ਪਰਾਲੀ ਸਾੜਨ ਵਿਰੁੱਧ ਪੰਜਾਬ ’ਚ ਵਿਆਪਕ ਜਾਗਰੂਕਤਾ ਮੁਹਿੰਮ ਚਲਾਉਣ ਦੇ ਹੁਕਮ: ਭਗਵੰਤ ਮਾਨ
- ਪੰਜਾਬ
- (Asia/Kolkata)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਹੋਰ ਘਟਾਉਣ ਲਈ ਪਿੰਡ ਅਤੇ ਬਲਾਕ ਪੱਧਰ ਤੱਕ ਵਿਆਪਕ ਸੂਚਨਾ ਤੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਲਗਾਤਾਰ ਯਤਨਾਂ ਦੇ ਨਤੀਜੇ ਵਜੋਂ 2023 ਤੋਂ 2025 ਦਰਮਿਆਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 86 ਫ਼ੀਸਦੀ ਕਮੀ ਦਰਜ ਕੀਤੀ ਗਈ ਹੈ। ਪਰਾਲੀ ਪ੍ਰਬੰਧਨ ਦੀ ਰਣਨੀਤੀ ਬਾਰੇ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਹੋਈ ਪ੍ਰਗਤੀ ਨੂੰ ਕਾਇਮ ਰੱਖਣ ਅਤੇ ਵਾਤਾਵਰਨ ਦੀ ਰੱਖਿਆ ਲਈ ਗ਼ੈਰ-ਸਰਕਾਰੀ ਸੰਗਠਨਾਂ (ਐਨਜੀਓਜ਼), ਸਮਾਜ ਸੇਵਕਾਂ, ਪੰਚਾਇਤਾਂ ਅਤੇ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਇਸ ਦੇ ਨਾਲ ਸੋਸ਼ਲ ਮੀਡੀਆ ਦੀ ਵੱਡੇ ਪੱਧਰ ’ਤੇ ਵਰਤੋਂ ਅਤੇ ਖੇਤ ਵਿੱਚ ਤੇ ਖੇਤ ਤੋਂ ਬਾਹਰ ਪਰਾਲੀ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ’ਤੇ ਵੀ ਜ਼ੋਰ ਦਿੱਤਾ ਗਿਆ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਾਲ ਪੰਜਾਬ ਵਿੱਚ ਲਗਪਗ 30 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਕੀਤੀ ਗਈ ਹੈ, ਜਿਸ ਤੋਂ ਕਰੀਬ 18.81 ਮਿਲੀਅਨ ਟਨ ਪਰਾਲੀ ਪੈਦਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ 2023 ਵਿੱਚ 36,663 ਸਨ, ਜੋ 2024 ਵਿੱਚ ਘਟ ਕੇ 10,909 ਰਹਿ ਗਈਆਂ ਅਤੇ 2025 ਵਿੱਚ ਹੋਰ ਘਟਦਿਆਂ 5,114 ਤੱਕ ਪਹੁੰਚ ਗਈਆਂ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਇਨ੍ਹਾਂ ਘਟਨਾਵਾਂ ਵਿੱਚ ਹੋਰ ਕਮੀ ਲਿਆਉਣ ਲਈ ਯਤਨਾਂ ਨੂੰ ਤੇਜ਼ ਕਰਨਾ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ ਲਈ ਪਿੰਡ ਅਤੇ ਬਲਾਕ ਪੱਧਰ ’ਤੇ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੰਧਤ ਧਿਰਾਂ ਨੂੰ ਮਿਲ ਕੇ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਟਿਕਾਊ ਬਦਲ ਅਪਣਾਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਐਨਜੀਓਜ਼ ਅਤੇ ਸਮਾਜ ਸੇਵਕਾਂ ਨੂੰ ਵੀ ਇਸ ਮੁਹਿੰਮ ਨਾਲ ਸਰਗਰਮੀ ਨਾਲ ਜੋੜਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਮਸ਼ੀਨਰੀ ਦੇ ਪ੍ਰਦਰਸ਼ਨ, ਨੁੱਕੜ ਨਾਟਕ, ਸਰਪੰਚਾਂ ਨਾਲ ਮੀਟਿੰਗਾਂ, ਸਹੁੰ ਚੁੱਕ ਸਮਾਗਮ ਅਤੇ ਹੋਰ ਜਾਗਰੂਕਤਾ ਪ੍ਰੋਗਰਾਮ ਵੱਡੇ ਪੱਧਰ ’ਤੇ ਕਰਵਾਏ ਜਾਣ, ਤਾਂ ਜੋ ਪਰਾਲੀ ਨਾ ਸਾੜਨ ਦਾ ਸੁਨੇਹਾ ਸਿੱਧੇ ਕਿਸਾਨਾਂ ਤੱਕ ਪਹੁੰਚ ਸਕੇ। ਉਨ੍ਹਾਂ ਜ਼ਮੀਨੀ ਪੱਧਰ ਦੀਆਂ ਗਤੀਵਿਧੀਆਂ ਦੇ ਨਾਲ ਡਿਜੀਟਲ ਅਤੇ ਮਲਟੀਮੀਡੀਆ ਮੁਹਿੰਮ ਨੂੰ ਵੀ ਮਜ਼ਬੂਤ ਕਰਨ ਦੀ ਲੋੜ ਦੱਸੀ। ਇਸ ਤਹਿਤ ਰੇਡੀਓ ਜਿੰਗਲਜ਼, ਪ੍ਰਿੰਟ ਮੀਡੀਆ, ਟੈਲੀਵਿਜ਼ਨ, ਮੋਬਾਈਲ ਐਸਐਮਐਸ ਅਤੇ ਆਊਟਡੋਰ ਮੀਡੀਆ ਦੀ ਵਰਤੋਂ ਕਰਨ ’ਤੇ ਜ਼ੋਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਅਤੇ ਇਸ ਦੇ ਉਪਲਬਧ ਪ੍ਰਬੰਧਨ ਵਿਕਲਪਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੋਸ਼ਲ ਮੀਡੀਆ ’ਤੇ ਵੀ ਵੱਡੇ ਪੱਧਰ ’ਤੇ ਮੁਹਿੰਮ ਚਲਾਈ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਿਸਾਨਾਂ ਅਤੇ ਪੇਂਡੂ ਸੰਸਥਾਵਾਂ ਨੂੰ ਸਨਮਾਨਿਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਤਰੱਕੀਪਸੰਦ ਕਿਸਾਨਾਂ, ਬਿਹਤਰ ਕਾਰਗੁਜ਼ਾਰੀ ਵਾਲੀਆਂ ਪੰਚਾਇਤਾਂ, ਪੈਕਸ (ਪ੍ਰਾਇਮਰੀ ਐਗਰੀਕਲਚਰਲ ਕ੍ਰੈਡਿਟ ਸੁਸਾਇਟੀਆਂ) ਅਤੇ ਹੋਰ ਹਿੱਸੇਦਾਰਾਂ ਨੂੰ ਉਨ੍ਹਾਂ ਦੇ ਯੋਗਦਾਨ ਲਈ ਸਨਮਾਨਿਤ ਕੀਤਾ ਜਾਣਾ ਚਾਹੀਦਾ ਹੈ। ਇਸ ਨਾਲ ਹੋਰਨਾਂ ਨੂੰ ਵੀ ਵਧੀਆ ਪਰਾਲੀ ਪ੍ਰਬੰਧਨ ਤਰੀਕੇ ਅਪਣਾਉਣ ਲਈ ਉਤਸ਼ਾਹ ਮਿਲੇਗਾ ਅਤੇ ਇਸ ਨੂੰ ਸਮੂਹਿਕ ਅੰਦੋਲਨ ਦਾ ਰੂਪ ਦਿੱਤਾ ਜਾ ਸਕੇਗਾ। ਭਗਵੰਤ ਸਿੰਘ ਮਾਨ ਨੇ ਸਾਰੇ ਸਬੰਧਤ ਹਿੱਸੇਦਾਰਾਂ ਅਤੇ ਜ਼ਿਲ੍ਹਿਆਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ਦੀ ਲੋੜ ਵੀ ਦੱਸੀ। ਉਨ੍ਹਾਂ ਕਿਹਾ ਕਿ ਪੂਰੀ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਹਰ ਵਿਭਾਗ ਅਤੇ ਸਬੰਧਤ ਧਿਰ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਪਰਾਲੀ ਦੇ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਦੋਵੇਂ ਤਰੀਕਿਆਂ ਨਾਲ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਦੇ ਇਨ੍ਹਾਂ ਤਰੀਕਿਆਂ ਨੂੰ ਉਤਸ਼ਾਹਿਤ ਕਰਨ ਨਾਲ ਕਿਸਾਨਾਂ ਨੂੰ ਲਾਭ ਮਿਲਣ ਦੇ ਨਾਲ-ਨਾਲ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਮਦਦ ਮਿਲੇਗੀ। ਉਨ੍ਹਾਂ ਦਾ ਜ਼ੋਰ ਇਸ ਗੱਲ ’ਤੇ ਸੀ ਕਿ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਵਿਹਾਰਕ ਅਤੇ ਟਿਕਾਊ ਬਦਲ ਮੁਹੱਈਆ ਕਰਵਾਏ ਜਾਣ। ਮੀਟਿੰਗ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਕੱਤਰ ਸਾਇੰਸ ਅਤੇ ਤਕਨਾਲੋਜੀ ਵਿਭਾਗ ਕੇ.ਕੇ. ਯਾਦਵ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੱਤਰ ਖੇਤੀਬਾੜੀ ਵਿਭਾਗ ਅਰਸ਼ਦੀਪ ਸਿੰਘ ਥਿੰਦ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
Leave a Reply