ਪੰਜਾਬ 'ਚ ਗਰਮੀ ਤੋਂ ਮਿਲੇਗੀ ਰਾਹਤ: 30-40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਬਦਲਣ ਜਾ ਰਿਹਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਪੂਰਵ-ਅਨੁਮਾਨ ਅਨੁਸਾਰ 6 ਅਕਤੂਬਰ ਤੋਂ 9 ਅਕਤੂਬਰ ਦਰਮਿਆਨ ਸੂਬੇ ਦੇ ਕਈ ਇਲਾਕਿਆਂ ਵਿੱਚ ਗਰਜ-ਚਮਕ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਦੌਰਾਨ ਤੂਫ਼ਾਨ ਆਉਣ ਅਤੇ ਬਿਜਲੀ ਡਿੱਗਣ ਦੀਆਂ ਚੇਤਾਵਨੀਆਂ ਵੀ ਜਾਰੀ ਕੀਤੀਆਂ ਹਨ। ਇਸ ਸਮੇਂ ਦੌਰਾਨ ਖੇਤਰ ਵਿੱਚ ਹਵਾ ਦੀ ਰਫ਼ਤਾਰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਹਾਲਾਂਕਿ, ਅੱਜ ਯਾਨੀ 5 ਅਕਤੂਬਰ ਨੂੰ ਦਿਨ ਭਰ ਮੌਸਮ ਮੁੱਖ ਤੌਰ 'ਤੇ ਖੁਸ਼ਕ ਹੀ ਰਹੇਗਾ। ਦਰਜ ਕੀਤੇ ਗਏ ਤਾਪਮਾਨ ਦੇ ਅੰਕੜਿਆਂ ਅਨੁਸਾਰ, ਐਤਵਾਰ ਦੇ ਮੁਕਾਬਲੇ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 0.2 ਡਿਗਰੀ ਸੈਲਸੀਅਸ ਦਾ ਮਾਮੂਲੀ ਵਾਧਾ ਦਰਜ ਕੀਤਾ ਗਿਆ ਹੈ, ਜਿਸ ਨਾਲ ਪਾਰਾ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਲੰਘੀ 4 ਅਕਤੂਬਰ ਨੂੰ ਪੰਜਾਬ ਭਰ ਵਿੱਚੋਂ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 37.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਸੀ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਉੱਤਰ-ਪੱਛਮੀ ਹਵਾਵਾਂ ਦੇ ਪ੍ਰਭਾਵ ਅਤੇ ਨਵੀਂ ਮੌਸਮੀ ਪ੍ਰਣਾਲੀ ਦੇ ਬਣਨ ਕਾਰਨ ਇਹ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਭਾਵੇਂ ਪੂਰੇ ਪੰਜਾਬ ਵਿੱਚ ਵਿਆਪਕ ਭਾਰੀ ਮੀਂਹ ਦੀ ਉਮੀਦ ਨਹੀਂ ਹੈ, ਪਰ ਕੁਝ ਹਿੱਸਿਆਂ ਵਿੱਚ ਹੋਣ ਵਾਲੀ ਬੂੰਦਾ-ਬਾਂਦੀ ਅਤੇ ਗਰਜ-ਚਮਕ ਨਾਲ ਲੋਕਾਂ ਨੂੰ ਦਿਨ ਵੇਲੇ ਦੀ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੇਗੀ।