Daily Suraj

ਪੰਜਾਬੀ

ਅਮਿਤ ਸ਼ਾਹ ਦਾ ਪੰਜਾਬ ਦੋਰਾ: ਨਸ਼ਾ-ਵਿਰੋਧੀ ਆਗੂਆਂ ਪਰਵਿੰਦਰ ਝੋਟਾ, ਗੁਲਜ਼ਾਰ ਸਿੰਘ ਤੇ ਬਿਕਰਮਜੀਤ ਸਿੰਘ ਦੇ ਪਰਿਵਾਰਾਂ ਨੂੰ ਮਿਲਣਗੇ ਗ੍ਰਹਿ ਮੰਤਰੀ

19 Oct, 2026 11:19 AM

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਆਪਣੇ ਆਉਣ ਵਾਲੇ ਦੌਰੇ ਦਾ ਐਲਾਨ ਕਰਦਿਆਂ ਕਿਹਾ ਹੈ ਕਿ ਉਹ ਉਨ੍ਹਾਂ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ, ਜਿਨ੍ਹਾਂ ਨੇ ਪੰਜਾਬ ਵਿੱਚ ਵੱਧ ਰਹੇ ਨਸ਼ੇ ਦੇ ਕਾਰੋਬਾਰ ਖ਼ਿਲਾਫ਼ ਆਵਾਜ਼ ਉਠਾਉਣ ਬਦਲੇ ਆਪਣੀਆਂ ਜਾਨਾਂ ਗੁਆਈਆਂ ਹਨ। ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਪਹੁੰਚਣਗੇ। ਇਸ ਦੌਰੇ ਦੌਰਾਨ ਉਹ ਸਰਹੱਦੀ ਸੂਬੇ ਵਿੱਚ ਸਿੰਥੈਟਿਕ ਨਸ਼ਿਆਂ ਦੀ ਖੁੱਲ੍ਹੀ ਵਿਕਰੀ ਵਿਰੁੱਧ ਹਿੱਕ ਡਾਹ ਕੇ ਖੜ੍ਹਨ ਵਾਲੇ ਪਰਵਿੰਦਰ ਸਿੰਘ ਝੋਟਾ, ਗੁਲਜ਼ਾਰ ਸਿੰਘ ਅਤੇ ਬਿਕਰਮਜੀਤ ਸਿੰਘ ਦੇ ਪਰਿਵਾਰਾਂ ਨੂੰ ਮਿਲਣ ਲਈ ਕ੍ਰਮਵਾਰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਦਾ ਦੌਰਾ ਕਰਨਗੇ। ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' (X) 'ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਅਮਿਤ ਸ਼ਾਹ ਨੇ ਲਿਖਿਆ, "ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਿਆਂ ਦੇ ਦਲਦਲ ਵਿੱਚ ਧੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ, ਜਿਸਦੇ ਨਤੀਜੇ ਵਜੋਂ ਅਣਗਿਣਤ ਪਰਿਵਾਰਾਂ ਨੂੰ ਆਪਣੇ ਨੌਜਵਾਨ ਬੱਚੇ ਗੁਆਉਣੇ ਪਏ ਹਨ।" ਉਨ੍ਹਾਂ ਅੱਗੇ ਕਿਹਾ ਕਿ ਉਹ ਮੰਗਲਵਾਰ (20 ਅਕਤੂਬਰ) ਨੂੰ ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਵਿੱਚ ਉਨ੍ਹਾਂ ਪਰਿਵਾਰਾਂ ਨੂੰ ਮਿਲਣਗੇ, ਜਿਨ੍ਹਾਂ ਨੇ ਹਾਲ ਹੀ ਵਿੱਚ 'ਆਪ' ਸਰਕਾਰ ਦੀ ਕਥਿਤ ਸਰਪ੍ਰਸਤੀ ਹੇਠ 'ਚਿੱਟੇ' (ਨਸ਼ੇ) ਦੇ ਤਸਕਰਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਕਾਰਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਦੁੱਖ ਪ੍ਰਗਟ ਕਰਦਿਆਂ ਆਖਿਆ ਕਿ ਇਨ੍ਹਾਂ ਪਰਿਵਾਰਾਂ ਨੇ ਜੋ ਵੱਡਾ ਨੁਕਸਾਨ ਝੱਲਿਆ ਹੈ, ਉਸ ਦੇ ਦਰਦ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਗ੍ਰਹਿ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਸ਼ਿਆਂ ਦੇ ਇਸ ਕਾਲੇ ਕਾਰੋਬਾਰ ਖ਼ਿਲਾਫ਼ ਉੱਠ ਰਹੀਆਂ ਇਨਸਾਫ਼ ਦੀਆਂ ਆਵਾਜ਼ਾਂ ਨੂੰ ਦਬਾਉਣ ਦੀਆਂ ਕੋਸ਼ਿਸ਼ਾਂ ਕਦੇ ਵੀ ਕਾਮਯਾਬ ਨਹੀਂ ਹੋਣਗੀਆਂ ਅਤੇ ਪੰਜਾਬ ਦੇ ਲੋਕ ਇਸ ਦਾ ਮੂੰਹ-ਤੋੜ ਜਵਾਬ ਦੇਣਗੇ। ਅੰਤ ਵਿੱਚ ਅਮਿਤ ਸ਼ਾਹ ਨੇ ਸਪੱਸ਼ਟ ਵਾਅਦਾ ਕਰਦਿਆਂ ਕਿਹਾ, "ਭਾਰਤ ਸਰਕਾਰ ਸਾਰੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟੇਗੀ ਅਤੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਿਆਂ ਦੇ ਇਸ ਕੋਹੜ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਯਕੀਨੀ ਬਣਾਏਗੀ।"

Latest News