦੋਸ਼ਾਂ ਨੂੰ ਬਿਨਾਂ ਸਬੂਤਾਂ ਦੇ ਮਾਣਹਾਨੀ ਕਰਾਰ ਦਿੰਦਿਆਂ ਜਨਵਰੀ 2016 ਵਿੱਚ ਲੁਧਿਆਣਾ ਦੀ ਅਦਾਲਤ ਵਿੱਚ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਅਤੇ 500 ਤਹਿਤ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕੀਤਾ ਸੀ।