ਨੀਤੀ ਆਯੋਗ ਰਿਪੋਰਟ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਮੌਕੇ ਰਾਜ ਭਰ ਵਿੱਚ ਮੈਗਾ ਪੇਰੈਂਟ-ਟੀਚਰ ਮੀਟਿੰਗਾਂ
- ਪੰਜਾਬ
- (Asia/Kolkata)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪ੍ਰਾਪਤ ਕੀਤੀ ਵੱਡੀ ਉਪਲਬਧੀ ਦੇ ਮੱਦੇਨਜ਼ਰ ਰਾਜ ਦੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਦਾ ਆਯੋਜਨ ਕੀਤਾ। ਇਸ ਦੌਰਾਨ ਸੂਬੇ ਭਰ ਵਿੱਚ ਭਾਗੀਦਾਰੀ ਵਾਲੇ ਸਿੱਖਿਆ ਮਾਹੌਲ ਦੀ ਝਲਕ ਵੇਖਣ ਨੂੰ ਮਿਲੀ। ‘ਸਿੱਖਿਆ ਦਾ ਮਹਾਂ ਜਸ਼ਨ’ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਸਮਾਗਮ ਨੀਤੀ ਆਯੋਗ ਦੀ ਸਕੂਲ ਸਿੱਖਿਆ ਗੁਣਵੱਤਾ ਰਿਪੋਰਟ 2026 ਵਿੱਚ ਪੰਜਾਬ ਵੱਲੋਂ ਪਹਿਲਾ ਸਥਾਨ ਹਾਸਲ ਕਰਨ ਦੀ ਖੁਸ਼ੀ ਵਿੱਚ ਕਰਵਾਏ ਗਏ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਵਿੱਚ ਪੰਜਾਬ ਨੇ ਬੁਨਿਆਦੀ ਸਿੱਖਿਆ ਦੇ ਕਈ ਮਹੱਤਵਪੂਰਨ ਮਾਪਦੰਡਾਂ 'ਤੇ ਕੇਰਲ ਨੂੰ ਵੀ ਪਿੱਛੇ ਛੱਡਿਆ ਹੈ, ਜਿਸ ਨੂੰ ਲੰਬੇ ਸਮੇਂ ਤੋਂ ਦੇਸ਼ ਵਿੱਚ ਸਕੂਲੀ ਸਿੱਖਿਆ ਦਾ ਮਾਪਦੰਡ ਮੰਨਿਆ ਜਾਂਦਾ ਰਿਹਾ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਮੌਕੇ ਅਧਿਆਪਕਾਂ ਅਤੇ ਗੈਰ-ਅਧਿਆਪਨ ਸਟਾਫ਼ ਨੂੰ ਉਨ੍ਹਾਂ ਦੀਆਂ ਸੇਵਾਵਾਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ, ਇੰਗਲਿਸ਼ ਐਜ ਪ੍ਰੋਗਰਾਮ ਦੇ ਅਚੀਵਰਜ਼ ਅਤੇ ਜੇਈਈ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਤੌਰ 'ਤੇ ਮਾਨਤਾ ਦਿੱਤੀ ਗਈ ਅਤੇ ਸਰਟੀਫਿਕੇਟ ਵੰਡੇ ਗਏ। ਉਨ੍ਹਾਂ ਕਿਹਾ ਕਿ ਸਿੱਖਿਆ ਦੀ ਇਸ ਸਫਲਤਾ ਵਿੱਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਰਹੀ ਹੈ। ਇਸੇ ਨੂੰ ਧਿਆਨ ਵਿੱਚ ਰੱਖਦਿਆਂ ਕਰਵਾਈ ਗਈ ਮੈਗਾ ਪੀਟੀਐਮ ਅਤੇ ਮਾਪੇ ਵਰਕਸ਼ਾਪਾਂ ਵਿੱਚ 20 ਲੱਖ ਤੋਂ ਵੱਧ ਮਾਪਿਆਂ ਨੇ ਭਾਗ ਲਿਆ। ਸਮਾਗਮ ਦੌਰਾਨ ਗਰਮੀਆਂ ਦੀਆਂ ਛੁੱਟੀਆਂ ਵਿੱਚ ਬੱਚਿਆਂ ਦੀ ਪੜ੍ਹਾਈ ਦੀ ਨਿਰੰਤਰਤਾ ਬਣਾਈ ਰੱਖਣ, ਹੋਮਵਰਕ ਪ੍ਰਬੰਧਨ ਅਤੇ ਸਕਾਰਾਤਮਕ ਰੋਜ਼ਾਨਾ ਰੁਟੀਨ ਸਬੰਧੀ ਵੀ ਚਰਚਾ ਕੀਤੀ ਗਈ। ਇਸ ਵਿਸ਼ਾਲ ਪੱਧਰ ਦੇ ਪ੍ਰੋਗਰਾਮ ਨੂੰ ਸਫਲਤਾਪੂਰਵਕ ਲਾਗੂ ਕਰਨ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਲਾਈਵ ਯੂਟਿਊਬ ਸੈਸ਼ਨਾਂ ਰਾਹੀਂ ਸਿਖਲਾਈ ਦਿੱਤੀ ਗਈ। ਇਸ ਤੋਂ ਇਲਾਵਾ ਸਿਖਲਾਈ ਪ੍ਰਾਪਤ ਸਹਿਯੋਗੀ ਸਟਾਫ਼ ਅਤੇ ਸਰਗਰਮ ਸਕੂਲ ਪ੍ਰਬੰਧਨ ਕਮੇਟੀਆਂ ਨੇ ਮਾਪਿਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਅਤੇ ਸਮਾਗਮਾਂ ਦੇ ਸੁਚਾਰੂ ਆਯੋਜਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਹਰਜੋਤ ਸਿੰਘ ਬੈਂਸ ਨੇ ਇਸ ਉਪਲਬਧੀ ਨੂੰ ‘ਪੰਜਾਬ ਸਿੱਖਿਆ ਕ੍ਰਾਂਤੀ’ ਦਾ ਮਹੱਤਵਪੂਰਨ ਮੀਲ ਪੱਥਰ ਕਰਾਰ ਦਿੰਦਿਆਂ ਕਿਹਾ ਕਿ ਇਹ ਸਫਲਤਾ ਕੇਵਲ ਸਰਕਾਰ ਦੀ ਨਹੀਂ, ਸਗੋਂ ਹਰ ਉਸ ਮਾਪੇ, ਵਿਦਿਆਰਥੀ ਅਤੇ ਅਧਿਆਪਕ ਦੀ ਹੈ ਜਿਸ ਨੇ ਸਰਕਾਰੀ ਸਕੂਲਾਂ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਨੂੰ ਆਖਰੀ ਵਿਕਲਪ ਤੋਂ ਪਹਿਲੀ ਪਸੰਦ ਬਣਾਉਣ ਦਾ ਟੀਚਾ ਹਕੀਕਤ ਵਿੱਚ ਬਦਲਿਆ ਹੈ ਅਤੇ ਪੰਜਾਬ ਨੇ ਇਹ ਸਾਬਤ ਕੀਤਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਵੀ ਉੱਚ ਗੁਣਵੱਤਾ ਵਾਲੀ ਸਿੱਖਿਆ ਸੰਭਵ ਹੈ।
Leave a Reply