ਟੀਮ ਇੰਡੀਆ ਦਾ ਕਮਾਲ: ਨਿਊਜ਼ੀਲੈਂਡ ‘ਤੇ ਵੱਡੀ ਜਿੱਤ ਨਾਲ ਤੀਜੀ ਵਾਰ ਵਿਸ਼ਵ ਚੈਂਪੀਅਨ
- ਖੇਡਾਂ
- (Asia/Kolkata)
ਭਾਰਤੀ ਕ੍ਰਿਕਟ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਿਊਜ਼ੀਲੈਂਡ ਨੂੰ 96 ਦੌੜਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2026 ਦਾ ਖਿਤਾਬ ਆਪਣੇ ਨਾਮ ਕਰ ਲਿਆ ਹੈ। ਇਸ ਜਿੱਤ ਨਾਲ ਟੀਮ ਇੰਡੀਆ ਤੀਜੀ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਬਣ ਗਈ ਹੈ। ਟੀ-20 ਵਿਸ਼ਵ ਕੱਪ 2026 ਦਾ ਫਾਈਨਲ ਮੈਚ ਐਤਵਾਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਗਿਆ। ਮੈਚ ਵਿੱਚ ਨਿਊਜ਼ੀਲੈਂਡ ਦੇ ਕਪਤਾਨ ਮਿਸ਼ੇਲ ਸੈਂਟਨਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ 20 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 255 ਦੌੜਾਂ ਬਣਾਈਆਂ ਅਤੇ ਨਿਊਜ਼ੀਲੈਂਡ ਸਾਹਮਣੇ 256 ਦੌੜਾਂ ਦਾ ਟੀਚਾ ਰੱਖਿਆ। ਵੱਡੇ ਟੀਚੇ ਦਾ ਪਿੱਛਾ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਭਾਰਤੀ ਗੇਂਦਬਾਜ਼ੀ ਸਾਹਮਣੇ ਟਿਕ ਨਾ ਸਕੀ ਅਤੇ 19 ਓਵਰਾਂ ਵਿੱਚ 159 ਦੌੜਾਂ ‘ਤੇ ਹੀ ਆਲਆਉਟ ਹੋ ਗਈ। ਇਸ ਤਰ੍ਹਾਂ ਭਾਰਤ ਨੇ ਮੈਚ 96 ਦੌੜਾਂ ਨਾਲ ਆਪਣੇ ਨਾਮ ਕਰ ਲਿਆ। ਭਾਰਤ ਦੀ ਜਿੱਤ ਵਿੱਚ ਸੰਜੂ ਸੈਮਸਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਨੇ 46 ਗੇਂਦਾਂ ‘ਤੇ 89 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ।

ਇਸ ਪ੍ਰਦਰਸ਼ਨ ਨਾਲ ਸੈਮਸਨ ਟੀ-20 ਵਿਸ਼ਵ ਕੱਪ ਦੇ ਫਾਈਨਲ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਬਣ ਗਏ ਹਨ। ਉਨ੍ਹਾਂ ਨੇ ਵੈਸਟਇੰਡੀਜ਼ ਦੇ ਮਾਰਲੋਨ ਸੈਮੂਅਲਜ਼ ਦਾ 85 ਦੌੜਾਂ ਦਾ ਰਿਕਾਰਡ ਤੋੜ ਦਿੱਤਾ। ਇਸ ਤੋਂ ਇਲਾਵਾ ਭਾਰਤ ਵੱਲੋਂ ਅਭਿਸ਼ੇਕ ਸ਼ਰਮਾ ਨੇ 52 ਅਤੇ ਈਸ਼ਾਨ ਕਿਸ਼ਨ ਨੇ 54 ਦੌੜਾਂ ਦੀ ਅਹਿਮ ਪਾਰੀ ਖੇਡੀ। ਨਿਊਜ਼ੀਲੈਂਡ ਦੀ ਓਰੋਂ ਜਿੰਮੀ ਨੀਸ਼ਮ ਨੇ 3 ਵਿਕਟਾਂ ਹਾਸਲ ਕੀਤੀਆਂ। ਗੌਰਤਲਬ ਹੈ ਕਿ ਭਾਰਤ ਇਸ ਤੋਂ ਪਹਿਲਾਂ 2007 ਅਤੇ 2024 ਵਿੱਚ ਟੀ-20 ਵਿਸ਼ਵ ਕੱਪ ਜਿੱਤ ਚੁੱਕਾ ਹੈ। ਵੈਸਟ ਇੰਡੀਜ਼ ਨੇ 2012 ਅਤੇ 2016 ਵਿੱਚ, ਜਦਕਿ ਇੰਗਲੈਂਡ ਨੇ 2010 ਅਤੇ 2022 ਵਿੱਚ ਦੋ-ਦੋ ਵਾਰ ਖਿਤਾਬ ਆਪਣੇ ਨਾਮ ਕੀਤਾ ਹੈ। ਹੁਣ 2026 ਦਾ ਖਿਤਾਬ ਜਿੱਤਣ ਨਾਲ ਭਾਰਤ ਤਿੰਨ ਵਾਰ ਟੀ-20 ਵਿਸ਼ਵ ਕੱਪ ਜਿੱਤਣ ਵਾਲਾ ਇਕਲੌਤਾ ਦੇਸ਼ ਬਣ ਗਿਆ ਹੈ। ਇਸ ਤੋਂ ਇਲਾਵਾ ਪਾਕਿਸਤਾਨ ਨੇ 2009, ਸ੍ਰੀਲੰਕਾ ਨੇ 2014 ਅਤੇ ਆਸਟ੍ਰੇਲੀਆ ਨੇ 2021 ਵਿੱਚ ਟੀ-20 ਵਿਸ਼ਵ ਕੱਪ ਜਿੱਤਿਆ ਸੀ। ਨਿਊਜ਼ੀਲੈਂਡ ਦੀ ਟੀਮ ਹਾਲੇ ਤੱਕ ਇੱਕ ਵਾਰ ਵੀ ਇਹ ਖਿਤਾਬ ਜਿੱਤਣ ਵਿੱਚ ਸਫਲ ਨਹੀਂ ਹੋ ਸਕੀ ਹੈ।
Leave a Reply