Daily Suraj

ਪੰਜਾਬੀ

ਅਣਪਛਾਤੇ ਬੰਦੂਕਧਾਰੀਆਂ ਨੇ ਮੁਜ਼ੱਫਰਾਬਾਦ ਵਿੱਚ ਮਾਰਿਆ ਪੁਲਵਾਮਾ ਹਮਲੇ ਨਾਲ ਜੁੜਿਆ ਅਤਿਵਾਦੀ

21 May, 2026 06:54 PM

ਵੀਰਵਾਰ ਨੂੰ ਸਾਹਮਣੇ ਆਈਆਂ ਮੀਡੀਆ ਰਿਪੋਰਟਾਂ ਅਨੁਸਾਰ, ਸਾਲ 2019 ਦੇ Pulwama attack ਦੇ ਕਥਿਤ ਮਾਸਟਰਮਾਈਂਡਾਂ ਵਿੱਚੋਂ ਇੱਕ Hamza Burhan ਨੂੰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (PoK) ਵਿੱਚ ਅਣਪਛਾਤੇ ਬੰਦੂਕਧਾਰੀਆਂ ਵੱਲੋਂ ਗੋਲੀ ਮਾਰ ਦਿੱਤੀ ਗਈ ਹੈ। ਹਮਜ਼ਾ ਬੁਰਹਾਨ, ਜਿਸ ਨੂੰ ਅਰਜੁਮੰਦ ਗੁਲਜ਼ਾਰ ਡਾਰ ਦੇ ਨਾਮ ਨਾਲ ਵੀ ਜਾਣਿਆ ਜਾਂਦਾ ਸੀ, ਕਥਿਤ ਤੌਰ ’ਤੇ ਅਲ-ਬਦਰ ਅਤਿਵਾਦੀ ਸੰਗਠਨ ਦਾ ਕਮਾਂਡਰ ਸੀ। ਉਹ ਮੁੱਢਲਾ ਤੌਰ ’ਤੇ ਜੰਮੂ-ਕਸ਼ਮੀਰ ਦੇ ਪੁਲਵਾਮਾ ਇਲਾਕੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਮੁਜ਼ੱਫਰਾਬਾਦ ਵਿੱਚ ਰਹੱਸਮਈ ਹਾਲਾਤਾਂ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ। ਹਾਲਾਂਕਿ, ਹਮਲੇ ਦੇ ਪਿੱਛੇ ਕੌਣ ਸੀ, ਇਸ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ। ਜ਼ਿਕਰਯੋਗ ਹੈ ਕਿ ਫ਼ਰਵਰੀ 2019 ਵਿੱਚ ਹੋਏ ਪੁਲਵਾਮਾ ਅਤਿਵਾਦੀ ਹਮਲੇ ਵਿੱਚ ਸੀਆਰਪੀਐੱਫ ਦੇ 40 ਜਵਾਨ ਸ਼ਹੀਦ ਹੋ ਗਏ ਸਨ। ਇਹ ਹਮਲਾ ਉਸ ਵੇਲੇ ਹੋਇਆ ਸੀ ਜਦੋਂ ਇਕ ਆਤਮਘਾਤੀ ਹਮਲਾਵਰ ਨੇ ਵਿਸਫੋਟਕਾਂ ਨਾਲ ਭਰੀ ਗੱਡੀ ਨੂੰ ਸੁਰੱਖਿਆ ਬਲਾਂ ਦੇ ਕਾਫਲੇ ਨਾਲ ਟਕਰਾ ਦਿੱਤਾ ਸੀ। ਇਸ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਕਾਫ਼ੀ ਵੱਧ ਗਿਆ ਸੀ। ਕਈ ਮੀਡੀਆ ਅਦਾਰਿਆਂ ਨੇ ਹਮਜ਼ਾ ਬੁਰਹਾਨ ਦੀ ਹੱਤਿਆ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਕੀਤੀਆਂ ਹਨ, ਪਰ ਭਾਰਤੀ ਸੁਰੱਖਿਆ ਏਜੰਸੀਆਂ ਜਾਂ ਪਾਕਿਸਤਾਨੀ ਅਧਿਕਾਰੀਆਂ ਵੱਲੋਂ ਅਜੇ ਤੱਕ ਇਸ ਮਾਮਲੇ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਇਹ ਘਟਨਾ ਅਜਿਹੇ ਸਮੇਂ ਵਿੱਚ ਸਾਹਮਣੇ ਆਈ ਹੈ ਜਦੋਂ ਪਿਛਲੇ ਕੁਝ ਸਾਲਾਂ ਦੌਰਾਨ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਰਹਿ ਰਹੇ ਕਈ ਲੋੜੀਂਦੇ ਅਤਿਵਾਦੀਆਂ ਅਤੇ ਕਮਾਂਡਰਾਂ ਨੂੰ ਨਿਸ਼ਾਨਾ ਬਣਾਕੇ ਹਮਲੇ ਕੀਤੇ ਗਏ ਹਨ।

Posted By: Daily Suraj Bureau

Latest News