ਜ਼ਿਲ੍ਹੇ ਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲਬੱਧ-ਡਿਪਟੀ ਕਮਿਸ਼ਨਰ
- ਸ੍ਰੀ ਅੰਮ੍ਰਿਤਸਰ ਸਾਹਿਬ
- (Asia/Kolkata)
( ਰਸ਼ਪਾਲ ਸਿੰਘ ਪੰਨੂੰ) ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੇਲੂ ਗੈਸ ਸਿਲੰਡਰਾਂ ਅਤੇ ਪੈਟਰੋਲ/ਡੀਜ਼ਲ ਦੀ ਸਪਲਾਈ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਆਉਂਦੀਆਂ ਸਾਰੀਆਂ ਗੈਸ ਏਜੰਸੀਆਂ ਕੋਲ ਘਰੇਲੂ ਗੈਸ ਸਿਲੰਡਰਾਂ ਦਾ ਲੋੜੀਂਦਾ ਸਟਾਕ ਉਪਲਬੱਧ ਹੈ ਅਤੇ ਸਪਲਾਈ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦਿਆਂ ਗੈਸ ਦੀ ਬੁਕਿੰਗ ਲਈ ਸਮਾਂ-ਸੀਮਾ ਨਿਰਧਾਰਤ ਕੀਤੀ ਗਈ ਹੈ, ਜਿਸ ਅਨੁਸਾਰ ਪੇਂਡੂ ਖੇਤਰਾਂ ਵਿਚ 45 ਦਿਨਾਂ ਬਾਅਦ ਅਤੇ ਸ਼ਹਿਰੀ ਖੇਤਰਾਂ ਵਿਚ 25 ਦਿਨਾਂ ਬਾਅਦ ਹੀ ਗੈਸ ਸਿਲੰਡਰ ਬੁੱਕ ਕਰਵਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਹਰ ਘਰ ਤੱਕ ਸਮੇਂ ਸਿਰ ਗੈਸ ਪਹੁੰਚ ਸਕੇ ਅਤੇ ਕਿਸੇ ਨੂੰ ਵੀ ਕਮੀ ਦਾ ਸਾਹਮਣਾ ਨਾ ਕਰਨਾ ਪਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਅਫ਼ਵਾਹਾਂ ਜਾਂ ਗ਼ਲਤ ਜਾਣਕਾਰੀ ਕਾਰਨ ਲੋਕ ਵੱਧ ਗੈਸ ਸਿਲੰਡਰ ਬੁੱਕ ਕਰਵਾ ਲੈਂਦੇ ਹਨ, ਜਿਸ ਨਾਲ ਹੋਰ ਲੋਕਾਂ ਨੂੰ ਮੁਸ਼ਕਿਲ ਆ ਸਕਦੀ ਹੈ। ਇਸ ਲਈ ਉਨ੍ਹਾਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਿਰਫ਼ ਆਪਣੀ ਲੋੜ ਅਨੁਸਾਰ ਹੀ ਗੈਸ ਬੁਕਿੰਗ ਕਰਵਾਉਣ ਅਤੇ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ‘ਤੇ ਪੈਟਰੋਲ ਅਤੇ ਡੀਜ਼ਲ ਦੀ ਵੀ ਕੋਈ ਘਾਟ ਨਹੀਂ ਹੈ ਅਤੇ ਪੂਰਾ ਸਟਾਕ ਉਪਲਬੱਧ ਹੈ। ਇਸ ਲਈ ਲੋਕ ਕਿਸੇ ਘਬਰਾਹਟ ਵਿਚ ਆ ਕੇ ਵੱਧ ਮਾਤਰਾ ਵਿਚ ਪੈਟਰੋਲ ਜਾਂ ਡੀਜ਼ਲ ਖ਼ਰੀਦ ਕੇ ਸਟਾਕ ਨਾ ਕਰਨ। ਸ੍ਰੀ ਰਾਹੁਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਜ਼ਰੂਰੀ ਕਦਮ ਚੁੱਕਿਆ ਜਾ ਰਿਹਾ ਹੈ, ਤਾਂ ਜੋ ਨਾਗਰਿਕਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ।
Leave a Reply