ਟੈਕਸ ਚੋਰੀ ‘ਤੇ ਨਕੇਲ ਲਈ 25 ਨਵੇਂ ਵਾਹਨ ਰਵਾਨਾ, ਵਿੱਤ ਮੰਤਰੀ ਹਰਪਾਲ ਚੀਮਾ ਦਾ ਐਲਾਨ
- ਪੰਜਾਬ
- (Asia/Kolkata)
ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਅਤੇ ਕਰ ਵਿਭਾਗ ਦੀ ਇਨਫੋਰਸਮੈਂਟ ਸਮਰੱਥਾ ਨੂੰ ਮਜ਼ਬੂਤ ਕਰਨ ਲਈ 25 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਕਦਮ ਨੂੰ ਵਿਭਾਗ ਦੀ ਕਾਰਗੁਜ਼ਾਰੀ ਅਤੇ ਫੀਲਡ ਪੱਧਰ ‘ਤੇ ਮੌਜੂਦਗੀ ਵਧਾਉਣ ਵੱਲ ਇੱਕ ਮਹੱਤਵਪੂਰਨ ਪਹਲ ਕਰਾਰ ਦਿੱਤਾ ਗਿਆ ਹੈ। ਪ੍ਰੈਸ ਨਾਲ ਗੱਲਬਾਤ ਕਰਦਿਆਂ ਮੰਤਰੀ ਨੇ ਕਿਹਾ ਕਿ ਇਹ ਨਵਾਂ ਫਲੀਟ ਟੈਕਸ ਚੋਰੀ ਨੂੰ ਰੋਕਣ ਅਤੇ ਸਰਕਾਰ ਦੀ ਮਾਲੀਆ ਇਕੱਤਰ ਕਰਨ ਦੀ ਸਮਰੱਥਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਲਗਭਗ 2.21 ਕਰੋੜ ਰੁਪਏ ਦੀ ਲਾਗਤ ਨਾਲ ਖਰੀਦੇ ਗਏ ਇਹ ਵਾਹਨ ਵੱਖ-ਵੱਖ ਜ਼ਿਲ੍ਹਿਆਂ, ਇਨਫੋਰਸਮੈਂਟ ਵਿੰਗਾਂ ਅਤੇ ਮੋਬਾਈਲ ਯੂਨਿਟਾਂ ਵਿੱਚ ਤਾਇਨਾਤ ਕੀਤੇ ਜਾਣਗੇ। ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਵੱਡੇ ਭੂਗੋਲਿਕ ਖੇਤਰ ਵਿੱਚ ਪ੍ਰਭਾਵਸ਼ਾਲੀ ਨਿਗਰਾਨੀ ਲਈ ਮਜ਼ਬੂਤ ਮੋਬਿਲਿਟੀ ਬਹੁਤ ਜ਼ਰੂਰੀ ਹੈ। ਇਹ ਵਾਹਨ ਫੀਲਡ ਵਿੱਚ ਤੁਰੰਤ ਕਾਰਵਾਈ, ਨਿਰੀਖਣ ਅਤੇ ਜਾਂਚ ਨੂੰ ਯਕੀਨੀ ਬਣਾਉਣ ਵਿੱਚ ਸਹਾਇਕ ਹੋਣਗੇ, ਜਿਸ ਨਾਲ ਟੈਕਸ ਕਾਨੂੰਨਾਂ ਦੀ ਪਾਲਣਾ ਹੋਰ ਮਜ਼ਬੂਤ ਹੋਵੇਗੀ। ਵਿੱਤੀ ਪ੍ਰਦਰਸ਼ਨ ਬਾਰੇ ਜਾਣਕਾਰੀ ਦਿੰਦਿਆਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਨੇ ਟੈਕਸ ਮਾਲੀਏ ਵਿੱਚ ਮਹੱਤਵਪੂਰਨ ਵਾਧਾ ਦਰਜ ਕੀਤਾ ਹੈ। ਕੁੱਲ ਜੀ.ਐਸ.ਟੀ. ਕੁਲੈਕਸ਼ਨ 11.87 ਫੀਸਦੀ ਵੱਧ ਕੇ 24,799.18 ਕਰੋੜ ਰੁਪਏ ਤੋਂ 27,744.05 ਕਰੋੜ ਰੁਪਏ ਹੋ ਗਈ ਹੈ, ਜਦਕਿ ਸ਼ੁੱਧ ਜੀ.ਐਸ.ਟੀ. 12.52 ਫੀਸਦੀ ਵੱਧ ਕੇ 23,642.08 ਕਰੋੜ ਰੁਪਏ ਤੋਂ 26,601.12 ਕਰੋੜ ਰੁਪਏ ਤੱਕ ਪਹੁੰਚ ਗਈ ਹੈ। ਇਸੇ ਤਰ੍ਹਾਂ, ਆਬਕਾਰੀ ਮਾਲੀਆ ਵਿੱਚ 9.15 ਫੀਸਦੀ ਦਾ ਵਾਧਾ ਹੋਇਆ ਹੈ, ਜੋ 10,752.80 ਕਰੋੜ ਰੁਪਏ ਤੋਂ ਵੱਧ ਕੇ 11,736.57 ਕਰੋੜ ਰੁਪਏ ਹੋ ਗਿਆ ਹੈ। ਇਨਫੋਰਸਮੈਂਟ ਕਾਰਵਾਈਆਂ ਵਿੱਚ ਆਏ ਸੁਧਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟਾਂ ਵੱਲੋਂ ਲਗਾਏ ਗਏ ਜੁਰਮਾਨਿਆਂ ਵਿੱਚ ਵੱਡਾ ਵਾਧਾ ਹੋਇਆ ਹੈ। ਵਿੱਤੀ ਸਾਲ 2024-25 ਵਿੱਚ ਇਹ ਜੁਰਮਾਨਾ 321.04 ਕਰੋੜ ਰੁਪਏ ਸੀ, ਜੋ 2025-26 ਵਿੱਚ ਵੱਧ ਕੇ 1,384.09 ਕਰੋੜ ਰੁਪਏ ਹੋ ਗਿਆ। ਇਹ ਵਾਧਾ ਚਾਰ ਗੁਣਾ ਤੋਂ ਵੀ ਜ਼ਿਆਦਾ ਹੈ ਅਤੇ ਵਸੂਲੀ ਵਿੱਚ ਲਗਭਗ ਛੇ ਗੁਣਾ ਵਾਧਾ ਦਰਸਾਉਂਦਾ ਹੈ। ਮੰਤਰੀ ਨੇ ਕਿਹਾ ਕਿ ਨਵਾਂ ਫਲੀਟ ਵਿਭਾਗ ਦੀ ਫੀਲਡ ਮੌਜੂਦਗੀ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਅੰਤਰ-ਰਾਜੀ ਮਾਲ ਦੀ ਆਵਾਜਾਈ ‘ਤੇ ਨਿਗਰਾਨੀ ਨੂੰ ਵੀ ਬਿਹਤਰ ਬਣਾਏਗਾ। ਇਸ ਨਾਲ ਟੈਕਸ ਚੋਰੀ ‘ਤੇ ਨਕੇਲ ਕਸੀ ਜਾ ਸਕੇਗੀ ਅਤੇ ਸਰਕਾਰ ਦੇ ਮਾਲੀਏ ਵਿੱਚ ਹੋਰ ਵਾਧਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪਹਲ ਰੀਅਲ-ਟਾਈਮ ਨਿਗਰਾਨੀ ਅਤੇ ਤੁਰੰਤ ਕਾਰਵਾਈ ਦੀ ਸਮਰੱਥਾ ਨੂੰ ਵਧਾਏਗੀ। ਵਿਭਾਗ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਪਹਿਲਾਂ ਰਾਹੀਂ ਟੈਕਸ ਪ੍ਰਣਾਲੀ ਨੂੰ ਹੋਰ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਬਣਾਉਣ ਵੱਲ ਵਧ ਰਿਹਾ ਹੈ।
Leave a Reply